Punjab

ਫਰੀਦਕੋਟ ‘ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ , ਪੁਲਿਸ ਨੇ 3 ਸ਼ੱਕੀ ਨੌਜਵਾਨਾਂ ਨੂੰ ਕੀਤਾ ਕਾਬੂ , CCTV Video ਆਈ ਸਾਹਮਣੇ

Desecration of Gutka Sahib in Faridkot police arrested 3 suspected youths CCTV video came out

ਫ਼ਰੀਦਕੋਟ : ਸੂਬੇ ਵਿੱਚ ਬੇਅਦਬੀ ਦੀਆਂ ਘਟਵਾਨਾਂ ਲਗਾਤਾਰ ਵਾਪਰ ਰਹੀਆਂ ਹਨ। ਇਸੇ ਦੌਰਾਨ ਫਰੀਦਕੋਟ ਦੇ ਪਿੰਡ ਗੌਲੇਵਾਲਾ ‘ਚ ਕਾਰ ਸਵਾਰਾਂ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕਸਬਾ ਗੋਲੇਵਾਲਾ ਵਿੱਚ ਕੁਝ ਸ਼ਰਾਰਤੀ ਅਨਸਰਾਂ ਨੇ ਗੁਟਕਾ ਸਾਹਿਬ ਦੇ ਪਾਵਨ ਸਰੂਪ ਪਾੜ ਕੇ ਗਲੀਆਂ ਵਿੱਚ ਖਿਲਾਰ ਦਿੱਤੇ।

ਮਾਮਲੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਹੈੱਡਕੁਆਰਟਰ ਫ਼ਰੀਦਕੋਟ ਤੋਂ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਇਸ ਦੇ ਨਾਲ ਹੀ ਇਸ ਘਟਨਾ ਨੂੰ ਲੈ ਕੇ ਸਥਾਨਕ ਲੋਕਾਂ ‘ਚ ਭਾਰੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਹ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।

ਇਸ ਘਟਨਾ ਦੀਆਂ ਤਸਵੀਰਾਂ ਵੀ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈਆਂ। ਹਾਲਾਂਕਿ ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਦੀ ਫੁਟੇਜ਼ ਖੰਗਾਲਕੇ ਕਾਰਵਾਈ ਕੀਤੀ ਜਾ ਰਹੀ ਹੈ, ਪਰ ਇਸ ਘਟਨਾ ਸੰਬੰਧੀ ਕਿਸੇ ਵੀ ਜਾਣਕਾਰੀ ਨੂੰ ਸਾਂਝਾ ਨਹੀਂ ਕੀਤਾ ਜਾ ਰਿਹਾ।

ਪੁਲਿਸ ਨੇ ਕਾਰਵਾਈ ਕਰਦੇ ਹੋਏ ਇਲਾਕੇ ‘ਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕੀਤਾ ਤਾਂ ਇਕ ਕਾਰ ਮਿਲੀ, ਜਿਸ ‘ਚ ਕੰਡਕਟਰ ਦੀ ਸਾਈਡ ਬੈਠਾ ਵਿਅਕਤੀ ਗੁਟਕਾ ਸਾਹਿਬ ਦੇ ਅੰਗ ਬਾਹਰ ਸੁੱਟਦਾ ਨਜ਼ਰ ਆਇਆ, ਪਰ ਕਾਰ ਦੀ ਨੰਬਰ ਪਲੇਟ ਟਰੇਸ ਨਹੀਂ ਹੋ ਸਕੀ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਸ ਮਾਮਲੇ ‘ਚ 3 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ‘ਚੋਂ 2 ਬੇਗੂਵਾਲਾ ਦੇ ਰਹਿਣ ਵਾਲੇ ਹਨ।

ਦੂਜੇ ਪਾਸੇ ਕੌਮੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਿੰਦਰ ਸਿੰਘ, ਦਰਸ਼ਨ ਸਿੰਘ ਨੰਬਰਦਾਰ ਅਤੇ ਜਗਮੀਤ ਸਿੰਘ ਖਾਲਸਾ ਨੇ ਕਿਹਾ ਕਿ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਜਲਦੀ ਤੋਂ ਜਲਦੀ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਅਜਿਹੀਆਂ ਘਟਨਾਵਾਂ ਬਰਦਾਸ਼ਤ ਕਰਨ ਯੋਗ ਨਹੀਂ ਹਨ।

ਉਨ੍ਹਾਂ ਨੇ ਕਿਹਾ ਕਿ 8 ਸਾਲ ਪਹਿਲਾਂ 2015 ਵਿੱਚ ਵੀ ਬਰਗਾੜੀ ਬੇਅਦਬੀ ਕਾਂਡ ਅਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ ਸਨ, ਜਿਸ ਦੀ ਅੱਗ ਅਜੇ ਤੱਕ ਪੂਰੀ ਤਰ੍ਹਾਂ ਠੰਢੀ ਨਹੀਂ ਹੋਈ।

ਐੱਸਐੱਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।