ਕੁੱਲੂ –ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਮੰਗਲਵਾਰ ਨੂੰ ਕੁੱਲੂ ਵਿੱਚ ਹੋਈ ਤਬਾਹੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਅਤੇ ਬਹਾਲੀ ਦੇ ਕੰਮ ਨੂੰ ਜੰਗੀ ਪੱਧਰ ‘ਤੇ ਨੇਪਰੇ ਚਾੜ੍ਹਨ ਲਈ ਕੇਂਦਰ ਸਰਕਾਰ ਵੱਲੋਂ ਸੀ.ਆਰ.ਆਈ.ਐੱਫ਼. ਤਹਿਤ 400 ਕਰੋੜ ਰੁਪਏ ਉਪਲਬਧ ਕਰਵਾਏ ਜਾਣਗੇ।
ਕੁੱਲੂ ‘ਚ ਆਯੋਜਿਤ ਪ੍ਰੈੱਸ ਕਾਨਫ਼ਰੰਸ ‘ਚ ਨਿਤਿਨ ਗਡਕਰੀ ਨੇ ਕਿਹਾ ਕਿ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਨਾਲ ਸੂਬੇ ‘ਚ ਸੜਕਾਂ, ਪੁਲਾਂ ਅਤੇ ਹੋਰ ਸੰਪਤੀ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇੱਥੇ ਲੋਕਾਂ ਨੂੰ ਬਹੁਤ ਨੁਕਸਾਨ ਝੱਲਣਾ ਪਿਆ ਹੈ ਜੋ ਉਨ੍ਹਾਂ ਦੀ ਕਲਪਨਾ ਤੋਂ ਬਾਹਰ ਹੈ।
ਇਸ ਦੌਰਾਨ ਉਨ੍ਹਾਂ ਨਾਲ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਅਤੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਵੀ ਮੌਜੂਦ ਸਨ। ਗਡਕਰੀ ਨੇ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਪ੍ਰਭਾਵਿਤ ਬਾੜਾ ਭੂਈਨ, ਦੇਵਧਰ, ਸਿਰੜ, ਕਲਾਥ ਅਤੇ ਆਲੂ ਗਰਾਊਂਡ ਮਨਾਲੀ ਦਾ ਵੀ ਦੌਰਾ ਕੀਤਾ।
ਉਨ੍ਹਾਂ ਨੇ ਆਫ਼ਤ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸੇਬ ਉਗਾਉਣ ਵਾਲੇ ਖੇਤਰਾਂ ਵਿੱਚ ਰਾਸ਼ਟਰੀ ਰਾਜ ਮਾਰਗਾਂ ਦੇ ਆਲ਼ੇ-ਦੁਆਲੇ ਇੱਕ ਕਿੱਲੋਮੀਟਰ ਤੱਕ ਲਿੰਕ ਸੜਕਾਂ ਦੀ ਮੁਰੰਮਤ ਦਾ ਖਰਚਾ ਵੀ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਚੁੱਕੇਗੀ।
ਕੇਂਦਰੀ ਮੰਤਰੀ ਨੇ ਕਿਹਾ ਕਿ ਦਰਿਆ ਦੇ ਵਹਾਅ ਕਾਰਨ ਕਈ ਥਾਵਾਂ ‘ਤੇ ਸੜਕਾਂ ਰੁੜ੍ਹ ਗਈਆਂ ਹਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਘੱਟ ਤੋਂ ਘੱਟ ਕਰਨ ਲਈ ਤਕਨੀਕੀ ਟੀਮ ਦਾ ਗਠਨ ਕੀਤਾ ਗਿਆ ਹੈ। ਇਹ ਟੀਮ ਆਉਣ ਵਾਲੇ ਤਿੰਨ-ਚਾਰ ਦਿਨਾਂ ਵਿੱਚ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਵੇਗੀ। ਉਨ੍ਹਾਂ ਕਿਹਾ ਕਿ ਦਰਿਆ ਦੇ ਕੰਢਿਆਂ ’ਤੇ ਚਟਾਨਾਂ ਅਤੇ ਗਾਦ ਦੇ ਜਮ੍ਹਾਂ ਹੋਣ ਕਾਰਨ ਇਸ ਦੇ ਵਹਾਅ ਵਿੱਚ ਤਬਦੀਲੀ ਆਈ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਨੂੰ ਰੋਕਣ ਲਈ ਦਰਿਆ ਦੇ ਕਿਨਾਰਿਆਂ ਨੂੰ ਦੋ ਤੋਂ ਤਿੰਨ ਮੀਟਰ ਡੂੰਘਾ ਪੁੱਟ ਕੇ ਕੰਕਰੀਟ ਨਾਲ ਭਰਿਆ ਜਾਵੇਗਾ। ਇੱਥੇ ਮੌਜੂਦ ਚਟਾਨਾਂ ਤੋਂ ਮਜ਼ਬੂਤ ਦੀਵਾਰ ਬਣਾਉਣ ਦੀ ਸੰਭਾਵਨਾ ਵੀ ਤਲਾਸ਼ੀ ਜਾਵੇਗੀ। ਉਨ੍ਹਾਂ ਇਸ ਸਬੰਧੀ ਸੂਬਾ ਸਰਕਾਰ ਤੋਂ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਅਧੀਨ ਬਣਨ ਵਾਲੀਆਂ ਸੜਕਾਂ ਦੀ ਮੁਰੰਮਤ ਦਾ ਸਾਰਾ ਖਰਚਾ ਕੇਂਦਰੀ ਮੰਤਰਾਲੇ ਵੱਲੋਂ ਚੁੱਕਿਆ ਜਾਵੇਗਾ।
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸੂਬੇ ਵਿੱਚ 12 ਹਜ਼ਾਰ 500 ਕਰੋੜ ਰੁਪਏ ਦੀ ਲਾਗਤ ਨਾਲ 68 ਸੁਰੰਗਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੀਰਤਪੁਰ-ਮਨਾਲੀ ਚਾਰ ਮਾਰਗੀ ਸੜਕ ਦੀ ਮੁਰੰਮਤ ਦਾ ਕੰਮ ਆਉਂਦੇ ਦੋ-ਤਿੰਨ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ ਅਤੇ ਜਲਦੀ ਹੀ ਇਸ ਦਾ ਉਦਘਾਟਨ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਿਜਲੀ ਮਹਾਦੇਵ ਰੋਪਵੇਅ ਦੇ ਨਿਰਮਾਣ ਲਈ 250 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਹੋ ਚੁੱਕੀ ਹੈ ਅਤੇ ਇਸ ਦੀ ਉਸਾਰੀ ਦਾ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸ਼ਾਹਪੁਰ-ਸਿੰਹੁਤਾ ਸੜਕ ਦੇ ਨਿਰਮਾਣ ਨੂੰ ਮਨਜ਼ੂਰੀ ਮਿਲ ਗਈ ਹੈ ਅਤੇ ਸੀਆਰਆਈਐਫ ਤਹਿਤ ਇਸ ’ਤੇ 52 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਸ ਤੋਂ ਇਲਾਵਾ 49 ਕਰੋੜ ਰੁਪਏ ਦੀ ਲਾਗਤ ਨਾਲ ਰੰਗਸ-ਮੈਹਰੇ ਵਾਇਆ ਬਾਗਛਲ ਸੜਕ ਦੇ ਨਿਰਮਾਣ ਲਈ ਵੀ ਪ੍ਰਵਾਨਗੀ ਦਿੱਤੀ ਗਈ ਹੈ।