ਪੰਜਾਬੀ ‘ਵਰਸਿਟੀ ਨੇ ਅਨਮੋਲ ਦੁਰਲੱਭ ਖਰੜੇ ਰੋਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪੁਰਾਤਨ ਇਤਿਹਾਸਕ ਦੁਰਲੱਭ ਖਰੜੇ ਖ਼ਤਮ ਕੀਤੇ ਜਾ ਰਹੇ ਹਨ। ਸਿੱਖ ਪ੍ਰਚਾਰਕ ਹਰਜਿੰਦਰ ਸਿੰਘ ਮਾਝੀ ਨੇ ਤੱਥਾਂ ਦੇ ਨਾਲ ਇਸ ਗੱਲ ਦਾ ਦਾਅਵਾ ਕੀਤਾ ਹੈ। ਮਾਝੀ ਨੇ ਇਸ ਨੂੰ ਵੱਡੀ ਸਾਜਿਸ਼ ਕਰਾਰ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਦੀ ਡਾ.ਗੰਡਾ ਸਿੰਘ ਰੈਫਰੈਂਸ ਲਾਇਬ੍ਰੇਰੀ ਵਿੱਚ ਵੱਖ ਵੱਖ ਧਰਮਾਂ ਦੇ ਨਾਲ ਸਬੰਧਿਤ ਦੁਰਲੱਭ ਇਤਿਹਾਸਕ ਖਰੜੇ ਪਏ ਹਨ, ਜਿਨ੍ਹਾਂ ਨੂੰ ਕੂੜੇ ਦੇ ਢੇਰ ਵਾਂਗ ਲਾਇਬ੍ਰੇਰੀ ਵਿੱਚ ਰੱਖਿਆ ਗਿਆ ਹੈ।

ਭਾਈ ਮਾਝੀ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਇੱਕ ਸੈਫ਼ੀ ਨਾਂ ਦੀ ਜਥੇਬੰਦੀ ਹੈ, ਜਿਸਨੇ 17 ਅਗਸਤ 2022 ਨੂੰ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਰਵਿੰਦ ਨੂੰ ਲਿਖਤੀ ਪੱਤਰ ਦੇ ਕੇ ਪੁਰਾਤਨ ਦੁਰਲੱਭ ਖਰੜਿਆਂ ਨੂੰ ਸੰਭਾਲਣ ਦੀ ਅਪੀਲ ਕੀਤੀ ਸੀ ਅਤੇ ਖਰੜਿਆਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ।

ਪਰ ਵਾਈਸ ਚਾਂਸਲਰ ਵੱਲੋਂ ਕੋਈ ਵੀ ਜਵਾਬ ਨਾ ਆਉਣ ਉੱਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵਾਈਸ ਚਾਂਸਲਰ ਦੇ ਦਫ਼ਤਰ ਦੇ ਸਾਹਮਣੇ ਧਰਨਾ ਸ਼ੁਰੂ ਕਰ ਦਿੱਤਾ ਅਤੇ 23 ਅਗਸਤ ਨੂੰ ਵਿਦਿਆਰਥੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਇਸ ਸਬੰਧੀ ਪੱਤਰ ਲਿਖ ਕੇ ਦੱਸਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਰਨੈਲ ਸਿੰਘ ਕਰਤਾਰਪੁਰੀ ਸਮੇਤ ਤਿੰਨ ਵਿਅਕਤੀਆਂ ਦੀ ਇੱਕ ਟੀਮ ਆਉਂਦੀ ਹੈ, ਜਿਹੜੀ ਵਾਈਸ ਚਾਂਸਲਰ ਨੂੰ ਨਾਲ ਲੈ ਕੇ ਡਾ.ਗੰਡਾ ਸਿੰਘ ਰੈਫਰੈਂਸ ਲਾਇਬ੍ਰੇਰੀ ਦਾ ਦੌਰਾ ਕਰਨ ਤੋਂ ਬਾਅਦ ਸਮਝੌਤੇ ਕਰਾਉਣ ਦੀਆਂ ਗੱਲਾਂ ਕਰਦੇ ਹਨ। ਯੂਨੀਵਰਸਿਟੀ ਪ੍ਰਸ਼ਾਸਨ 25 ਅਗਸਤ ਨੂੰ ਪਸ਼ਚਾਤਾਪ ਕਰਨ ਦੇ ਲਈ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ ਕਰਦਾ ਹੈ, ਪਰ ਉਸੇ 25 ਅਗਸਤ ਦੀ ਸ਼ਾਮ ਨੂੰ ਪ੍ਰੈਸ ਨੋਟ ਦਿੱਤਾ ਜਾਂਦਾ ਹੈ, ਜਿਸ ਵਿੱਚ ਬੇਅਦਬੀ ਵਰਗੀਆਂ ਗੱਲਾਂ ਨੂੰ ਝੁਠਲਾਇਆ ਜਾਂਦਾ ਹੈ।

ਪੰਜਾਬੀ ਯੂਨੀਵਰਸਿਟੀ ਦੇ ਫੇਸਬੁੱਕ ਪੇਜ ਉੱਤੇ ਵੀ ਬੇਅਦਬੀ ਨੂੰ ਝੁਠਲਾਇਆ ਜਾਂਦਾ ਹੈ ਅਤੇ ਫੇਸਬੁੱਕ ਕੁਮੈਂਟਜ਼ ਨੂੰ ਬੰਦ ਕੀਤਾ ਜਾਂਦਾ ਹੈ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਵਿੱਚ ਵੀ ਬੇਅਦਬੀ ਦੇ ਪਸ਼ਚਾਤਾਪ ਦੀ ਕੋਈ ਅਰਦਾਸ ਨਹੀਂ ਕੀਤੀ ਜਾਂਦੀ ਸਗੋਂ ਸ਼੍ਰੀ ਅਖੰਡ ਪਾਠ ਸਾਹਿਬ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਤਾ ਜਾਂਦਾ ਹੈ।

ਅਰਦਾਸ ਵਿੱਚ ਵੀ ਗੋਲ ਮੋਲ ਲਫ਼ਜ਼ਾਂ ਵਿੱਚ ਮੁਆਫ਼ੀ ਮੰਗੀ ਜਾਂਦੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੁਰਾਤਨ ਖਰੜਿਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸਨ। ਬੇਅਦਬੀ ਖਿਲਾਫ਼ ਲੜਨ ਵਾਲੇ ਵਿਦਿਆਰਥੀਆਂ ਨੂੰ ਧਮਕਾਇਆ ਜਾ ਰਿਹਾ ਹੈ।