‘ਦ ਖ਼ਾਲਸ ਬਿਊਰੋ : ਸਿੱਖ ਪ੍ਰਚਾਰਕ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਾਰੇ ਪੰਥ ਦਰਦੀ, ਸੰਤ ਮਹਾਂਪੁਰਸ਼, ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕ, ਕਥਾਵਾਚਕ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੰਪਰਦਾਵਾਂ, ਟਕਸਾਲਾਂ ਨੂੰ ਆਪਣਾ ਫਰਜ਼ ਸਮਝ ਕੇ ਪੂਰਨ ਸਮਰਥਨ ਦੇਣ ਲਈ ਚੰਡੀਗੜ੍ਹ ਵਿੱਚ ਲੱਗੇ ਕੌਮੀ ਇਨਸਾਫ ਮੋਰਚੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਜਥੇਦਾਰ ਦਾਦੂਵਾਲ ਨੇ ਕਿਹਾ ਕੇ ਇਸ ਕੌਮੀ ਇਨਸਾਫ ਮੋਰਚੇ ਨੂੰ ਸਾਡਾ ਪੂਰਾ ਸਹਿਯੋਗ ਰਹੇਗਾ ਅਤੇ 14 ਜਨਵਰੀ ਆਪਣੇ ਸਾਥੀਆਂ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪੁਰਾਣੇ ਮੈਂਬਰ ਸਾਹਿਬਾਨ, ਪੰਥਕ ਸੇਵਾ ਲਹਿਰ ਦਾਦੂ ਸਾਹਿਬ ਜਥੇਬੰਦੀ ਦੇ ਸੇਵਾਦਾਰਾਂ ਦਾ ਜਥਾ ਲੈ ਕੇ ਕੌਮੀ ਇਨਸਾਫ ਮੋਰਚੇ ਵਿੱਚ ਸ਼ਾਮਲ ਹੋਵਾਂਗੇ।
