ਦਿੱਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ AAP ਦੇ ਵਰਕਰ ਪੂਰੇ ਦੇਸ਼ ਵਿਚ ਪ੍ਰਦਰਸ਼ਨ ਕਰ ਰਹੇ ਹਨ। ਅੱਜ AAP ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਆਵਾਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ।
ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੋਮਨਾਥ ਭਾਰਤੀ ਨੂੰ ਪੁਲਿਸ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪਟੇਲ ਚੌਕ ਵਿੱਚ ‘ਆਪ’ ਦੇ ਕਈ ਮੈਂਬਰਾਂ ਸਣੇ ਨੂੰ ਹਿਰਾਸਤ ਵਿੱਚ ਲਿਆ। ਇਨਕਲਾਬ ਜ਼ਿੰਦਾਬਾਦ ਅਤੇ ਕੇਜਰੀਵਾਲ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਅਤੇ ਆਗੂ ਇਲਾਕੇ ਦੇ ਮੈਟਰੋ ਸਟੇਸ਼ਨ ‘ਤੇ ਪਹੁੰਚੇ।
ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕ ਕਲਿਆਣ ਮਾਰਗ ‘ਤੇ ਸਥਿਤ ਰਿਹਾਇਸ਼ ਵੱਲ ਮਾਰਚ ਤੇ ਘਿਰਾਓ ਕਰਨ ਦਾ ਸੱਦਾ ਦਿੱਤਾ ਹੋਇਆ ਹੈ। ਇਸ ਖੇਤਰ ਵਿੱਚ ਫੌਜਦਾਰੀ ਜ਼ਾਬਤਾ ਦੀ ਧਾਰਾ 144 ਦੇ ਤਹਿਤ ਮਨਾਹੀ ਦੇ ਹੁਕਮ ਲਾਗੂ ਹਨ ਅਤੇ ਪੁਲੀਸ ਕਿਸੇ ਨੂੰ ਵੀ ਇਕੱਠੇ ਹੋਣ ਦੀ ਇਜਾਜ਼ਤ ਨਹੀਂ ਦੇ ਰਹੀ।
ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦੂਜੀ ਵਾਰ ਹਰਜੋਤ ਸਿੰਘ ਬੈਂਸ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਨੂੰ ਬੈਂਸ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਸੀ। ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦੇਸ਼ ਭਰ ਵਿਚ ਆਮ ਆਦਮੀ ਪਾਰਟੀ ਦੇ ਵਰਕਤਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।