India

ਫਿਲਹਾਲ ਜੇਲ੍ਹ ’ਚ ਹੀ ਰਹਿਣਗੇ ਕੇਜਰੀਵਾਲ, ਨਿਆਂਇਕ ਹਿਰਾਸਤ 12 ਜੁਲਾਈ ਤੱਕ ਵਧਾਈ

Arvind Kejriwal

ਬਿਉਰੋ ਰਿਪੋਰਟ: ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 12 ਜੁਲਾਈ ਤੱਕ ਵਧਾ ਦਿੱਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ।

ਉੱਧਰ ਕੇਜਰੀਵਾਲ ਨੇ ਸੀਬੀਆਈ ਵੱਲੋਂ ਜਾਂਚ ਕੀਤੀ ਜਾ ਰਹੀ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਵਿੱਚ ਪਹੁੰਚ ਕੀਤੀ ਹੈ। ਐਡਵੋਕੇਟ ਰਜਤ ਭਾਰਦਵਾਜ ਨੇ ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਅੱਗੇ ਮਾਮਲਾ ਉਠਾਇਆ।

ਭਾਰਦਵਾਜ ਨੇ ਕਿਹਾ ਕਿ ਕੇਜਰੀਵਾਲ ਗੈਰ-ਕਾਨੂੰਨੀ ਹਿਰਾਸਤ ‘ਚ ਹਨ ਅਤੇ ਇਸ ਮਾਮਲੇ ਦੀ ਸੁਣਵਾਈ ਕੱਲ ਯਾਨੀ ਵੀਰਵਾਰ ਨੂੰ ਹੋ ਸਕਦੀ ਹੈ। ਹਾਲਾਂਕਿ ਬੈਂਚ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ।

ਦੱਸ ਦੇਈਏ ਇਸ ਤੋਂ ਪਹਿਲਾਂ 29 ਜੂਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਰਾਊਜ਼ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ ਸੀ। ਸੁਣਵਾਈ ਤੋਂ ਬਾਅਦ ਰਾਊਜ਼ ਐਵੇਨਿਊ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਤਿਹਾੜ ਭੇਜ ਦਿੱਤਾ ਸੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ 26 ਜੂਨ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਸੀ। ਕੇਜਰੀਵਾਲ ਦਾ ਸੀਬੀਆਈ ਰਿਮਾਂਡ ਖ਼ਤਮ ਹੋਣ ਤੋਂ ਬਾਅਦ 29 ਨੂੰ ਦੁਬਾਰਾ ਪੇਸ਼ ਕੀਤਾ ਗਿਆ।

ਇਸ ਤੋਂ ਪਹਿਲਾਂ 21 ਮਾਰਚ ਨੂੰ ਕੇਜਰੀਵਾਲ ਨੂੰ ਕਥਿਤ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਕੇਜਰੀਵਾਲ ਤਿਹਾੜ ਜੇਲ੍ਹ ਵਿੱਚ ਬੰਦ ਹਨ।

ਇਹ ਵੀ ਪੜ੍ਹੋ – ਪੰਜਾਬ ਨੇ OTS ਦੀ ਮਿਆਦ 16 ਅਗਸਤ ਤੱਕ ਵਧਾਈ