India Punjab Religion

ਸ੍ਰੀ ਦਰਬਾਰ ਤੇ ਹੋਰ ਇਤਿਹਾਸ ਗੁਰੂ ਘਰਾਂ ਵਿੱਚ ਰੁਮਾਲਾ ਸਾਹਿਬ ਦੀ ਮਰਿਆਦਾ ਬਦਲੀ ! ਹੁਣ ਰਸੀਦ ਨਾਲ ਕੰਮ ਚੱਲੇਗਾ

 

ਬਿਉਰੋ ਰਿਪੋਰਟ – ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (SRI DARBAR SHAIB AMRITSAR) ਅਤੇ ਹੋਰ ਇਤਿਹਾਸਕ ਗੁਰਦੁਆਰਿਆਂ (HISTORICAL GURDAWARA) ਵਿੱਚ ਰੂਮਾਲਾ ਭੇਟ ਕਰਨ ਅਤੇ ਗੁਟਕਾ ਸਾਹਿਬ ਨੂੰ ਲੈਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੁਝ ਅਹਿਮ ਨਿਯਮ ਤਿਆਰ ਕੀਤੇ ਹਨ । ਇਹ ਨਿਯਮ ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਐਜੂਕੇਸ਼ਨ ਕਮੇਟੀ ਦੀਆਂ ਵੱਖ-ਵੱਖ ਤਿੰਨ ਅਹਿਮ ਇਕੱਤਰਤਾਵਾਂ ਤੋਂ ਬਾਅਦ ਬਣਾਏ ਗਏ ਹਨ ਜਿਸ ਦੀ ਜਾਣਕਾਰੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਵੱਲੋਂ ਸ਼ਰਧਾ ਤੇ ਸਤਿਕਾਰ ਵਜੋਂ ਵੱਡੀ ਗਿਣਤੀ ਵਿਚ ਰੁਮਾਲਾ ਸਾਹਿਬ ਭੇਟ ਕੀਤੇ ਜਾਂਦੇ ਹਨ,ਪਰ ਅਕਸਰ ਹੀ ਰੁਮਾਲਿਆਂ ਦੀ ਗੁਣਵਤਾ ਤੇ ਮਿਆਰ ਠੀਕ ਨਹੀਂ ਹੁੰਦਾ। ਇਸ ਦੇ ਨਾਲ ਹੀ ਰੁਮਾਲਿਆਂ ਦੀ ਬਹੁਤਾਤ ਕਾਰਨ ਸਾਂਭ-ਸੰਭਾਲ ਵਿੱਚ ਵੱਡੀ ਸਮੱਸਿਆ ਬਣਦੀ ਹੈ। ਇਸੇ ਲਈ ਗੁਰਦੁਆਰਾ ਸਾਹਿਬਾਨ ਅੰਦਰ ਵਿਸ਼ੇਸ਼ ਕਾਊਂਟਰ ਸਥਾਪਤ ਕੀਤੇ ਜਾਣਗੇ, ਜਿਥੇ ਸੰਗਤ ਰੁਮਾਲਾ ਸਾਹਿਬ ਲਈ ਯਥਾਸ਼ਕਤ ਭੇਟਾ ਜਮ੍ਹਾਂ ਕਰਵਾ ਸਕੇਗੀ।

SGPC ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਸਥਾਪਤ ਕੀਤੇ ਜਾਣ ਵਾਲੇ ਕਾਊਂਟਰਾਂ ’ਤੇ ਸ਼ਰਧਾ ਅਨੁਸਾਰ ਰੁਮਾਲਿਆਂ ਲਈ ਭੇਟਾ ਜਮ੍ਹਾਂ ਕਰਵਾ ਕੇ ਰਸੀਦ ਪ੍ਰਾਪਤ ਕਰਨ ਤੇ ਗੁਰੂ ਦਰਬਾਰ ਅੰਦਰ ਰਸੀਦ ਦਿਖਾ ਕੇ ਅਰਦਾਸ ਕਰਵਾਉਣ। ਉਨ੍ਹਾਂ ਕਿਹਾ ਕਿ ਰੁਮਾਲਾ ਸਾਹਿਬ ਲਈ ਪੁੱਜਣ ਵਾਲੀ ਭੇਟਾ ਕੌਮ ਦੇ ਉਜਲੇ ਭਵਿੱਖ ਲਈ ਵਰਤੀ ਜਾਵੇਗੀ। ਇਸ ਤੋਂ ਇਲਾਵਾ ਸਿਰੋਪਾਓ ਦੀ ਵਰਤੋਂ ਕੇਵਲ ਧਾਰਮਿਕ ਤੇ ਪੰਥਕ ਸ਼ਖ਼ਸੀਅਤਾਂ ਤੱਕ ਹੀ ਸੀਮਤ ਕੀਤਾ ਜਾਵੇਗਾ।

ਐਡਵੋਕੇਟ ਧਾਮੀ ਨੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਇਸੇ ਸਾਲ 22 ਨਵੰਬਰ ਨੂੰ ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ ਜਲੰਧਰ ਵਿਖੇ ਪੰਥਕ ਜਾਹੋ-ਜਲਾਲ ਨਾਲ ਮਨਾਈ ਜਾਵੇਗੀ।

ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਵੱਖ-ਵੱਖ ਈ-ਕੌਮਰਸ ਵੈੱਬਸਾਈਟਾਂ ਤੇ ਐਪਸ ’ਤੇ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ, ਸੈਂਚੀਆਂ ਦੀ ਕੀਤੀ ਜਾ ਰਹੀ ਆਨਲਾਈਨ ਵਿਕਰੀ ਦਾ ਵੀ ਸਖ਼ਤ ਨੋਟਿਸ ਲੈ ਕੇ ਇਸ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਮਤਾ ਪਾਸ ਕੀਤਾ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਗੰਭੀਰ ਹੈ, ਕਿਉਂਕਿ ਇਸ ਨਾਲ ਗੁਰਬਾਣੀ ਦੀ ਮਾਣ-ਮਰਯਾਦਾ ਤੇ ਸਤਿਕਾਰ ਨੂੰ ਢਾਅ ਲੱਗ ਰਹੀ ਹੈ। ਉਨ੍ਹਾਂ ਕਿਹਾ ਕਿ ਪਾਸ ਕੀਤੇ ਗਏ ਮਤੇ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੰਜ ਸਿੰਘ ਸਾਹਿਬਾਨ ਦੀ ਬੈਠਕ ਵਿਚ ਇਸ ’ਤੇ ਕੌਮ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ, ਤਾਂ ਜੋ ਇਸ ਵਰਤਾਰੇ ਨੂੰ ਠੱਲ੍ਹ ਪੈ ਸਕੇ।