ਬਿਊਰੋ ਰਿਪੋਰਟ (ਅਨੰਦਪੁਰ ਸਾਹਿਬ, 22 ਨਵੰਬਰ 2025): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਸਮੇਂ ਸੰਗਤਾਂ ਦੀ ਆਮਦ ਸ਼ੁਰੂ ਹੋ ਗਈ ਹੈ। ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ, ਗੁਰਦੁਆਰਾ ਭੋਰਾ ਸਾਹਿਬ ਸਮੇਤ ਵੱਖ ਵੱਖ ਅਸਥਾਨਾਂ ਤੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਸੰਗਤਾਂ ਦੀ ਸਹੂਲਤ ਲਈ ਵੱਡੇ ਪ੍ਰਬੰਧ ਕੀਤੇ ਗਏ ਹਨ, ਉਥੇ ਕਾਰ ਸੇਵਾ ਵਾਲੇ ਮਹਾਂਪੁਰਖਾਂ, ਵੱਖ ਵੱਖ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਵੱਲੋਂ ਲੰਗਰ ਲਗਾਏ ਗਏ ਹਨ।
ਸ਼ਤਾਬਦੀ ਸਮਾਗਮਾਂ ਮੌਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਭੋਰਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਲਗਾਈ ਗਈ ਹੈ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀ। ਧਰਮ ਪ੍ਰਚਾਰ ਕਮੇਟੀ ਦੀ ਪੁਸਤਕ ਪ੍ਰਦਰਸ਼ਨੀ ਪ੍ਰਤੀ ਵੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ।
ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸ਼ਖ਼ਸੀਅਤਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਦਿਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ ਸ਼ਾਮਲ ਸਨ।
ਭਲਕੇ 23 ਨਵੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀ ਸ਼ਤਾਬਦੀ ਮੌਕੇ ਹੋਵੇਗਾ ਮੁੱਖ ਸਮਾਗਮ
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਮੌਕੇ ਭਲਕੇ ਮਿਤੀ 23 ਨਵੰਬਰ ਨੂੰ ਗੁਰਦੁਆਰਾ ਭੋਰਾ ਸਾਹਿਬ ਵਿਖੇ ਸਵੇਰੇ 09:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਭੋਗ ਉਪਰੰਤ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਉਣਗੇ।
ਇਸੇ ਤਰ੍ਹਾਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਜਾਏ ਗਏ ਮੁੱਖ ਪੰਡਾਲ ਵਿੱਚ ਦਸਵੇਂ ਪਾਤਸ਼ਾਹ ਜੀ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਸਬੰਧੀ ਸਜਾਏ ਜਾਣ ਵਾਲੇ ਧਾਰਮਿਕ ਦੀਵਾਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਹਾਜ਼ਰੀ ਭਰਨਗੀਆ।
ਸਮਾਗਮ ਸਮੇਂ ਭਾਈ ਰਵਿੰਦਰ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਪਾਲ ਸਿੰਘ ਰਬਾਬੀ ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ, ਪ੍ਰਸਿੱਧ ਕਥਾਵਾਚਕ ਗਿਆਨੀ ਜਸਵੰਤ ਸਿੰਘ ਪਰਵਾਨਾ, ਧਰਮ ਪ੍ਰਚਾਰ ਕਮੇਟੀ ਦੇ ਢਾਡੀ ਭਾਈ ਸਤਪਾਲ ਸਿੰਘ ਐਮ.ਏ. ਅਤੇ ਕਵੀਸ਼ਰ ਭਾਈ ਮੱਸਾ ਸਿੰਘ ਸਭਰਾ ਸੰਗਤਾਂ ਨੂੰ ਗੁਰਬਾਣੀ ਗੁਰ ਇਤਿਹਾਸ ਨਾਲ ਜੋੜ੍ਹਨਗੇ। ਇਸੇ ਤਰ੍ਹਾਂ 22 ਨਵੰਬਰ ਤੋਂ 29 ਨਵੰਬਰ ਤੱਕ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ੇਸ਼ ਤੌਰ ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਣਗੇ।
ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ
ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈਕੇ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿਸਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ।
ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਸਬੰਧੀ ਸਮਾਗਮਾਂ ਵਿੱਚ ਸੇਵਾ ਨਿਭਾਉਣਾ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਹਰ ਮੁਲਾਜ਼ਮ ਦਾ ਫਰਜ਼ ਹੈ ਕਿ ਉਹ ਸੰਗਤਾਂ ਨੂੰ ਸਹਿਯੋਗ ਕਰੇ।
