’ਦ ਖ਼ਾਲਸ ਬਿਊਰੋ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਪੂਰੇ ਰੋਹ ’ਤੇ ਹੈ। ‘ਦਿੱਲੀ ਚੱਲੋ’ ਮੋਰਚੇ ਤਹਿਤ ਕਿਸਾਨ ਪੂਰੀ ਤਿਆਰੀ ਵਿੱਚ ਨਜ਼ਰ ਆ ਰਹੇ ਹਨ ਪਰ ਸਰਕਾਰਾਂ ਵੀ ਉਨ੍ਹਾਂ ਨੂੰ ਰੋਕਣ ਲਈ ਪੂਰੀ ਵਾਹ ਲਾ ਰਹੀਆਂ ਹਨ। ਹਰਿਆਣਾ ਦੀ ਖੱਟਰ ਸਰਕਾਰ ਨੇ ਦਿੱਲੀ ਅਤੇ ਪੰਜਾਬ ਨਾਲ ਲੱਗਦੇ ਬਾਰਡਰ ਸੀਲ ਕਰ ਦਿੱਤੇ ਹਨ। ਇਸ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੁਤਲੇ ਫੂਕੇ ਗਏ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਿੰਡ ਮਰੜ ਜ਼ਿਲ੍ਹਾ ਗੁਰਦਾਸਪੁਰ ਵਿੱਚ ਅੱਜ ਸਵੇਰੇ ਮੋਦੀ ਅਤੇ ਖੱਟਰ ਦੇ ਪੁਤਲੇ ਫੂਕ ਕੇ ਹਰਿਆਣਾ ਵੱਲੋਂ ਬਾਰਡਰ ਸੀਲ ਕਰਨ ਅਤੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਖ਼ਿਲਾਫ਼ ਰੋਸ ਜਤਾਇਆ ਗਿਆ ਅਤੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਜਾਣਕਾਰੀ ਦਿੱਤੀ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ 27 ਨਵੰਬਰ ਨੂੰ ਗੋਲਡਨ ਗੇਟ ਅੰਮ੍ਰਿਤਸਰ ਤੋਂ ਦਿੱਲੀ ਲਈ ਸੰਘਰਸ਼ਸ਼ੀਲ ਕਿਸਾਨਾਂ ਦਾ ਜਥਾ ਰਵਾਨਾ ਕਰੇਗੀ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਅਣ-ਐਲਾਨੀ ਐਮਰਜੈਂਸੀ ਤਹਿਤ ਆਪਣੇ ਬਾਰਡਰ ਤੋਂ ਸੰਘਰਸ਼ਸ਼ੀਲ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ’ਤੇ ਪਾਬੰਧੀਆਂ ਲਾ ਰਹੀ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਸਰਕਾਰ ਦਾ ਜ਼ਬਰ ਸਹਿਣ ਨਹੀਂ ਕਰਨਗੇ।
ਕਿਸਾਨਾਂ ਨੇ ਕਿਹਾ ਕਿ ਇਹ ਲੋਕਤੰਤਰ ਨਹੀਂ, ਬਲਕਿ ਲੋਕਤੰਤਰ ਦੇ ਰੂਪ ਵਿੱਚ ਖੱਟਰ ਸਰਕਾਰ ਤਾਨਾਸ਼ਾਹੀ ਰਵੱਈਆ ਕਰ ਰਹੀ ਹੈ। ਜਮਹੂਰੀਅਤ ਵਿੱਚ ਹਰ ਨਾਹਰਿਕ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੈ। ਕਿਸਾਨਾਂ ਨੇ ਕਿਹਾ ਕਿ ਇਸ ਸੰਘਰਸ਼ ਵਿੱਚ ਖੱਟਰ ਸਰਕਾਰ ਦਾ ਕੋਈ ਲੈਣਾ-ਦੇਣਾ ਨਹੀਂ, ਕਿਸਾਨਾਂ ਨੇ ਉਥੋਂ ਸਿਰਫ ਸ਼ਾਂਤਮਈ ਤਰੀਕੇ ਨਾਲ ਲੰਘਣਾ ਹੀ ਹੈ, ਪਰ ਖੱਟਰ ਸਰਕਾਰ ਉਨ੍ਹਾਂ ਦਾ ਅੰਦੋਲਨ ਖਰਾਬ ਕਰਨਾ ਚਾਹੁੰਦੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ।