The Khalas Tv Blog Punjab ਲਾਪਤਾ ਪਾਵਨ ਸਰੂਪ ਮਸਲਾ-SGPC ਪ੍ਰਧਾਨ ਲੌਂਗੋਵਾਲ ਤੇ ਸਾਰੀ ਅੰਤ੍ਰਿੰਗ ਕਮੇਟੀ ਦੇ ਅਸਤੀਫ਼ੇ ਦੀ ਉੱਠੀ ਮੰਗ
Punjab

ਲਾਪਤਾ ਪਾਵਨ ਸਰੂਪ ਮਸਲਾ-SGPC ਪ੍ਰਧਾਨ ਲੌਂਗੋਵਾਲ ਤੇ ਸਾਰੀ ਅੰਤ੍ਰਿੰਗ ਕਮੇਟੀ ਦੇ ਅਸਤੀਫ਼ੇ ਦੀ ਉੱਠੀ ਮੰਗ

‘ਦ ਖ਼ਾਲਸ ਬਿਊਰੋ :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਗਭਗ ਦਰਜਨ ਤੋਂ ਵੱਧ ਸਾਬਕਾ ਤੇ ਮੌਜੂਦਾ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ਼ ਕਾਰਵਾਈ ਕੀਤੀ ਹੈ। ਸਿੱਖ ਜਥੇਬੰਦੀਆਂ ਨੇ ਇਸ ਮਾਮਲੇ ਵਿੱਚ SGPC ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਕਾਰਗੁਜ਼ਾਰੀ ’ਤੇ ਵੀ ਪ੍ਰਸ਼ਨ ਚਿੰਨ੍ਹ ਲਾਇਆ ਹੈ ਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ ਅਤੇ ਲਾਪਤਾ ਪਾਵਨ ਸਰੂਪਾਂ ਬਾਰੇ ਖੁਲਾਸਾ ਕਰਨ ਦੀ ਵੀ ਮੰਗ ਕੀਤੀ ਹੈ।

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸਮੁੱਚੀ ਅੰਤ੍ਰਿੰਗ ਕਮੇਟੀ ਨੂੰ ਨੈਤਿਕ ਆਧਾਰ ’ਤੇ ਅਸਤੀਫ਼ਾ ਦੇਣਾ ਚਾਹੀਦਾ ਹੈ। ਸੰਗਠਨ ਦੇ ਮੁੱਖ ਜਾਂਚ ਕਰਤਾ ਸਰਬਜੀਤ ਸਿੰਘ ਨੇ ਮੀਡੀਆ ਨੂੰ ਇਕ ਪੱਤਰ ਵੀ ਜਾਰੀ ਕੀਤਾ ਹੈ ਜੋ ਚਾਰਟਡ ਅਕਾਊਂਟੈਂਟ ਕੰਪਨੀ ਵੱਲੋਂ 11 ਜੁਲਾਈ, 2018 ਨੂੰ SGPC ਪ੍ਰਧਾਨ ਲੌਂਗੋਵਾਲ ਨੂੰ ਭੇਜਿਆ ਗਿਆ ਸੀ। ਸੱਤ ਸਫਿਆਂ ਦੇ ਇਸ ਪੱਤਰ ਵਿੱਚ ਕਈ ਅਹਿਮ ਦਾਅਵੇ ਕੀਤੇ ਗਏ ਸਨ ਜਿਨ੍ਹਾਂ ਵਿੱਚ ਮੁਅੱਤਲ ਕੀਤੇ ਗਏ ਵਿੱਤ ਵਿਭਾਗ ਦੇ ਮੀਤ ਸਕੱਤਰ ਸਤਿੰਦਰ ਸਿੰਘ ਖਿਲਾਫ਼ ਗੰਭੀਰ ਦੋਸ਼ ਲਾਏ ਗਏ ਸਨ।

ਸੰਸਥਾ ਦਾ ਆਡਿਟ ਕਰਦੀ CA ਕੰਪਨੀ ਨੇ ਦਾਅਵਾ ਕੀਤਾ ਹੈ ਕਿ ਵਿੱਤ ਵਿਭਾਗ ਨਾਲ ਸਬੰਧਤ ਇਸ ਮੀਤ ਸਕੱਤਰ ਵੱਲੋਂ ਆਡਿਟ ਲਈ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕੀਤੇ ਜਾਂਦੇ ਸਨ ਜਿਸ ਕਾਰਨ ਬੈਲੈਂਸ ਸ਼ੀਟ ਤਿਆਰ ਕਰਨ ਅਤੇ ਆਡਿਟ ਸਬੰਧੀ ਕੰਮ ਪ੍ਰਭਾਵਿਤ ਹੁੰਦਾ ਸੀ। ਸੰਗਠਨ ਆਗੂ ਨੇ ਕਿਹਾ ਕਿ ‘ਅੱਜ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਇਸ ਮੀਤ ਸਕੱਤਰ ਨੂੰ ਮੁਅੱਤਲ ਕੀਤਾ ਹੈ ਪਰ ਜਦੋਂ ਦੋ ਸਾਲ ਪਹਿਲਾਂ ਇਸ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਗਈ ਸੀ ਤਾਂ ਉਸ ਵੇਲੇ ਉਸ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ ਗਈ। ਜੇ ਕਾਰਵਾਈ ਕੀਤੀ ਹੁੰਦੀ ਤਾਂ ਇਹ ਦਿਨ ਨਾ ਦੇਖਣੇ ਪੈਂਦੇ’।

Exit mobile version