ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਹੋਈ। ਜਸਟਿਸ ਨੀਨਾ ਬਾਂਸਲ ਦੀ ਬੈਂਚ ਨੇ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੀਬੀਆਈ ਤੋਂ 7 ਦਿਨਾਂ ਵਿੱਚ ਜਵਾਬ ਮੰਗਿਆ ਹੈ।
ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਇਹ ਵੀ ਪੁੱਛਿਆ ਕਿ ਉਹ ਹੇਠਲੀ ਅਦਾਲਤ ਵਿੱਚ ਅਪੀਲ ਕਰਨ ਦੀ ਬਜਾਏ ਸਿੱਧੇ ਹਾਈ ਕੋਰਟ ਕਿਉਂ ਗਏ। ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਹੋਵੇਗੀ।
ਕੇਜਰੀਵਾਲ ਨੂੰ ਸੀਬੀਆਈ ਨੇ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਉਹ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਹਨ। ਦਿੱਲੀ ਦੇ ਮੁੱਖ ਮੰਤਰੀ ਪਹਿਲਾਂ ਹੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ।
2 ਦਿਨ ਪਹਿਲਾਂ ਜ਼ਮਾਨਤ ਪਟੀਸ਼ਨ ਕੀਤੀ ਸੀ ਦਾਇਰ
ਕੇਜਰੀਵਾਲ ਨੇ 3 ਜੁਲਾਈ ਨੂੰ ਸੀਬੀਆਈ ਮਾਮਲੇ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਦੇ ਵਕੀਲ ਰਜਤ ਭਾਰਦਵਾਜ ਨੇ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਤੁਸ਼ਾਰ ਰਾਓ ਗੇਡੇਲਾ ਤੋਂ ਜਲਦੀ ਸੁਣਵਾਈ ਦੀ ਮੰਗ ਕੀਤੀ ਸੀ।
ਰਜਤ ਭਾਰਦਵਾਜ ਨੇ ਕਿਹਾ ਸੀ ਕਿ ਕੇਜਰੀਵਾਲ ਨੂੰ ਸਹੀ ਨਿਆਂਇਕ ਪ੍ਰਕਿਰਿਆ ਦਾ ਪਾਲਣ ਕੀਤੇ ਬਿਨਾਂ ਹਿਰਾਸਤ ਵਿੱਚ ਲਿਆ ਗਿਆ ਸੀ। ਉਨ੍ਹਾਂ ਕਿਹਾ ਸੀ ਕਿ ਮਾਮਲੇ ਦੀ ਸੁਣਵਾਈ 4 ਜੁਲਾਈ ਨੂੰ ਹੀ ਕੀਤੀ ਜਾਵੇ।
ਇਸ ’ਤੇ ਜਸਟਿਸ ਮਨਮੋਹਨ ਨੇ ਕਿਹਾ ਸੀ ਕਿ ਸਬੰਧਿਤ ਜੱਜ ਨੂੰ ਦਸਤਾਵੇਜ਼ ਪੜ੍ਹਨ ਲਈ ਸਮਾਂ ਮਿਲਣਾ ਚਾਹੀਦਾ ਹੈ। ਇਸ ਤੋਂ ਬਾਅਦ ਇਹ ਕੇਸ 5 ਜੁਲਾਈ ਲਈ ਸੂਚੀਬੱਧ ਕੀਤਾ ਗਿਆ ਸੀ।