‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਸਾਜ਼ਿਸ਼ ਰਚਣ ਦੇ ਦੋਸ਼ਾਂ ਵਿੱਚ ਫਸੇ ਮੁਲਜ਼ਮ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਕੱਲ੍ਹ ਯਾਨੀ ਕਿ ਸੋਮਵਾਰ ਨੂੰ ਸੁਨਾਰੀਆ ਜੇਲ੍ਹ ਵਿੱਚ ਪੁੱਛ ਪੜਤਾਲ ਹੋ ਸਕਦੀ ਹੈ। ਜਾਣਕਾਰੀ ਮੁਤਾਬਿਕ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਮੁਖੀ ਤੋਂ ਪੁੱਛ ਪੜਤਾਲ ਕਰਨ ਲਈ ਆਪਣੀ ਕਾਰਵਾਈ ਮੁਕੰਮਲ ਕਰ ਲਈ ਹੈ ਅਤੇ ਉਸ ਨੇ 200 ਸਵਾਲਾਂ ਦੀ ਸੂਚੀ ਵੀ ਤਿਆਰ ਕੀਤੀ ਹੈ, ਜੋ ਡੇਰਾ ਮੁਖੀ ਤੋਂ ਪੁੱਛੇ ਜਾਣੇ ਹਨ।
ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ 8 ਨਵੰਬਰ ਨੂੰ ਸਵੇਰੇ 8 ਵਜੇ ਸੁਨਾਰੀਆ ਜੇਲ੍ਹ ਜਾਵੇਗੀ। ਜਾਂਚ ਟੀਮ ਨੇ ਡੇਰਾ ਮੁਖੀ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਮੰਗੀ ਸੀ ਪਰ ਡੇਰਾ ਮੁਖੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕਰਕੇ ਇਸ ਮੰਗ ਨੂੰ ਗ਼ੈਰਕਾਨੂੰਨੀ ਦੱਸਿਆ ਸੀ। ਹਾਈ ਕੋਰਟ ਨੇ ਡੇਰਾ ਮੁਖੀ ਨੂੰ ਫ਼ਰੀਦਕੋਟ ਅਦਾਲਤ ਵਿੱਚ ਲਿਆਉਣ ਦੇ ਹੁਕਮ ਨੂੰ ਰੱਦ ਕਰਦਿਆਂ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤੇ ਸਨ ਕਿ ਡੇਰਾ ਮੁਖੀ ਨੂੰ ਪੁੱਛ ਪੜਤਾਲ ਲਈ ਜੇਲ੍ਹ ਵਿੱਚ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਕੀਤਾ ਜਾਵੇ। ਹਰਿਆਣਾ ਸਰਕਾਰ ਨੇ ਡੇਰਾ ਮੁਖੀ ਨੂੰ ਪੜਤਾਲ ਵਿੱਚ ਸ਼ਾਮਿਲ ਕਰਵਾਉਣ ਲਈ ਮੁੱਢਲੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।