‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): –ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਨੇ ਮਹਾਂਰਾਸ਼ਟਰ ਤੋਂ ਆਉਣ ਵਾਲੇ ਯਾਤਰੀਆਂ ਦੀ ਕੋਵਿਡ ਜਾਂਚ ਨਾ ਕਰਨ ਵਾਲੀਆਂ 4 ਏਅਰਲਾਇੰਸ ਦੇ ਖਿਲਾਫ ਐੱਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਵਿੱਚ ਇੰਡੀਗੋ, ਵਿਸਤਾਰਾ, ਸਪਾਈਸਜੈੱਟ ਅਤੇ ਏਅਰ ਏਸ਼ੀਆ ਏਅਰਲਾਇੰਸ ਸ਼ਾਮਿਲ ਹੈ। ਜਾਣਕਾਰੀ ਅਨੁਸਾਰ ਇਹ ਕਾਰਵਾਈ ਆਪਦਾ ਪ੍ਰਬੰਧਨ ਐਕਟ ਯਾਨੀ ਡੀਡੀਐਮਏ 2005 ਦੇ ਤਹਿਤ ਕੀਤੀ ਜਾਏਗੀ।
ਦੱਸ ਦਈਏ ਕਿ ਮਹਾਰਾਸ਼ਟਰ ਤੋਂ ਆਉਣ ਵਾਲੇ ਯਾਤਰੀਆਂ ਲਈ ਕੋਰੋਨਾ ਦੀ ਨੈਗੇਟਿਵ ਰਿਪੋਰਟ ਲਾਜ਼ਮੀ ਕੀਤੀ ਗਈ ਹੈ। 10 ਅਪ੍ਰੈਲ ਨੂੰ ਦਿੱਲੀ ਸਰਕਾਰ ਨੇ ਕੌਮੀ ਰਾਜਧਾਨੀ ਵਿੱਚ ਕੋਵਿਡ-19 ਮਾਮਲਿਆਂ ਵਿੱਚ ਵਾਧਾ ਹੋਣ ਦੇ ਮੱਦੇਨਜ਼ਰ ਨਵੀਆਂ ਪਾਬੰਦੀਆਂ ਜਾਰੀ ਕੀਤੀਆਂ ਸਨ। ਇਨ੍ਹਾਂ ਅਨੁਸਾਰ ਮਹਾਰਾਸ਼ਟਰ ਤੋਂ ਦਿੱਲੀ ਆਉਣ ਵਾਲੇ ਹਰੇਕ ਵਿਅਕਤੀ ਲਈ ਪਹੁੰਚਣ ਤੋਂ 72 ਘੰਟੇ ਪਹਿਲਾਂ ਕੋਰੋਨਾ ਜਾਂਚ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਲਾਜ਼ਮੀ ਕੀਤੀ ਗਈ ਹੈ। ਇਹ ਰਿਪੋਰਟ ਨਾ ਦਿਖਾਉਣ ਵਾਲੇ ਯਾਤਰੀਆਂ ਨੂੰ 14 ਦਿਨਾਂ ਦੀ ਮਿਆਦ ਲਈ ਇਕਾਂਤਵਾਸ ਵਿੱਚ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਪੱਤਰ ਲਿਖ ਕੇ ਰਾਜਧਾਨੀ ਵਿੱਚ ਕੋਵਿਡ -19 ਸਥਿਤੀ ਤੇਜ਼ੀ ਨਾਲ ਵਿਗੜ ਰਹੇ ਹਾਲਾਤਾਂ ਤੋਂ ਜਾਣੂੰ ਕਰਵਾਇਆ ਹੈ। ਪ੍ਰਧਾਨ ਮੰਤਰੀ ਨੂੰ ਕੋਰੋਨਾਵਾਇਰਸ ਦੇ ਮਰੀਜ਼ਾਂ ਲਈ ਘੱਟੋ ਘੱਟ 7,000 ਹਸਪਤਾਲਾਂ ਦੇ ਬਿਸਤਰੇ ਦਿੱਲੀ ਵਿਚ ਮੁਹੱਈਆ ਕਰਵਾਉਣ ਦੀ ਅਪੀਲ ਵੀ ਕੀਤੀ ਗਈ ਹੈ।