‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਟੈਸਟ ਕੈਂਪ ਲਗਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਦੋ ਦਿਨ ਚੱਲਣ ਵਾਲੇ ਇਸ ਕੈਂਪ ਵਿੱਚ ਪਹਿਲੇ ਦਿਨ ਅੱਜ 120 ਦੇ ਕਰੀਬ ਸ਼ਰਧਾਲੂਆਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ। ਸਿਹਤ ਵਿਭਾਗ ਵੱਲੋਂ ਭੇਜੀ ਟੀਮ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਕੋਰੋਨਾ ਜਾਂਚ ਲਈ ਸੈਂਪਲ ਲਏ।
ਦਰਅਸਲ, ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਦੀ ਰਿਪੋਰਟ ਲਾਜ਼ਮੀ ਕੀਤੀ ਹੋਈ ਹੈ, ਜਿਸਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਯਾਤਰੀਆਂ ਦੀ ਸਹੂਲਤ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਰੋਨਾ ਟੈਸਟ ਕੈਂਪ ਦਾ ਪ੍ਰਬੰਧ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਸਬੰਧੀ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ 17 ਨਵੰਬਰ ਨੂੰ ਜਥਾ ਸਿੱਖ ਰਵਾਇਤਾਂ ਅਨੁਸਾਰ ਪਾਕਿਸਤਾਨ ਨੂੰ ਰਵਾਨਾ ਹੋਵੇਗਾ।