India

ਦਿੱਲੀ ਸ਼ਰਾਬ ਘੁਟਾਲੇ ਦਾ ਸੇਕ ਰਾਘਵ ਚੱਢਾ ਤੱਕ ਵੀ ਪਹੁੰਚਿਆ

Delhi Liquor Scam: Raghav Chadha also named in the chargesheet filed by ED

ਦਿੱਲੀ : ਦਿੱਲੀ ਸ਼ਰਾਬ ਘਪਲੇ ਮਾਮਲੇ ‘ਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਿੱਲੀ ਸ਼ਰਾਬ ਘੁਟਾਲੇ ਮਾਮਲੇ ਦੀ ਜਿੱਥੇ ਈ.ਡੀ. ਵਲੋਂ ਜਾਂਚ ਕੀਤੀ ਜਾ ਰਹੀ ਹੈ, ਉਥੇ ਹੀ ਹੁਣ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਦਾਇਰ ਚਾਰਜਸ਼ੀਟ ਵਿਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਂ ਵੀ ਸ਼ਾਮਲ ਹੈ।
ਈਡੀ ਦੀ ਇਸ ਚਾਰਜਸ਼ੀਟ ਵਿੱਚ ਕਈ ਵੱਡੇ ਖੁਲਾਸੇ ਹੋਏ ਹਨ। ਹੁਣ ਆਬਕਾਰੀ ਨੀਤੀ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਂ ਸਾਹਮਣੇ ਆਇਆ ਹੈ। ਈਡੀ ਦੀ ਚਾਰਜਸ਼ੀਟ ਮੁਤਾਬਕ ਮਨੀਸ਼ ਸਿਸੋਦੀਆ ਦੇ ਸਾਬਕਾ ਸਕੱਤਰ ਅਰਵਿੰਦ ਨੇ ਆਪਣੇ ਬਿਆਨ ਵਿੱਚ ਰਾਘਵ ਚੱਢਾ ਦਾ ਨਾਂ ਲਿਆ ਹੈ।

ਚਾਰਜਸ਼ੀਟ ਦੇ ਅਨੁਸਾਰ ਅਰਵਿੰਦ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਮੀਟਿੰਗ ਹੋਈ, ਜਿਸ ਵਿੱਚ ਰਾਘਵ ਚੱਢਾ, ਪੰਜਾਬ ਦੇ ਆਬਕਾਰੀ ਤੇ ਕਰ ਅਧਿਕਾਰੀ ਤੇ ਹੋਰ ਮੌਜੂਦ ਸਨ। ਰਾਘਵ ਚੱਢਾ ਦਾ ਨਾਂ ਚਾਰਜਸ਼ੀਟ ‘ਚ ਦਰਜ ਹੈ। ਹਾਲਾਂਕਿ ਮੁਲਜ਼ਮ ਵਜੋਂ ਕੋਈ ਨਾਂ ਨਹੀਂ ਹੈ।

ਦੈਨਿਕ ਭਾਸਕਰ ਦੀ ਖ਼ਬਰ ਮੁਤਾਬਕ ਇਸ ਤੋਂ ਪਹਿਲਾਂ ਮੰਗਲਵਾਰ ਸਵੇਰੇ ‘ਆਪ’ ਸੰਸਦ ਸੰਜੇ ਸਿੰਘ ਦਾ ਨਾਂ ਵੀ ਸਾਹਮਣੇ ਆਇਆ ਸੀ। ਚਾਰਜਸ਼ੀਟ ‘ਚ ਉਸ ‘ਤੇ 82 ਲੱਖ ਰੁਪਏ ਚੰਦਾ ਲੈਣ ਦਾ ਜ਼ਿਕਰ ਸੀ।

ਮੀਡੀਆ ਰਿਪੋਰਟਾਂ ਮੁਤਾਬਕ ਸਿਸੋਦੀਆ ਦੇ ਤਤਕਾਲੀ ਸਕੱਤਰ ਸੀ ਅਰਵਿੰਦ ਨੇ ਰਾਘਵ ਚੱਢਾ ਦਾ ਨਾਂ ਲਿਆ ਹੈ। ਉਨ੍ਹਾਂ ਨੇ ਆਪਣੇ ਬਿਆਨ ‘ਚ ਕਿਹਾ ਕਿ ਸਿਸੋਦੀਆ ਦੀ ਰਿਹਾਇਸ਼ ‘ਤੇ ਮੀਟਿੰਗ ਹੋਈ, ਜਿਸ ‘ਚ ਰਾਘਵ ਚੱਢਾ, ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਅਤੇ ਸ਼ਰਾਬ ਘੁਟਾਲੇ ਦੇ ਮੁੱਖ ਦੋਸ਼ੀ ਵਿਜੇ ਨਾਇਰ ਮੌਜੂਦ ਸਨ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਸ਼ਰਾਬ ਨੀਤੀ ਮਾਮਲੇ ‘ਚ ਸੀਬੀਆਈ ਨੇ 16 ਅਪ੍ਰੈਲ ਨੂੰ ‘ਚ ਕਰੀਬ 9:30 ਘੰਟੇ ਪੁੱਛਗਿੱਛ ਕੀਤੀ ਸੀ। ਕੇਜਰੀਵਾਲ ਸਵੇਰੇ 11.10 ਵਜੇ ਏਜੰਸੀ ਦੇ ਦਫ਼ਤਰ ਪੁੱਜੇ ਸਨ ਅਤੇ 8.30 ਵਜੇ ਦਫ਼ਤਰ ਤੋਂ ਬਾਹਰ ਆਏ ਸਨ।

ਬਾਹਰ ਆਉਂਦਿਆਂ ਕੇਜਰੀਵਾਲ ਨੇ ਕਿਹਾ ਸੀ ਕਿ ‘’ਮੈਂ ਸੀਬੀਆਈ ਵੱਲੋਂ ਪੁੱਛੇ ਗਏ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਹਨ। ਸਾਡੇ ਕੋਲ ਲੁਕਾਉਣ ਲਈ ਕੁਝ ਨਹੀਂ ਹੈ। ਇਹ ਸਾਰਾ ਕਥਿਤ ਸ਼ਰਾਬ ਘੁਟਾਲਾ ਝੂਠ, ਫਰਜ਼ੀ ਅਤੇ ਗੰਦੀ ਰਾਜਨੀਤੀ ਤੋਂ ਪ੍ਰੇਰਿਤ ਹੈ। ਆਮ ਆਦਮੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ। ਅਸੀਂ ਮਰ ਜਾਵਾਂਗੇ ਪਰ ਆਪਣੀ ਇਮਾਨਦਾਰੀ ਨਾਲ ਕਦੇ ਸਮਝੌਤਾ ਨਹੀਂ ਕਰਾਂਗੇ। ਉਹ ‘ਆਪ’ ਨੂੰ ਤਬਾਹ ਕਰਨਾ ਚਾਹੁੰਦੇ ਹਨ ਪਰ ਦੇਸ਼ ਦੇ ਲੋਕ ਸਾਡੇ ਨਾਲ ਹਨ।‘’

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਹਿਲਾਂ ਹੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ।

ਉਸ ਨੂੰ ਸੀਬੀਆਈ ਨੇ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। 7 ਦਿਨਾਂ ਦੇ ਸੀਬੀਆਈ ਰਿਮਾਂਡ ਤੋਂ ਬਾਅਦ, ਅਦਾਲਤ ਨੇ 6 ਮਾਰਚ ਨੂੰ ਸਿਸੋਦੀਆ ਨੂੰ 20 ਮਾਰਚ (14 ਦਿਨ) ਤੱਕ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਭੇਜ ਦਿੱਤਾ ਸੀ।