‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਕੋਰੋਨਾ ਦੇ ਮਾਮਲੇ ਇੱਕ ਫਿਰ ਵੱਧ ਰਹੇ ਹਨ ਅਤੇ ਜ਼ਿਲ੍ਹਾ ਨਵਾਂ ਸ਼ਹਿਰ ਕੋਰਨਾ ਵਾਇਰਸ ਦਾ ਇੱਕ ਵਾਰ ਫਿਰ ਇਸ ਬਿਮਾਰੀ ਦਾ ਗੜ੍ਹ ਬਣ ਰਿਹਾ ਹੈ। ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਇਸ ਤੋਂ ਇਲਾਵਾਂ 10ਵੀਂ ਤੇ 12ਵੀਂ ਦੀਆਂ ਜਮਾਤਾਂ ਨੂੰ ਛੱਡ ਕੇ ਬਾਕੀ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਘਰ ਰਹਿਣ ਦੀਆਂ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕੋਰੋਨਾ ਦਾ ਪਹਿਲਾ ਕੇਸ 9 ਮਾਰਚ, 2020 ਨੂੰ ਸਾਹਮਣੇ ਆਇਆ ਸੀ। ਏਅਰ ਇੰਡੀਆ ਫਲਾਈਟ ਰਾਹੀਂ ਹੁਸ਼ਿਆਰਪੁਰ ਦਾ ਰਹਿਣ ਵਾਲਾ ਇੱਕ ਵਿਅਕਤੀ ਇਟਲੀ ਤੋਂ ਵਾਪਸ ਪਰਤਿਆ ਸੀ। ਇਹ ਵਿਅਕਤੀ ਆਪਣੇ ਪਰਿਵਾਰ ਦੇ ਦੋ ਹੋਰ ਮੈਂਬਰਾਂ ਨਾਲ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ‘ਤੇ ਆਏ ਸੀ।
ਉੱਧਰ, ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਦੇ ਪੰਜਾਬ ਸਮੇਤ ਦੇਸ਼ ਦੇ ਪੰਜ ਸੂਬਿਆਂ ਵਿੱਚ ਕੋਰੋਨਾਵਾਇਰਸ ਦੇ ਕੇਸਾਂ ਵਿੱਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਹੈ ਅਤੇ ਜੇ ਸਮਾਂ ਰਹਿੰਦੇ ਲੋੜੀਂਦੇ ਕਦਮ ਨਾ ਚੁੱਕੇ ਗਏ ਤਾਂ ਸਥਿਤੀ ਹੋਰ ਖ਼ਤਰਨਾਕ ਹੋ ਸਕਦੀ ਹੈ। ਪੰਜਾਬ ਸਮੇਤ ਮਹਾਰਾਸ਼ਟਰ, ਕੇਰਲਾ, ਮੱਧ ਪ੍ਰਦੇਸ਼, ਛੱਤੀਸਗੜ੍ਹ ਵਿੱਚ ਕੋਰੋਨਾ ਦੇ ਕੇਸਾਂ ‘ਚ ਰਿਕਾਰਡ ਤੋੜ ਵਾਧਾ ਦੇਖਿਆ ਗਿਆ ਸੀ ਅਤੇ ਕੇਂਦਰੀ ਸਿਹਤ ਮੰਤਰਾਲੇ ਨੇ ਇਸ ਬਾਰੇ ਕਦਮ ਚੁੱਕਣ ਲਈ ਕਿਹਾ ਸੀ।
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਿਹਤ ਮਹਿਕਮੇ ਦੇ ਕਰਮਚਾਰੀਆਂ ਨੂੰ ਟੀਕਾ ਲਗਾਉਣ ਦੇ ਕਈ ਮੌਕੇ ਦਿੱਤੇ ਗਏ ਪਰ ਇਸ ਦੇ ਬਾਵਜੂਦ ਸਿਹਤ ਕਾਮੇ ਇਸ ਲਈ ਅੱਗੇ ਨਹੀਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਾਮਾ ਹੁਣ ਵਾਇਰਸ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਸਾਰੇ ਇਲਾਜ ਦਾ ਖ਼ਰਚ ਉਨ੍ਹਾਂ ਨੂੰ ਖ਼ੁਦ ਚੁੱਕਣਾ ਹੋਵੇਗਾ ਅਤੇ ਉਨ੍ਹਾਂ ਨੂੰ ਇਕਾਂਤਵਾਸ ਦੌਰਾਨ ਛੁੱਟੀ ਵੀ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਕਿਆਸੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਸਿਹਤ ਸੰਭਾਲ ਕਾਮਿਆਂ ਦਾ ਟੀਕਾਕਰਨ ਹੋਣਾ ਲਾਜ਼ਮੀ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਉਨ੍ਹਾਂ ਛੇ ਸੂਬਿਆਂ ਵਿੱਚੋਂ ਹੈ, ਜਿੱਥੇ ਕੋਰੋਨਾਵਾਇਰਸ ਦੇ ਮਾਮਲੇ ਮੁੜ ਤੋਂ ਵਧ ਰਹੇ ਹਨ। ਅਜਿਹੀ ਸਥਿਤੀ ਵਿੱਚ ਜ਼ਰੂਰੀ ਹੈ ਕਿ ਸਿਹਤ ਵਰਕਰ ਟੀਕਾ ਲਗਵਾ ਕੇ ਆਪਣੀ ਰੋਗਾਂ ਨਾਲ ਲੜਨ ਦੀ ਸ਼ਕਤੀ ਵਿੱਚ ਵਾਧਾ ਕਰਨ ਅਤੇ ਅਸੀਂ ਦੂਜੀ ਲਹਿਰ ਨਾਲ ਲੜਨ ਲਈ ਤਿਆਰ ਰਹਿ ਸਕੀਏ।
ਜਲੰਧਰ ਜ਼ਿਲ੍ਹੇ ਦੇ ਇੱਕ ਡੀਐੱਸਪੀ ਵਰਿੰਦਰਪਾਲ ਸਿੰਘ ਦੀ ਕੋਰੋਨਾ ਮਹਾਂਮਾਰੀ ਕਾਰਨ ਮੌਤ ਹੋਈ ਹੈ। ਉਨ੍ਹਾਂ ਦਾ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ ਸੀ। ਜ਼ਿਕਰਯੋਗ ਹੈ ਕਿ 12 ਮਾਰਚ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਕੋਰੋਨਾ ਬਿਮਾਰੀ ਦੇ ਸ਼ਿਕਾਰ ਪਾਏ ਗਏ ਹਨ। ਬਜਟ ਇਜਲਾਸ ਤੋਂ ਪਹਿਲਾਂ ਵੀ ਉਨ੍ਹਾਂ ਦਾ ਟੈਸਟ ਹੋਇਆ ਸੀ, ਜਿਸਦੀ ਜਾਂਚ ਰਿਪੋਰਟ ਨੈਗੇਟਿਵ ਆਈ ਸੀ। ਇਹ ਸਾਰੀ ਜਾਣਕਾਰੀ ਵਿੱਤ ਮੰਤਰੀ ਨੇ ਸੋਸ਼ਲ ਮੀਡਿਆ ‘ਤੇ ਸਾਂਝੀ ਕੀਤੀ ਸੀ। ਮਨਪ੍ਰੀਤ ਬਾਦਲ ਨੇ ਆਪਣੇ ਸੰਪਰਕ ਵਿੱਚ ਆਏ ਸਾਰੇ ਵਿਅਕਤੀਆਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।
ਪੰਜਾਬ ਵਿੱਚ ਮੁੜ ਤੋਂ ਲੱਗ ਰਹੀਆਂ ਹਨ ਪਾਬੰਦੀਆਂ
ਪੰਜਾਬ ਵਿੱਚ ਕੋਰੋਨਾਵਾਇਰਸ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ ਵਿੱਚ ਸਾਰੇ ਆਂਗਨਵਾੜੀ ਸੈਂਟਰ ਬੰਦ ਕੀਤੇ ਗਏ ਹਨ। ਅਗਲੇ ਹੁਕਮਾਂ ਤੱਕ ਇਹ ਸੈਂਟਰ ਬੰਦ ਰੱਖੇ ਜਾਣਗੇ। ਆਂਗਣਵਾੜੀ ਵਰਕਰ ਘਰ-ਘਰ ਬੱਚਿਆਂ ਦਾ ਰਾਸ਼ਨ ਪਹੁੰਚਾਉਣਗੇ ਅਤੇ ਆਂਗਣਵਾੜੀ ਵਰਕਰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨਗੇ। ਪੰਜਾਬ ਅੰਦਰ ਵੱਧ ਰਹੇ ਕੋਰੋਨਾ ਦੇ ਕੇਸਾਂ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਲਗਾਇਆ ਗਿਆ। ਪੰਜਾਬ ਦੇ ਲੁਧਿਆਣਾ, ਮੁਹਾਲੀ, ਸ਼੍ਰੀ ਫ਼ਤਿਹਗੜ੍ਹ ਸਾਹਿਬ, ਜਲੰਧਰ, ਹੁਸ਼ਿਆਰਪੁਰ, ਮੁਕਤਸਰ, ਫਾਜ਼ਿਲਕਾ ਵਿੱਚ ਰਾਤ ਨੂੰ 11 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾ ਦਿੱਤਾ ਗਿਆ ਹੈ।
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਕੋਵਿਡ ਦੇ ਮਾਮਲਿਆਂ ਵਿੱਚ ਮੁੜ ਉਭਾਰ ਦੇ ਮੱਦੇਨਜ਼ਰ ਆਂਗਣਵਾੜੀ ਕੇਂਦਰਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਚੌਧਰੀ ਨੇ ਕਿਹਾ ਕਿ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਨੂੰ ਰਾਸ਼ਨ ਅਤੇ ਹੋਰ ਸਮੱਗਰੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਰਾਹੀਂ ਘਰ-ਘਰ ਪਹੁੰਚਾਈ ਜਾਂਦੀ ਰਹੇਗੀ ਤਾਂ ਜੋ ਲਾਭਪਾਤਰੀਆਂ ਨੂੰ ਪੌਸ਼ਟਿਕ ਆਹਾਰ ਮਿਲਦਾ ਰਹੇ। ਉਨ੍ਹਾਂ ਸਾਰੇ ਸਿਹਤ ਪ੍ਰੋਟੋਕਾਲਾਂ ਭਾਵ ਮਾਸਕ ਪਹਿਨਣ, ਹੱਥ ਧੋਣ ਅਤੇ ਇੱਕ ਦੂਜੇ ਤੋਂ ਸਮਾਜਿਕ ਵਿੱਥ ਬਣਾ ਕੇ ਰੱਖਣ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ।
ਚੰਡੀਗੜ੍ਹ ‘ਚ ਵੀ ਕੋਰੋਨਾ ਦੇ ਕੇਸ ਵਧਣ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੇ ਅਗਲੇ ਹੁਕਮਾਂ ਤੱਕ ਪ੍ਰਾਇਮਰੀ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਹੈ। ਜਾਣਕਾਰੀ ਅਨੁਸਾਰ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਲਿਆ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲ ਅਧਿਕਾਰੀਆਂ ਨੂੰ ਮਾਪਿਆਂ ਨਾਲ ਵੀ ਗੱਲ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਉਨ੍ਹਾਂ ਦੇ ਬੱਚੇ ਇਸ ਬਿਮਾਰੀ ਤੋਂ ਸਾਵਧਾਨੀ ਵਰਤਦੇ ਹੋਏ ਸੁਰੱਖਿਅਤ ਰਹਿ ਸਕਣ।
ਬਲਵੀਰ ਸਿੰਘ ਸਿੱਧੂ ਨੇ ਕਿਹਾ ਕਿ, “ਕੋਰੋਨਾ ਦੇ ਵੱਧ ਰਹੇ ਮਾਮਲਿਆਂ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਵਿੱਚ ਕੋਵਿਡ ਦਾ ਪ੍ਰਭਾਵ ਹਾਲੇ ਪੂਰੀ ਤਰਾਂ ਖ਼ਤਮ ਨਹੀਂ ਹੋਇਆ ਅਤੇ ਕੇਸਾਂ ਵਿੱਚ ਹੋਰ ਵਾਧਾ ਹੋਣ ਦਾ ਖ਼ਦਸ਼ਾ ਹੈ। ਇਸ ਲਈ ਕੋਵਿਡ ਤੋਂ ਬਚਾਅ ਲਈ ਢੁੱਕਵੀਆਂ ਸਿਹਤ ਸਾਵਧਾਨੀਆਂ ਜਿਵੇਂ ਸਮਾਜਕ ਦੂਰੀ, ਮਾਸਕ ਪਹਿਨਣਾ, ਹੱਥਾਂ ਨੂੰ ਰੋਗਾਣੂ ਮੁਕਤ ਕਰਨਾ ਆਦਿ ਦੀ ਸਖ਼ਤੀ ਨਾਲ ਪਾਲਨਾ ਕਰਨ ਦੀ ਲੋੜ ਹੈ।”