India

ਦਿੱਲੀ ਵਿਧਾਨ ਸਭਾ ਚੋਣਾਂ: ਭਾਜਪਾ ਨੇ 29 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

Delhi News : ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ 29 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਹੈ। ਪਰਵੇਸ਼ ਵਰਮਾ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ‘ਆਪ’ ਦੇ ਅਰਵਿੰਦ ਕੇਜਰੀਵਾਲ ਵਿਰੁੱਧ ਚੋਣ ਲੜਨਗੇ। ਕਰੋਲ ਬਾਗ ਤੋਂ ਦੁਸ਼ਯੰਤ ਗੌਤਮ, ਰਾਜੌਰੀ ਗਾਰਡਨ ਤੋਂ ਮਨਜਿੰਦਰ ਸਿੰਘ ਸਿਰਸਾ, ਬਿਜਵਾਸਨ ਤੋਂ ਕੈਲਾਸ਼ ਗਹਿਲੋਤ ਤੇ ਗਾਂਧੀ ਨਗਰ ਤੋਂ ਅਰਵਿੰਦਰ ਸਿੰਘ ਲਵਲੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

ਭਾਜਪਾ ਨੇ ਕਾਲਕਾਜੀ ਤੋਂ ਆਤਿਸ਼ੀ ਦੇ ਖਿਲਾਫ ਰਮੇਸ਼ ਬਿਧੂੜੀ ਨੂੰ ਮੈਦਾਨ ‘ਚ ਉਤਾਰਿਆ ਹੈ। ਕਾਂਗਰਸ ਨੇ ਇਸ ਸੀਟ ਤੋਂ ਅਲਕਾ ਲਾਂਬਾ ਨੂੰ ਟਿਕਟ ਦਿੱਤੀ ਹੈ।

ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਜਲਦੀ ਹੀ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੇ ਸਾਰੀਆਂ 70 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਵੀ ਹੁਣ ਤੱਕ ਤਿੰਨ ਸੂਚੀਆਂ ਵਿੱਚ 48 ਉਮੀਦਵਾਰ ਖੜ੍ਹੇ ਕੀਤੇ ਹਨ।

ਆਮ ਆਦਮੀ ਪਾਰਟੀ (ਆਪ) ਨੇ 15 ਦਸੰਬਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਸਾਰੀਆਂ 70 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਤੋਂ ਚੋਣ ਲੜਨਗੇ। ਸੀਐਮ ਆਤਿਸ਼ੀ ਨੂੰ ਕਾਲਕਾਜੀ ਤੋਂ ਉਮੀਦਵਾਰ ਬਣਾਇਆ ਗਿਆ ਹੈ। ਸੌਰਭ ਭਾਰਦਵਾਜ ਗ੍ਰੇਟਰ ਕੈਲਾਸ਼ ਤੋਂ, ਸਤੇਂਦਰ ਜੈਨ ਸ਼ਕੂਰ ਬਸਤੀ ਤੋਂ ਚੋਣ ਲੜਨਗੇ।