India

ਆਖ਼ਰ ਜੇਲ੍ਹ ਤੋਂ ਬਾਹਰ ਆਏ ਅਰਵਿੰਦ ਕੇਜਰੀਵਾਲ! ‘ਜੇਲ੍ਹ ਦੀਆਂ ਕੰਧਾਂ ਮੈਨੂੰ ਕਮਜ਼ੋਰ ਨਹੀਂ ਕਰ ਸਕਦੀਆਂ’

ਨਵੀਂ ਦਿੱਲੀ: ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਜੇਲ੍ਹ ਤੋਂ ਬਾਹਰ ਆਉਂਦੇ ਹੀ ਕੇਜਰੀਵਾਲ ਨੇ ਤਿਹਾੜ ਦੇ ਬਾਹਰ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਵਰਕਰਾਂ ਨੂੰ ਸੰਬੋਧਨ ਕੀਤਾ। ਜ਼ਮਾਨਤ ਮਿਲਣ ’ਤੇ ਉਨ੍ਹਾਂ ਨੇ ਪ੍ਰਮਾਤਮਾ ਅਤੇ ਦਿੱਲੀ ਵਾਸੀਆਂ ਦਾ ਧੰਨਵਾਦ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਕੇਂਦਰ ਸਰਕਾਰ ’ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜੇਲ੍ਹ ਦੀਆਂ ਸਲਾਖਾਂ ਕੇਜਰੀਵਾਲ ਦੇ ਮਨੋਬਲ ਨੂੰ ਕਮਜ਼ੋਰ ਨਹੀਂ ਕਰ ਸਕਦੀਆਂ। ਮੇਰਾ ਹੌਂਸਲਾ 100 ਗੁਣਾ ਵਧ ਗਿਆ ਹੈ।

ਇਸ ਤੋਂ ਪਹਿਲਾਂ ਸੁਨੀਤਾ ਕੇਜਰੀਵਾਲ ਅਰਵਿੰਦ ਕੇਜਰੀਵਾਲ ਨੂੰ ਲੈਣ ਤਿਹਾੜ ਜੇਲ੍ਹ ਪਹੁੰਚੇ ਸਨ। ਪਾਰਟੀ ਵਰਕਰ ਕਈ ਘੰਟੇ ਪਹਿਲਾਂ ਹੀ ਜੇਲ੍ਹ ਦੇ ਬਾਹਰ ਇਕੱਠੇ ਹੋ ਗਏ। ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵੀ ਤਿਹਾੜ ਜੇਲ੍ਹ ਪੁੱਜੇ। ਕੇਜਰੀਵਾਲ ਦੀ ਜ਼ਮਾਨਤ ਦਾ ਜਸ਼ਨ ਮਨਾਉਣ ਲਈ ‘ਆਪ’ ਵਰਕਰਾਂ ਨੇ ਪਟਾਕੇ ਚਲਾਏ, ਮਠਿਆਈਆਂ ਵੰਡੀਆਂ ਅਤੇ ਢੋਲ ਦੇ ਡੱਗੇ ’ਤੇ ਜ਼ੋਰਦਾਰ ਨੱਚਿਆ।

ਸੁਪਰੀਮ ਕੋਰਟ ਨੇ 13 ਸਤੰਬਰ ਦੀ ਸਵੇਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਸੀਬੀਆਈ ਕੇਸ ਵਿੱਚ ਸ਼ਰਤਾਂ ਦੇ ਨਾਲ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆ ਦੀ ਬੈਂਚ ਨੇ ਇਸ ਮਾਮਲੇ ’ਚ ਆਪਣਾ ਫੈਸਲਾ ਸੁਣਾਇਆ ਹੈ।

ਇਸ ਤੋਂ ਪਹਿਲਾਂ 5 ਸਤੰਬਰ ਨੂੰ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ, ਜਿਸ ’ਤੇ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜ਼ਮਾਨਤ ਦੀਆਂ ਸ਼ਰਤਾਂ ਮੁਤਾਬਕ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਫ਼ਤਰ ’ਚ ਨਹੀਂ ਆਉਣਗੇ। ਨਾ ਹੀ ਉਹ ਕਿਸੇ ਫਾਈਲ ’ਤੇ ਦਸਤਖ਼ਤ ਕਰਨਗੇ। ਕੇਜਰੀਵਾਲ ਨੂੰ ਈਡੀ ਮਾਮਲੇ ’ਚ ਜ਼ਮਾਨਤ ਮਿਲਣ ’ਤੇ ਵੀ ਇਹ ਸ਼ਰਤਾਂ ਰੱਖੀਆਂ ਗਈਆਂ ਸਨ।

ਇਸ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ 10 ਲੱਖ ਰੁਪਏ ਦਾ ਜ਼ਮਾਨਤੀ ਬਾਂਡ ਭਰ ਕੇ ਬਾਹਰ ਆਏ ਹਨ। ਅਦਾਲਤ ਨੇ ਇਹ ਸ਼ਰਤ ਵੀ ਰੱਖੀ ਹੈ ਕਿ ਕੇਜਰੀਵਾਲ ਆਪਣੇ ਕੇਸ ਦੀ ਜਨਤਕ ਤੌਰ ’ਤੇ ਚਰਚਾ ਨਹੀਂ ਕਰਨਗੇ। ਉਹ ਇਸ ਮਾਮਲੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਨਹੀਂ ਕਰ ਸਕਣਗੇ।