The Khalas Tv Blog India ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਦੇ ਪ੍ਰਾਇਮਰੀ ਸਕੂਲ ਬੰਦ
India

ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਦੇ ਪ੍ਰਾਇਮਰੀ ਸਕੂਲ ਬੰਦ

ਦਿੱਲੀ ਵਿੱਚ ਪ੍ਰਦੂਸ਼ਣ ਕਾਰਨ ਹਾਲਾਤ ਦਿਨੋ-ਦਿਨ ਵਿਗੜਦੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ ਹੁਣ ਆਨਲਾਈਨ ਮੋਡ ‘ਤੇ ਚੱਲਣਗੇ। ਵਧਦੇ ਪ੍ਰਦੂਸ਼ਣ ਕਾਰਨ ਮੁੱਖ ਮੰਤਰੀ ਆਤਿਸ਼ੀ (Chief Minister Atishi) ਨੇ ਹੁਕਮ ਜਾਰੀ ਕੀਤਾ ਹੈ।

ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਨੇ ਐਕਸ ‘ਤੇ ਇਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਦਿੱਲੀ ਵਿੱਚ AQI ਪੱਧਰ (ਏਅਰ ਕੁਆਲਿਟੀ ਇੰਡੈਕਸ) ਪਿਛਲੇ ਕੁਝ ਦਿਨਾਂ ਤੋਂ 400 ਤੋਂ ਉੱਪਰ ਬਣਿਆ ਹੋਇਆ ਹੈ। ਇਸ ਕਾਰਨ ਖੁੱਲ੍ਹੀ ਹਵਾ ਵਿੱਚ ਜਾਣ ਕਾਰਨ ਅੱਖਾਂ ਵਿੱਚ ਜਲਣ ਅਤੇ ਸਾਹ ਲੈਣ ਵਿੱਚ ਤਕਲੀਫ਼ ਵਰਗੀਆਂ ਸਮੱਸਿਆਵਾਂ ਸਾਹਮਣੇ ਆਉਣ ਲੱਗ ਪਈਆਂ ਹਨ। ਇਸ ਦੇ ਨਾਲ ਹੀ ਦਿੱਲੀ ਐਨਸੀਆਰ ਵਿੱਚ ਜੀਆਰਏਪੀ-3 ਲਾਗੂ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਇਹ 15 ਨਵੰਬਰ ਤੋਂ ਲਾਗੂ ਹੋਵੇਗਾ, ਜਿਸ ਤਹਿਤ ਕਈ ਸਖ਼ਤ ਪਾਬੰਦੀਆਂ ਲਗਾਈਆਂ ਜਾਣਗੀਆਂ।

ਮੁੱਖ ਮੰਤਰੀ ਆਤਿਸ਼ੀ ਨੇ ਅੱਜ ਐਕਸ ’ਤੇ ਇਹ ਐਲਾਨ ਕਰਦਿਆਂ ਕਿਹਾ, ‘‘ਵਧਦੇ ਪ੍ਰਦੂਸ਼ਣ ਦੇ ਪੱਧਰ ਕਾਰਨ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ ਆਨਲਾਈਨ ਕਲਾਸਾਂ ਲਗਾਉਣਗੇ।’’ ਆਤਿਸ਼ੀ ਕੋਲ ਸਿੱਖਿਆ ਵਿਭਾਗ ਵੀ ਹੈ। ਕੌਮੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਲਗਾਤਾਰ ਦੂਜੇ ਦਿਨ ‘ਗੰਭੀਰ’ ਸ਼੍ਰੇਣੀ ਵਿੱਚ ਬਣੀ ਰਹੀ, ਜਿਸ ਕਾਰਨ ਅਧਿਕਾਰੀਆਂ ਨੂੰ ਪ੍ਰਦੂਸ਼ਣ ਵਿਰੋਧੀ ਸਖ਼ਤ ਉਪਾਅ ਲਾਗੂ ਕਰਨ ਲਈ ਕਿਹਾ ਗਿਆ। ਇਹ ਪਾਬੰਦੀਆਂ ਸ਼ੁੱਕਰਵਾਰ ਤੋਂ ਲਾਗੂ ਹੋਣਗੀਆਂ।

ਦਿੱਲੀ ਸਰਕਾਰ ਦੇ ਸਿੱਖਿਆ ਡਾਇਰੈਕਟੋਰੇਟ ਨੇ ਪ੍ਰਾਇਮਰੀ ਜਮਾਤਾਂ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ। ਆਦੇਸ਼ ਵਿੱਚ ਕਿਹਾ ਗਿਆ ਹੈ, “ਦਿੱਲੀ ਵਿੱਚ ਸਿੱਖਿਆ ਡਾਇਰੈਕਟੋਰੇਟ (DOE), MCD, NDMC ਅਤੇ DCB ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਪ੍ਰਾਈਵੇਟ ਮਾਨਤਾ ਪ੍ਰਾਪਤ ਸਕੂਲਾਂ ਦੇ ਮੁਖੀਆਂ ਨੂੰ 5ਵੀਂ ਜਮਾਤ ਤੱਕ ਦੇ ਬੱਚਿਆਂ ਲਈ ਸਕੂਲਾਂ ਵਿੱਚ ਕਲਾਸਾਂ ਬੰਦ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਸਕੂਲਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਅਗਲੇ ਹੁਕਮਾਂ ਤੱਕ ਇਹਨਾਂ ਜਮਾਤਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਮੋਡ ਵਿੱਚ ਕਲਾਸਾਂ ਨੂੰ ਯਕੀਨੀ ਬਣਾਇਆ ਜਾਵੇ।”

 

Exit mobile version