’ਦ ਖ਼ਾਲਸ ਬਿਊਰੋ: ਬੀਤੇ ਦਿਨ 17 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਆਪਣਾ 100 ਸਾਲਾ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥਕ ਸਮਾਗਮ ਕਰਵਾਏ ਗਏ। ਇਸ ਦੌਰਾਨ ਸਿੰਘ ਸਾਹਿਬਾਨ ਅਤੇ ਪੰਥ ਦੀਆਂ ਸਿਰਮੌਰ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
ਸਮਾਗਮਾਂ ਦੌਰਾਨ ਵੱਖ-ਵੱਖ ਪੰਥਕ ਬੁਲਾਰਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਤਿਹਾਸਿਕ ਪਿਛੋਕੜ, ਪਿਛਲੇ ਸੌ ਸਾਲਾ ਇਤਿਹਾਸ ਦੀਆਂ ਪ੍ਰਾਪਤੀਆਂ, ਮੌਜੂਦਾ ਸਮੱਸਿਆਵਾਂ ਅਤੇ ਚੁਣੌਤੀਆਂ ’ਤੇ ਮੰਥਨ ਕਰਦਿਆਂ ਭਵਿੱਖੀ ਯੋਜਨਾਵਾਂ ਉਲੀਕਣ ’ਤੇ ਜ਼ੋਰ ਦਿੱਤਾ। ਸ਼੍ਰੋਮਣੀ ਕਮੇਟੀ ਦੇ ਆਪਣੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪ-ਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਦਾ ਵੀ ਆਯੋਜਨ ਕੀਤਾ। ਇਸ ਦੌਰਾਨ ਵੱਖ-ਵੱਖ ਪੰਥ ਅਤੇ ਸਮਾਜਿਕ ਸਰੋਕਾਰਾਂ ਨਾਲ ਸਬੰਧ ਰੱਖਦੇ 11 ਵਿਸ਼ੇਸ਼ ਮਤੇ ਵੀ ਪਾਸ ਕੀਤੇ ਗਏ।
ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਤੋਂ ਲੈ ਕੇ ਮੌਜੂਦਾ ਸਮੇਂ ਤੱਕ ਦਾ ਸੰਖੇਪ ਇਤਿਹਾਸ ਦਰਸਾਉਂਦਾ ਇੱਕ ਕਿਤਾਬਚਾ ਜਾਰੀ ਕੀਤਾ ਗਿਆ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਸਨਮਾਨਿਤ ਕੀਤਾ ਗਿਆ।
ਜਥੇਦਾਰ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਦਾ ਸਖ਼ਤ ਰੁਖ਼
ਪੰਥਕ ਸਮਾਗਮ ਦੌਰਾਨ ਕੌਮ ਦੇ ਨਾਂ ਸੰਦੇਸ਼ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਨੇ ਹਮੇਸ਼ਾ ਸਿੱਖਾਂ ਪ੍ਰਤੀ ਬੇਰੁਖੀ ਵਾਲਾ ਵਤੀਰਾ ਅਪਣਾਈ ਰੱਖਿਆ ਹੈ। ਅਜ਼ਾਦੀ ਤੋਂ ਬਾਅਦ ਸਿੱਖਾਂ ਅੱਗੇ ਹਮੇਸ਼ਾ ਹੀ ਚੁਣੌਤੀਆਂ ਦਰਪੇਸ਼ ਰਹੀਆਂ ਹਨ, ਜੋ ਅਜੌਕੇ ਸਮੇਂ ’ਚ ਵੀ ਜਾਰੀ ਹਨ। ਉਨ੍ਹਾਂ ਕਿਹਾ ਕਿ SGPC ਨੂੰ ਹਕਮੂਤਾਂ ਵੱਲੋਂ ਇਸ ਲਈ ਨਿਸ਼ਾਨਾ ਬਣਾਇਆ ਜਾਂਦਾ ਹੈ ਕਿ ਕਿਉਂਕਿ ਉਹ ਸਮਝਦੇ ਹਨ ਕਿ ਸ਼੍ਰੋਮਣੀ ਕਮੇਟੀ ਸਟੇਟ ਦੇ ਅੰਦਰ ਇੱਕ ਵੱਖਰੀ ਸਟੇਟ ਵਾਂਗ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ 1984 ‘ਚ ਵੀ ਸਰਕਾਰ ਨੇ ਐਸਜੀਪੀਸੀ ਨੂੰ ਤੋੜਨ ਦਾ ਕੰਮ ਕੀਤਾ, ਪਰ ਉਦੋਂ ਦਾਲ ਨਹੀਂ ਗਲ਼ੀ। ਐਸਜੀਪੀਸੀ ਇਕ ਆਜ਼ਾਦ ਸਟੇਟ ਦਾ ਰੁਤਬਾ ਰੱਖਦੀ ਹੈ, ਇਸ ਲਈ ਹਕੂਮਤ ਇਸ ਨੂੰ ਤੋੜਨਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਇਸੇ ਲਈ ਹੀ ਇਹ ਸੰਸਥਾ ਸਰਕਾਰਾਂ ਨੂੰ ਚੁੱਭਦੀ ਰਹੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਕੇਂਦਰ ਸਰਕਾਰ ਵੀ ਸਿੱਖਾਂ ਦੀ ਹਮਦਰਦ ਨਹੀਂ ਹੈ। ਉਨ੍ਹਾਂ ਗੁਰਬਾਣੀ, ਨਿਤਨੇਮ, ਇਤਿਹਾਸ, ਸੰਪਰਦਾਵਾਂ, ਸੰਸਥਾਵਾਂ, ਅੰਮ੍ਰਿਤ ਅਤੇ ਸਿੱਖ ਸਿਧਾਂਤਾਂ ਨੂੰ ਚੁਣੌਤੀ ਦੇਣ ਵਾਲੇ ਲੋਕਾਂ ਤੋਂ ਸੰਗਤ ਨੂੰ ਸੁਚੇਤ ਕਰਦਿਆਂ ਆਖਿਆ ਕਿ ਅੱਜ ਅਜਿਹੀਆਂ ਸ਼ਕਤੀਆਂ ਦਾ ਸਾਂਝੇ ਯਤਨਾਂ ਨਾਲ ਮੁਕਾਬਲਾ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਆਪਣੀਆਂ ਸੰਸਥਾਵਾਂ ਸੰਭਾਲਣ ਦੀ ਲੋੜ ਹੈ। ਜਥੇਦਾਰ ਨੇ ਕਿਹਾ ਕਿ ਅੱਜ ਹਿੰਦੋਸਤਾਨ ‘ਚ ਲੋਕਤੰਤਰ ਸਰਕਾਰ ਨਹੀਂ ਹੈ। ਇਹ ਸਰਕਾਰ ਈਵੀਐਮ ਦੇ ਰਾਹੀਂ ਸੱਤਾ ‘ਤੇ ਕਾਬਜ਼ ਹੋਈ ਹੈ ਅਤੇ ਪਤਾ ਨਹੀਂ ਹੋਰ ਕਿੰਨੇ ਸਾਲ ਸੱਤਾ ‘ਤੇ ਕਾਬਜ਼ ਰਹੇਗੀ। ਜੇ ਅਸੀਂ ਇਕੱਠੇ ਨਾ ਹੋਏ ਤਾਂ ਸਾਨੂੰ ਖਖੜੀਆ ਕਰੇਲੇ ਕਰ ਦੇਣਗੇ।
ਸ਼੍ਰੋਮਣੀ ਅਕਾਲੀ ਦਲ ਬਾਰੇ ਗੱਲ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਾਂ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਉਸ ਦਾ ਪੁੱਤਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਮਾਂ-ਪੁੱਤ ਨੂੰ ਕੋਈ ਵੱਖਰਿਆਂ ਨਹੀਂ ਕਰ ਸਕਦਾ। ਐਸਜੀਪੀਸੀ ਦੇ ਗੇਟਾਂ ਨੂੰ ਤਾਲੇ ਮਾਰਨ ਦੀ ਘਟਨਾ ‘ਤੇ ਜਥੇਦਾਰ ਨੇ ਤਖਤੀ ਭਰੇ ਲਹਿਜ਼ੇ ‘ਚ ਕਿਹਾ ਕਿ ਜੇ ਭਵਿੱਖ ਵਿੱਚ ਕੋਈ ਸਿਰਫਿਰਾ ਸ਼੍ਰੋਮਣੀ ਕਮੇਟੀ ਨੂੰ ਤਾਲੇ ਮਾਰਨ ਦੀ ਹਿਮਾਕਤ ਕਰੇ ਤਾਂ ਉਸ ਦੇ ਪੁੱਤਰ ਵਹੀਰਾਂ ਘੱਤ ਕੇ ਸ੍ਰੀ ਅੰਮ੍ਰਿਤਸਰ ਆਉਣ, ਤਾਂ ਕਿ ਕੋਈ ਦੁੱਕੀ-ਤਿੱਕੀ ਸ਼੍ਰੋਮਣੀ ਕਮੇਟੀ ਦੇ ਗੇਟਾਂ ਨੂੰ ਤਾਲੇ ਮਾਰਨ ਦੀ ਹਿਮਾਕਤ ਨਾ ਕਰ ਸਕੇ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਅਜਿਹੀਆਂ ਸ਼ਕਤੀਆਂ ਦੇ ਮੁਕਾਬਲੇ ਲਈ ਸਮੁੱਚਾ ਪੰਥ ਇਕਜੁੱਟ ਹੋਵੇ। ਉਨ੍ਹਾਂ ਕਿਹਾ ਕਿ ਸਵਾਲ ਪੁੱਛਣ ਦਾ ਹਰ ਇੱਕ ਨੂੰ ਹੱਕ ਹੈ, ਪਰ ਇਸ ਦੀ ਇਕ ਮਰਿਆਦਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਅੰਦਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਾਹਮਣੇ ਵਾਪਰੀਆਂ ਘਟਨਾਵਾਂ ਦੁਖਦਾਈ ਹਨ ਅਤੇ ਸਿੱਖਾਂ ਨੂੰ ਅਜਿਹੀਆਂ ਘਟਨਾਵਾਂ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਦੀ ਪਛਾਣ ਕਰਨੀ ਚਾਹੀਦੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ ਮੂਹਰੇ ਧਰਨਾ ਦੇਣ ਦੀ ਬਜਾਏ ਸੰਗਤ ਨੂੰ ਸਿਆਸੀ ਲੀਡਰਾਂ ਦੇ ਦਫ਼ਤਰਾਂ ਮੂਹਰੇ ਧਰਨੇ ਦੇਣੇ ਚਾਹੀਦੇ ਹੈ। ਸਿੱਖਾਂ ਦੇ ਧਾਰਮਿਕ ਸਥਾਨ ਵਿੱਚ ਜਦੋਂ ਪੱਗਾਂ ਲੱਥਦੀਆਂ ਹਨ, ਜਾਂ ਕਿਰਪਾਨਾਂ ਚੱਲਦੀਆਂ ਹਨ ਤਾਂ ਦੁਨੀਆ ਦੇਖਦੀ ਹੈ, ਗ਼ਲਤ ਸੰਦੇਸ਼ ਜਾਂਦਾ ਹੈ। ਇਸ ਲਈ ਇਸ ਗੱਲ ਵੱਲ ਧਿਆਨ ਦੇਣ ਦੀ ਲੋੜ ਹੈ। ਇਸ ਸਬੰਧੀ ਉਨ੍ਹਾਂ ਮੀਡੀਆ ’ਤੇ ਵੀ ਨਿਸ਼ਾਨਾ ਸਾਧਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟ ਕਿਹਾ ਕਿ ਇਹ ਮਾਮਲਾ ਪ੍ਰਬੰਧਕੀ ਅਤੇ ਹੇਰਾਫੇਰੀ ਨਾਲ ਜੁੜਿਆ ਹੋਇਆ ਹੈ ਨਾ ਕਿ ਬੇਅਦਬੀ ਨਾਲ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਿਰਪੱਖ ਜਾਂਚ ਕਰਵਾਈ ਹੈ ਅਤੇ ਪੰਥ ਨੂੰ ਇਸ ’ਤੇ ਸ਼ੱਕ ਨਹੀਂ ਕਰਨਾ ਚਾਹੀਦਾ। ਉਨ੍ਹਾਂ ਸੌ ਸਾਲਾ ਸਥਾਪਨਾ ਦਿਵਸ ਦੀ ਖ਼ਾਲਸਾ ਪੰਥ ਨੂੰ ਵਧਾਈ ਵੀ ਦਿੱਤੀ।
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀ ਕਿਹਾ
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਤੋਂ ਲੈ ਕੇ ਹੁਣ ਤੱਕ ਸ਼੍ਰੋਮਣੀ ਕਮੇਟੀ ਦੇ ਸਫ਼ਰ ’ਤੇ ਝਾਤ ਪਾਉਂਦਿਆਂ ਭਵਿੱਖ ਵਿੱਚ ਹੋਰ ਦ੍ਰਿੜ੍ਹਤਾ ਨਾਲ ਪੰਥਕ ਸੇਵਾਵਾਂ ਨਿਭਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਨਾ ਕੇਵਲ ਗੁਰਦੁਆਰਾ ਪ੍ਰਬੰਧਾਂ ਬਲਕਿ ਸਮੁੱਚੀ ਮਾਨਵਤਾ ਦੀ ਸੇਵਾ ਵਿੱਚ ਸ਼੍ਰੋਮਣੀ ਕਮੇਟੀ ਦੀ ਵਿਲੱਖਣ ਦੇਣ ਹੈ।
ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਦਾ ਭਵਿੱਖੀ ਏਜੰਡੇ ਦਾ ਐਲਾਨ ਕਰਦਿਆਂ ਧਰਮ ਪ੍ਰਚਾਰ ਦੀ ਲਹਿਰ ਨੂੰ ਆਧੁਨਿਕ ਸਾਧਨਾਂ ਦੀ ਵਰਤੋਂ ਨਾਲ ਹੋਰ ਪ੍ਰਚੰਡ ਕਰਨ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਕਮੇਟੀ ਦੀਆਂ ਜ਼ਿੰਮੇਵਾਰੀਆਂ ਦੇ ਅਹਿਸਾਸ ਦਾ ਪ੍ਰਗਟਾਵਾ ਕਰਦਿਆਂ ਵਿਸ਼ਵ ਭਰ ਦੇ ਸਿੱਖਾਂ ਲਈ ਗੁਰਮਤਿ ਅਨੁਸਾਰ ਸੇਵਾ ਨਿਭਾਉਣ, ਵਿੱਦਿਆ ਦੇ ਪ੍ਰਚਾਰ ਪ੍ਰਸਾਰ ਅਤੇ ਵੱਖ-ਵੱਖ ਥਾਵਾਂ ’ਤੇ ਵੱਸ ਰਹੇ ਸਿੱਖਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ਵ ਪੱਧਰੀ ਸਲਾਹਕਾਰ ਕਮੇਟੀ ਦੇ ਗਠਨ ਦਾ ਐਲਾਨ ਵੀ ਕੀਤਾ।
ਇਸ ਤੋਂ ਇਲਾਵਾ ਵੱਧ ਰਹੇ ਪ੍ਰਦੂਸ਼ਣ ਦੇ ਹੱਲ ਲਈ ਵਾਤਾਵਰਨ ਲਹਿਰ ਤਹਿਤ ਹਰ ਗੁਰਦੁਆਰਾ ਸਾਹਿਬ ਤੋਂ ਬੂਟਾ ਪ੍ਰਸ਼ਾਦ ਦੇਣ, ਪਿੰਡਾਂ ਕਸਬਿਆਂ ਸ਼ਹਿਰਾਂ ਵਿੱਚ ਗ੍ਰੰਥੀ ਸਾਹਿਬਾਨ ਨੂੰ ਗੁਰਬਾਣੀ ਸੰਥਿਆ ਅਤੇ ਸਿੱਖ ਰਹਿਤ ਮਰਿਆਦਾ ਵਿੱਚ ਪ੍ਰਪੱਕ ਬਣਾਉਣ, ਧਰਮੀ ਫ਼ੌਜੀਆਂ ਦੀ ਪੈਨਸ਼ਨ ਅਤੇ ਹੋਰ ਸਮੱਸਿਆਵਾਂ ਦੇ ਹੱਲ ਲਈ ਪੈਰਵਾਈ ਕਰਨ, ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਉਠਾਉਣ ਦਾ ਵੀ ਅਹਿਦ ਕੀਤਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਧਰਮ ਪ੍ਰਚਾਰ ਪ੍ਰਸਾਰ ਲਈ ਮੁੜ ਦ੍ਰਿੜ੍ਹਤਾ ਦਾ ਪ੍ਰਗਟਾਵਾ ਕਰਦਿਆਂ ਅਗਲੇ ਪੂਰੇ ਵਰ੍ਹੇ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਉਲੀਕਣ ਦਾ ਵੀ ਐਲਾਨ ਕੀਤਾ।
ਸ਼੍ਰੋਮਣੀ ਕਮੇਟੀ ਨੂੰ ਦੋਫਾੜ ਨਹੀਂ ਹੋਣ ਦੇਵਾਂਗੇ: ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੁੱਚੀ ਕੌਮ ਨੂੰ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਤਿਹਾਸਿਕ ਪਿਛੋਕੜ ਇੰਨਾ ਮਹੱਤਵਪੂਰਨ ਹੈ ਕਿ ਇਸ ਨੇ ਦੇਸ਼ ਦੀ ਅਜ਼ਾਦੀ ਦੇ ਘੋਲ ਲਈ ਵੱਡਾ ਉਤਸ਼ਾਹ ਪੈਦਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਦੀਆਂ ਹਨ ਅਤੇ ਅਜ਼ਾਦੀ ਤੋਂ ਬਾਅਦ ਵੀ ਸਿੱਖਾਂ ਨੇ ਹਰ ਖੇਤਰ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸੰਗਤੀ ਸੰਸਥਾ ਹੈ, ਪਰ ਇਸ ਦੇ ਵਿਰੋਧੀਆਂ ਤੋਂ ਇਸ ਦੀ ਆਭਾ ਸਹਾਰੀ ਨਹੀਂ ਜਾਂਦੀ।
ਉਨ੍ਹਾਂ ਸਿੱਖ ਵਿਰੋਧੀ ਸ਼ਕਤੀਆਂ ਦੇ ਬਹਿਕਾਵੇ ਵਿੱਚ ਆ ਕੇ ਸ਼੍ਰੋਮਣੀ ਕਮੇਟੀ ਦਾ ਵਿਰੋਧ ਕਰਨ ਵਾਲਿਆਂ ਨੂੰ ਕਿਹਾ ਕਿ ਉਹ ਪਹਿਲਾਂ ਇਸ ਦੇ ਇਤਿਹਾਸਿਕ ਪਿਛੋਕੜ ਅਤੇ ਪ੍ਰਾਪਤੀਆਂ ਦੀ ਜਾਣਕਾਰੀ ਹਾਸਿਲ ਕਰਨ। ਨਿੱਜੀ ਲਾਲਸਾਵਾਂ ਕਾਰਨ ਸਿੱਖ ਪੰਥ ਦੀ ਸੇਵਕ ਸੰਸਥਾ ਨੂੰ ਭੰਡਣਾ ਠੀਕ ਨਹੀਂ ਹੈ। ਸਿੱਖ ਪੰਥ ਅੱਗੇ ਮੌਜੂਦਾ ਚੁਣੌਤੀਆਂ ’ਤੇ ਗੰਭੀਰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਾਖੋਰੀ, ਪਤਿਤਪੁਣਾ, ਧਰਮ ਪ੍ਰਵਰਤਨ ਅਤੇ ਦੇਸ਼ ਵਿੱਚ ਘੱਟਗਿਣਤੀਆਂ ਵਿੱਚ ਵਧ ਰਹੀ ਅਸੁਰੱਖਿਆ ਦੀ ਭਾਵਨਾ ਨੂੰ ਦੂਰ ਕਰਨ ਲਈ ਸਮੂਹਿਕ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਘੱਟਗਿਣਤੀਆਂ ਦੀ ਰਖਵਾਲੀ ਨੂੰ ਯਕੀਨੀ ਬਣਾਉਣਾ, ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਸਭ ਤੋਂ ਵੱਡੀ ਚੁਣੌਤੀ ਪੰਜਾਬ ਦੀ ਜਵਾਨੀ ਨੂੰ ਸੰਭਾਲਣ ਦੀ ਦੱਸੀ। ਉਨ੍ਹਾਂ ਕਿਹਾ ਕਿ ਜਵਾਨੀ ਨੂੰ ਗੁੰਮਰਾਹ ਹੋਣ ਦੇ ਮੌਕੇ ਬਹੁਤ ਜ਼ਿਆਦਾ ਮਿਲ ਗਏ ਹਨ। ਬਾਦਲ ਨੇ ਸ਼੍ਰੋਮਣੀ ਕਮੇਟੀ ਨੂੰ ਵਿਰਸੇ ਦੀ ਸਾਂਭ-ਸੰਭਾਲ ਅਤੇ ਨੌਜੁਆਨੀ ਅੰਦਰ ਇਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਹੰਭਲਾ ਮਾਰਨ ਲਈ ਕਿਹਾ। ਉਨ੍ਹਾਂ ਧਰਮ ਪਰਿਵਰਤਨ ਨੂੰ ਵੀ ਸਭ ਤੋਂ ਵੱਡੀ ਚੁਣੌਤੀ ਦੱਸਿਆ।
ਸੁਖਬੀਰ ਬਾਦਲ ਨੇ SGPC ਦੀ ਚੋਣਾਂ ਬਾਰੇ ਬੋਲਦੇ ਹੋਏ ਕਿਹਾ, ‘ਬਾਦਲ ਪਰਿਵਾਰ ਵੋਟਾਂ ਨਹੀਂ ਪਵਾਉਂਦਾ। SGPC ਦੀਆਂ ਚੋਣਾਂ ਚੋਣ ਕਮਿਸ਼ਨ ਕਰਵਾਉਂਦੀ ਹੈ।’ ਉਨ੍ਹਾਂ SPGC ਬਾਰੇ ਬੋਲਦੇ ਹੋਏ ਕਿਹਾ, ‘SPGC ਲੱਖਾ ਲੋਕਾਂ ਨੂੰ ਲੰਗਰ ਛਕਾਉਣ ਦਾ ਕੰਮ ਕਰਦੀ ਹੈ। ਸੌ ਤੋਂ ਵੱਧ ਗੁਰੂ ਘਰਾਂ ਦੀ ਸਾਂਭ ਸੰਭਾਲ ਸਵੇਰ ਤੋਂ ਲੈ ਕੇ ਸ਼ਾਮ ਤੱਕ ਚਲਦੀ ਹੈ।’
ਉਨ੍ਹਾਂ ਕਿਹਾ ਕਿ SGPC ਦੀ ਨਿੰਦਾ ਕਰਨ ਵਾਲੇ ਉਹ ਲੋਕ ਹਨ ਜਿਹੜੇ ਹਰ ਵਾਰ ਨਕਾਰੇ ਗਏ ਹਨ। ਉਨ੍ਹਾਂ ਮੁਆਫੀ ਮੰਗਦੇ ਹੋਏ ਕਿਹਾ, ‘ਜੇ SGPC ਦੇ ਪ੍ਰਬੰਧਾਂ ’ਚ ਕੋਈ ਕਮੀ ਰਹਿ ਗਈ ਹੋਵੇ ਤਾਂ ਮੁਆਫੀ ਚਾਹੁੰਦੇ ਹਾਂ।’
ਸ੍ਰੋਮਣੀ ਅਕਾਲੀ ਦਲ ਬਾਰੇ ਬੋਲਦੇ ਹੋਏ ਸੁਖਬੀਰ ਨੇ ਕਿਹਾ, ‘ਅਕਾਲੀ ਦਲ ਕਿਸੇ ਦੀ ਜਾਇਦਾਦ ਨਹੀਂ ਹੈ। ਅਕਾਲੀ ਦਲ ਦਾ ਉਦੇਸ਼ ਪੰਜਾਬੀਅਤ ਲਈ ਕੰਮ ਕਰਨਾ ਹੈ। ਅਕਾਲੀ ਦਲ ਨੇ ਪੰਜਾਬ ਵਿੱਚ 24 ਘੰਟੇ ਬਿਜਲੀ ਦੀ ਸੱਮਸਿਆ ਨੂੰ ਹੱਲ ਕੀਤਾ ਹੈ।’
ਉਨ੍ਹਾਂ ਆਸ ਪ੍ਰਗਟਾਈ ਕਿ ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਦੇ ਆਪਸੀ ਤਾਲਮੇਲ ਨਾਲ ਸਾਰੀਆਂ ਚੁਣੌਤੀਆਂ ਤੋਂ ਪਾਰ ਜਾ ਕੇ ਸਾਰਥਿਕ ਸਿੱਟੇ ਜ਼ਰੂਰ ਨਿਕਲਣਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸਿੱਖਿਆ, ਸਿਹਤ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਸੁਝਾਅ ਦਿੰਦਿਆਂ ਕਿਹਾ ਕਿ ਪੰਥਕ ਸੇਵਾਵਾਂ ਵਿੱਚ ਬਿਹਤਰ ਨਤੀਜੇ ਲਿਆਉਣ ਲਈ ਭਵਿੱਖੀ ਯੋਜਨਾਵਾਂ ਨੂੰ ਪੰਜ ਸਾਲਾ ਦਾਇਰੇ ਅੰਦਰ ਪੂਰਾ ਕੀਤਾ ਜਾਵੇ। ਇਸ ਦੇ ਲਈ ਉਨ੍ਹਾਂ ਨੇ ਸੰਗਤਾਂ ਪਾਸੋਂ ਵੀ ਸੁਝਾਅ ਲੈ ਕੇ ਗੌਰ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਬੀਬੀ ਜਗੀਰ ਕੌਰ ਨੇ ਸਿੱਖਾਂ ਪ੍ਰਤੀ ਹੋ ਰਹੇ ਨਸਲੀ ਵਿਤਕਰੇ ’ਤੇ ਜਤਾਈ ਚਿੰਤਾ
ਬੀਬੀ ਜਗੀਰ ਕੌਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਚਿੰਤਾ ਪ੍ਰਗਟਾਈ ਕਿ ਅੱਜ ਵੀ ਸਾਡਾ ਸਮਾਜ ਜਾਤ-ਪਾਤ, ਊਚ-ਨੀਚ ਦੇ ਕੋਹੜ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਜਾਤ, ਨਸਲ, ਰੰਗ ਅਤੇ ਇਲਾਕਿਆਂ ਦੇ ਆਧਾਰ ’ਤੇ ਵਿਤਕਰਿਆਂ ਦੀਆਂ ਮੰਦਭਾਗੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ਚੁਣੌਤੀ ਦਾ ਮੁਕਾਬਲਾ ਗੁਰੂ-ਸਿਧਾਂਤਾਂ ਮੁਤਾਬਕ ਹੀ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਵੱਸਦੀ ਸਿੱਖ ਕੌਮ ਆਪਣੀ ਵੱਖਰੀ ਪਹਿਚਾਣ ਲਈ ਸੰਕਟ ਦਾ ਸਾਹਮਣਾ ਕਰ ਰਹੀ ਹੈ। ਦੁਨੀਆ ਭਰ ਦੇ ਵੱਖ-ਵੱਖ ਮੁਲਕਾਂ ਅੰਦਰ ਵੱਸਦੇ ਸਿੱਖਾਂ ਨੂੰ ਪਛਾਣ ਦੇ ਭੁਲੇਖੇ ਕਾਰਨ ਨਸਲੀ ਵਿਤਕਰਿਆਂ ਅਤੇ ਹਮਲਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਪਿਛਲੇ ਸਮਿਆਂ ਦੌਰਾਨ ਬਹੁਤ ਸਾਰੇ ਦੇਸ਼ਾਂ ਵਿੱਚ ਇਸੇ ਭੁਲੇਖੇ ਕਾਰਨ ਸਿੱਖਾਂ ’ਤੇ ਕਾਤਲਾਨਾ ਹਮਲੇ ਹੋਏ ਹਨ ਅਤੇ ਕਈ ਥਾਈਂ ਗੁਰਦੁਆਰਾ ਸਾਹਿਬਾਨਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ।
ਇਨ੍ਹਾਂ ਬੁਲਾਰਿਆਂ ਤੋਂ ਇਲਾਵਾ ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਨਾਨਕਸਰ ਸੰਪਰਦਾ ਵੱਲੋਂ ਬਾਬਾ ਲੱਖਾ ਸਿੰਘ, ਨਿਰਮਲੇ ਸੰਪਰਦਾ ਤੋਂ ਬਾਬਾ ਤੇਜਾ ਸਿੰਘ ਐੱਮਏ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਸ਼ਤਾਬਦੀ ਸਮਾਗਮ ਮੌਕੇ ਪਾਸ ਕੀਤੇ ਗਏ 11 ਅਹਿਮ ਮਤੇ
- ਪਹਿਲੇ ਮਤੇ ਵਿੱਚ ਸ਼੍ਰੋਮਣੀ ਕਮੇਟੀ ਦੇ ਗਠਨ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਅਤੇ ਅਕਾਲੀ ਯੋਧਿਆਂ ਨੂੰ ਸ਼ਰਧਾਜਲੀ ਦਿੰਦਿਆਂ ਭਵਿੱਖ ਵਿੱਚ ਵੀ ਗੁਰੂ ਆਸ਼ੇ ਅਨੁਕੂਲ ਸੰਗਤ ਦੇ ਸਹਿਯੋਗ ਨਾਲ ਪੰਥਕ ਸੇਵਾਵਾਂ ਹੋਰ ਬਿਹਤਰੀਨ ਤਰੀਕੇ ਨਾਲ ਨਿਭਾਉਣ ਦੀ ਦ੍ਰਿੜ੍ਹਤਾ ਪ੍ਰਗਟਾਈ ਗਈ।
- ਦੂਜੇ ਮਤੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਨਿਤ ਦਿਹਾੜੇ ਬੇਰੋਕ ਹੋ ਰਹੀਆਂ ਬੇਅਦਬੀਆਂ ਦੀਆਂ ਘਟਨਾਵਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੁਸ਼ਟ ਸ਼ਕਤੀਆਂ ਨੂੰ ਬੇਨਕਾਬ ਕਰਨ ਅਤੇ ਮਿਸਾਲੀ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ।
- ਇੱਕ ਵੱਖਰੀ ਕੌਮ ਸਬੰਧੀ ਮਤਾ ਪੇਸ਼ ਕਰਦਿਆਂ ਸਿੱਖਾਂ ਦੇ ਸਰੂਪ ਅਤੇ ਹੋਂਦ ਨੂੰ ਰਲਗਡ ਕਰਨ ਵਾਲੀਆਂ ਸ਼ਕਤੀਆਂ ਤੋਂ ਸਮੁੱਚੇ ਸਿੱਖ ਕੌਮ ਨੂੰ ਸੁਚੇਤ ਕੀਤਾ ਗਿਆ।
- ਵਿਦੇਸ਼ਾਂ ਵਿਚ ਸਿੱਖਾਂ ਦੀ ਵੱਖਰੀ ਪਛਾਣ ਦੇ ਸੰਕਟ ਕਾਰਨ ਵਾਪਰ ਰਹੇ ਨਸਲੀ ਹਮਲਿਆਂ ਦੇ ਵਰਤਾਰੇ ’ਤੇ ਵੀ ਇੱਕ ਮਤੇ ਰਾਹੀਂ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਉਹ ਵਿਦੇਸ਼ੀ ਸਰਕਾਰਾਂ ਕੋਲ ਇਸ ਮਸਲੇ ਦੇ ਹੱਲ ਲਈ ਪਹੁੰਚ ਕਰੇ, ਤਾਂ ਜੋ ਅਮਨ ਪਸੰਦ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਸਦੀ ਹੋਈ ਉਥੋਂ ਦੀ ਸਰਬਪੱਖੀ ਉੱਨਤੀ ਵਿੱਚ ਆਪਣਾ ਯੋਗਦਾਨ ਪਾ ਸਕੇ।
- ਇੱਕ ਮਤੇ ਰਾਹੀਂ ਜਾਤ ਪਾਤ, ਊਚ-ਨੀਚ ਅਤੇ ਨਸਲੀ ਭੇਦ ਭਾਵ ਦਾ ਖੰਡਨ ਕਰਦਿਆਂ ਸਮੁੱਚੀਆਂ ਸਮਾਜਿਕ ਇਕਾਈਆਂ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ ਗਈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਆਪਣਾ ਭਰਪੂਰ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ ਗਿਆ।
- ਇੱਕ ਮਤੇ ਰਾਹੀਂ ਅਜੋਕੀਆਂ ਸਮਾਜਿਕ ਬੁਰਾਈਆਂ, ਵਿਆਹਾਂ ਸ਼ਾਦੀਆਂ ‘’ਤੇ ਫਜੂਲ਼ ਖਰਚੀ ਅਤੇ ਭਰੂਣ ਹੱਤਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਸਮਾਜ ਨੂੰ ਸਾਦੇ ਰੀਤੀ ਰਿਵਾਜ ਅਪਨਾਉਣ ਦੀ ਅਪੀਲ ਕੀਤੀ ਗਈ।
- ਸਿੱਖ ਕੈਦੀਆਂ ਦੀ ਰਿਹਾਈ ਸਬੰਧੀ, ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਯਤਨ ਕਰਨ ਵਾਲੀਆਂ ਪੰਥ ਵਿਰੋਧੀ ਸ਼ਕਤੀਆਂ ਨੂੰ ਪਛਾੜਨ ਲਈ, ਧਰਮੀ ਫ਼ੌਜੀਆਂ ਦੇ ਹੱਕਾਂ ਦੀ ਰਖਵਾਲੀ ਲਈ, ਦੇਸ਼ ਅੰਦਰ ਘੱਟਗਿਣਤੀਆਂ ਦੀ ਵੱਧ ਰਹੀ ਅਸੁਰੱਖਿਆ ’ਤੇ ਚਿੰਤਾ ਪ੍ਰਗਟਾਉਂਦਿਆਂ ਅਤੇ ਕਿਸਾਨ ਮਾਰੂ ਕਾਲੇ ਕਾਨੂੰਨਾਂ ਵਿਰੁੱਧ ਵੱਖ-ਵੱਖ ਮਤਿਆਂ ਰਾਹੀਂ ਅਵਾਜ਼ ਬੁਲੰਦ ਕੀਤੀ ਗਈ ਅਤੇ ਇਨ੍ਹਾਂ ਸਾਰੇ ਮਾਮਲਿਆਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਗਿਆ।
ਕਿਤਾਬ ‘ਸਾਖ਼ੀ ਸਿੱਖ ਰਹਿਤ ਮਰਯਾਦਾ ਜੀ ਕੀ’ ਸੰਗਤ ਅਰਪਣ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸ਼ਤਾਬਦੀ ਸਮਾਗਮਾਂ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਿੱਖ ਪੰਥ ਦੇ ਵਿਦਵਾਨ ਤੇ ਚਿੰਤਕ ਗੁਰਚਰਨਜੀਤ ਸਿੰਘ ਲਾਂਬਾ ਵੱਲੋਂ ਰਚਿਤ ਕਿਤਾਬ ‘ਸਾਖੀ ਸਿੱਖ ਰਹਿਤ ਮਰਯਾਦਾ ਜੀ ਕੀ’ ਵੀ ਸੰਗਤ ਅਰਪਣ ਕੀਤੀ ਗਈ।
ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਰੇ ਮਸਕੀਨ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ, ਸ਼੍ਰੋਮਣੀ ਦੇ ਸਾਬਕਾ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਜਥੇ: ਗੁਰਮੀਤ ਸਿੰਘ ਬੂਹ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਿੱਖ ਚਿੰਤਕ ਡਾ: ਇੰਦਰਜੀਤ ਸਿੰਘ ਗੋਗੋਆਣੀ, ਡਾ: ਅਮਰਜੀਤ ਸਿੰਘ, ਭਾਈ ਨਵਤੇਜ ਸਿੰਘ ਕਥਾਵਾਚਕ, ਭਾਈ ਭਵਨ ਸਿੰਘ ਸਿੱਧੂ, ਬਾਬਾ ਜੰਗ ਸਿੰਘ ਅਤੇ ਪ੍ਰੋ: ਸਰਚਾਂਦ ਸਿੰਘ ਵੀ ਮੌਜੂਦ ਸਨ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੋਜ ਭਰਪੂਰ ਪੁਸਤਕ ਪ੍ਰਕਾਸ਼ਿਤ ਕਰਾਉਣ ਲਈ ਗੁਰਚਰਨਜੀਤ ਸਿੰਘ ਲਾਂਬਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਪੁਸਤਕ ਦੇ ਆਉਣ ਨਾਲ ਸਿੱਖ ਰਹਿਤ ਮਰਿਆਦਾ ਪ੍ਰਤੀ ਜਿਗਿਆਸੂਆਂ ਅਤੇ ਸੰਗਤ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਉਡੀਕ ਖ਼ਤਮ ਹੋਈ ਹੈ।