Punjab

ਦਰਬਾਰਾ ਸਿੰਘ ਗੁਰੂ ਨੂੰ ਅਕਾਲੀ ਦਲ ’ਚ ਵੱਡੀ ਜ਼ਿੰਮੇਵਾਰੀ! ਕਾਰਜਕਾਰੀ ਪ੍ਰਧਾਨ ਭੂੰਦੜ ਨਾਲ ਕਰਨਗੇ ਕੰਮ

ਬਿਉਰੋ ਰਿਪੋਰਟ (ਚੰਡੀਗੜ੍ਹ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਦਰਬਾਰਾ ਸਿੰਘ ਗੁਰੂ ਕਾਰਜਕਾਰੀ ਪ੍ਰਧਾਨ ਦੇ ਕੰਮਕਾਜ ਵਿੱਚ ਉਨ੍ਹਾਂ ਦੀ ਮਦਦ ਕਰਨਗੇ। ਪਾਰਟੀ ਨੇ ਆਪਣੇ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਹੈ।

ਯਾਦ ਰਹੇ ਕੁਝ ਦਿਨ ਪਹਿਲਾਂ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਹੁਣ ਕਾਰਜਕਾਰੀ ਪ੍ਰਧਾਨ ਦੇ ਸਲਾਹਕਾਰ ਦੀ ਨਿਯੁਕਤੀ ਕੀਤੀ ਗਈ ਹੈ।

ਇਸ ਅਹੁਦੇ ਤੋਂ ਪਹਿਲਾਂ ਦਰਬਾਰਾ ਸਿੰਘ ਗੁਰੂ ਅਕਾਲੀ ਸਰਕਾਰ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸੈਕਟਰੀ ਰਹਿ ਚੁੱਕੇ ਹਨ। 2012 ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਚੋਣ ਲੜੀ ਸੀ ਪਰ ਉਹ ਕਾਂਗਰਸ ਪਾਰਟੀ ਦੇ ਮੁਹੰਮਦ ਸਦੀਕ ਤੋਂ ਚੋਣ ਹਾਰ ਗਏ ਸਨ।

ਇਸ ਤੋਂ ਇਲਾਵਾ 2017 ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਤੋਂ ਚੋਣ ਲੜੀ ਸੀ। ਉਪਰੰਤ 2019 ਦੀ ਲੋਕ ਸਭਾ ਚੋਣ ਵੀ ਫ਼ਤਹਿਗੜ੍ਹ ਸਾਹਿਬ ਹਲਕੇ ਤੋਂ ਲੜ ਚੁੱਕੇ ਹਨ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਟਰੱਸਟ ਦੇ ਸਕੱਤਰ ਵੀ ਰਹਿ ਚੁੱਕੇ ਹਨ।