The Khalas Tv Blog Punjab ਜਲੰਧਰ ਦੇ ਗੜ੍ਹਾ ਇਲਾਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
Punjab Religion

ਜਲੰਧਰ ਦੇ ਗੜ੍ਹਾ ਇਲਾਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਜਲੰਧਰ ਦੇ ਥਾਣਾ 7 ਅਧੀਨ ਅਰਬਨ ਅਸਟੇਟ ਵਿੱਚ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨੇ ਸਿੱਖ ਸੰਗਠਨਾਂ ਵਿੱਚ ਗੁੱਸਾ ਪੈਦਾ ਕਰ ਦਿੱਤਾ ਹੈ। ਇਸ ਘਟਨਾ ਨੂੰ ਲੈ ਕੇ ਸਿੱਖ ਸੰਗਠਨਾਂ ਨੇ ਥਾਣੇ ਅੱਗੇ ਹੰਗਾਮਾ ਕੀਤਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਹ ਘਟਨਾ ਇੱਕ ਕਿਰਾਏ ਦੇ ਮਕਾਨ ਵਿੱਚ ਵਾਪਰੀ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਰੱਖਿਆ ਹੋਇਆ ਸੀ। ਘਟਨਾ ਤੋਂ ਬਾਅਦ ਸਰੂਪ ਨੂੰ ਗੁਰਦੁਆਰਾ ਸਾਹਿਬ ਵਿੱਚ ਸਤਿਕਾਰ ਨਾਲ ਰੱਖਿਆ ਗਿਆ।

ਸਿੱਖ ਸੰਗਠਨਾਂ ਨੇ ਦੋਸ਼ ਲਾਇਆ ਕਿ ਜਿਸ ਘਰ ਵਿੱਚ ਬੇਅਦਬੀ ਹੋਈ, ਉੱਥੇ ਸੇਵਾ ਦੌਰਾਨ ਪਾਠੀ ਮੌਜੂਦ ਨਹੀਂ ਸੀ, ਅਤੇ ਪਰਿਵਾਰ ਦੀ ਲਾਪਰਵਾਹੀ ਕਾਰਨ ਇਹ ਘਟਨਾ ਵਾਪਰੀ। ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਲਈ ਸਖ਼ਤ ਨਿਯਮਾਂ ਦੀ ਪਾਲਣਾ ਜ਼ਰੂਰੀ ਹੈ, ਅਤੇ ਘਰਾਂ ਵਿੱਚ ਸਰੂਪ ਰੱਖਣ ਵਾਲਿਆਂ ਦੀ ਜਾਂਚ ਹੋਣੀ ਚਾਹੀਦੀ। ਸੰਗਠਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਜਿਹੇ ਮਾਮਲਿਆਂ ਦੀ ਨਿਗਰਾਨੀ ਲਈ ਕਿਹਾ।

ਪੁਲਿਸ ਨੇ ਸ਼ਿਕਾਇਤ ਮਿਲਣ ’ਤੇ ਉਕਤ ਘਰ ਦੇ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਸਿੱਖ ਸੰਗਠਨਾਂ ਨੇ ਦੱਸਿਆ ਕਿ ਪਰਿਵਾਰ ਦੀ ਔਰਤ ਨੇ ਪਹਿਲਾਂ ਆਪਣੀ ਧੀ ’ਤੇ ਬੇਅਦਬੀ ਦਾ ਦੋਸ਼ ਮੰਨਿਆ, ਪਰ ਬਾਅਦ ਵਿੱਚ ਬਿਆਨ ਬਦਲ ਲਿਆ। ਸੀਸੀਟੀਵੀ ਕੈਮਰਿਆਂ ਦੇ ਕੰਮ ਨਾ ਕਰਨ ਕਾਰਨ ਜਾਂਚ ਵਿੱਚ ਮੁਸ਼ਕਿਲ ਆ ਰਹੀ ਹੈ। ਸੰਗਠਨਾਂ ਨੇ ਚੇਤਾਵਨੀ ਦਿੱਤੀ ਕਿ 2015 ਤੋਂ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ’ਤੇ ਸੰਗਤ ਸਖ਼ਤ ਕਾਰਵਾਈ ਕਰੇਗੀ। ਇਸ ਮਾਮਲੇ ਨੂੰ ਲੈ ਕੇ ਸਿੱਖ ਸੰਗਠਨਾਂ ਨੇ ਮੀਟਿੰਗ ਬੁਲਾਈ ਹੈ, ਜਿੱਥੇ ਘਰਾਂ ਵਿੱਚ ਸਰੂਪ ਦੀ ਸੇਵਾ ਦੀ ਜਾਂਚ ਦੀ ਮੰਗ ਕੀਤੀ ਗਈ।

 

Exit mobile version