‘ਦ ਖ਼ਾਲਸ ਬਿਊਰੋ :- ਕੋਰੋਨਾ ਮਹਾਂਮਾਰੀ ਨੇ ਮੁੜ ਤੋਂ ਪੂਰੀ ਦੁਨੀਆ ਵਿੱਚ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਸਾਰੇ ਦੇਸ਼ਾਂ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਸਰਕਾਰਾਂ ਕੋਰੋਨਾ ਤੋਂ ਬਚਾਅ ਲਈ ਕਈ ਕਦਮ ਚੁੱਕ ਰਹੀਆਂ ਹਨ। ਕੋਰੋਨਾ ਤੋਂ ਬਚਾਅ ਲਈ ਭਾਰਤ ਵਿੱਚ ਕੋਰੋਨਾ ਟੀਕਾਕਰਨ ਦਾ ਗੇੜ ਵੀ ਸ਼ੁਰੂ ਹੋ ਚੁੱਕਾ ਹੈ।
ਜਲੰਧਰ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਅੱਜ ਰਾਤ ਤੋਂ ਕਰਫਿਊ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਹ ਕਰਫਿਊ ਰਾਤ ਦੇ 11 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਰਫਿਊ ਲਾਉਣ ਦੇ ਹੁਕਮ ਜਾਰੀ ਕੀਤੇ ਹਨ।
ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੁੱਝ ਪਾਬੰਦੀਆਂ ਲਗਾਈਆਂ ਸਨ। ਕੈਪਟਨ ਨੇ ਸੂਬੇ ਵਿੱਚ 1 ਮਾਰਚ ਤੋਂ ਇੰਡੋਰ ਵਿੱਚ ਜਨਤਕ ਇਕੱਠ 100 ਅਤੇ ਆਊਟਡੋਰ ਇਕੱਠ ਵਿੱਚ 200 ਲੋਕਾਂ ਤੱਕ ਦੀ ਗਿਣਤੀ ਸੀਮਤ ਕੀਤੀ ਸੀ।
ਕੈਪਟਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜ਼ਰੂਰਤ ਮੁਤਾਬਕ ਰਾਤ ਨੂੰ ਕਰਫਿਊ ਲਗਾਉਣ ਦੀ ਹਦਾਇਤ ਦਿੱਤੀ ਸੀ। ਸਕੂਲਾਂ ਵਿੱਚ ਵਿਦਿਆਰਥੀਆਂ ਵਿੱਚ ਸੁਰੱਖਿਆ ਪ੍ਰੋਟੋਕੋਲ ਲਾਗੂ ਕਰਨ ਲਈ ਨੋਡਲ ਅਧਿਆਪਕ ਤਾਇਨਾਤ ਕੀਤੇ ਗਏ ਹਨ ਤਾਂ ਜੋ ਇਹ ਅਧਿਆਪਕ ਸਮੇਂ-ਸਮੇਂ ‘ਤੇ ਵਿਦਿਆਰਥੀਆਂ ਨੂੰ ਕੋਰੋਨਾ ਨਿਯਮਾਂ ਤੋਂ ਜਾਣੂ ਕਰਵਾਉਂਦੇ ਰਹਿਣ।