ਪੰਜਾਬ ਪੁਲਿਸ ਨੇ ਗੈਂਗਸਟਰਾਂ ਅਤੇ ਅਪਰਾਧ ਨੂੰ ਜੜ੍ਹੋਂ ਖਤਮ ਕਰਨ ਲਈ ਵੱਡੀ ਮੁਹਿੰਮ ਤਹਿਤ ਆਪ੍ਰੇਸ਼ਨ ਪ੍ਰਹਾਰ 2.0 ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਆਪ੍ਰੇਸ਼ਨ 9 ਫਰਵਰੀ 2026 ਨੂੰ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ 72 ਘੰਟੇ ਤੱਕ ਚੱਲੇਗਾ। ਡੀਜੀਪੀ ਗੌਰਵ ਯਾਦਵ ਨੇ ਐਤਵਾਰ ਨੂੰ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਇਸ ਦਾ ਮੁੱਖ ਟੀਚਾ ਪੰਜਾਬ ਨੂੰ ਗੈਂਗਸਟਰ-ਮੁਕਤ ਅਤੇ ਅਪਰਾਧ-ਮੁਕਤ ਬਣਾਉਣਾ ਹੈ।
ਆਪ੍ਰੇਸ਼ਨ ਲਈ ਵਿਆਪਕ SOP ਤਿਆਰ ਕੀਤਾ ਗਿਆ ਹੈ ਅਤੇ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਖੁਦ ਮੈਦਾਨ ਵਿੱਚ ਮੌਜੂਦ ਰਹਿਣਗੇ ਅਤੇ ਕਾਰਗੁਜ਼ਾਰੀ ਦੀ ਨਿਗਰਾਨੀ ਕਰਨਗੇ। ਇਸ ਵਿੱਚ 12,000 ਤੋਂ ਵੱਧ ਪੁਲਿਸ ਮੁਲਾਜ਼ਮ ਅਤੇ ਸੀਨੀਅਰ ਅਫਸਰ ਸ਼ਾਮਲ ਹੋਣਗੇ, ਜੋ ਲੋੜੀਂਦੇ ਬਦਮਾਸ਼ਾਂ ਨੂੰ ਗ੍ਰਿਫਤਾਰ ਕਰਨਗੇ ਅਤੇ ਗੈਂਗਸਟਰ ਨੈੱਟਵਰਕ ਨੂੰ ਤਬਾਹ ਕਰਨਗੇ।
ਡੀਜੀਪੀ ਨੇ ਦੱਸਿਆ ਕਿ ਗ੍ਰਿਫਤਾਰੀ ਤੋਂ ਬਚ ਰਹੇ ਗੈਂਗਸਟਰਾਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਕੇਂਦਰ ਸਰਕਾਰ ਰਾਹੀਂ ਸ਼ੁਰੂ ਹੋ ਚੁੱਕੀ ਹੈ। ਸੀਨੀਅਰ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ ਜਾਵੇਗੀ। ਪਹਿਲਾਂ ਚੱਲ ਰਹੇ ‘ਗੈਂਗਸਟਰਾਂ ‘ਤੇ ਵਾਰ’ (ਆਪ੍ਰੇਸ਼ਨ ਪ੍ਰਹਾਰ) ਤਹਿਤ 20 ਜਨਵਰੀ 2026 ਤੋਂ ਹੁਣ ਤੱਕ 5,290 ਵਿਅਕਤੀ ਗ੍ਰਿਫਤਾਰ ਹੋ ਚੁੱਕੇ ਹਨ।
ਇਸ ਤੋਂ ਇਲਾਵਾ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 1 ਮਾਰਚ 2025 ਤੋਂ ਹੁਣ ਤੱਕ ਲਗਭਗ 34,000 ਮਾਮਲੇ ਦਰਜ ਹੋਏ ਹਨ, 45,000 ਗ੍ਰਿਫਤਾਰੀਆਂ ਹੋਈਆਂ ਹਨ, 2,150 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਅਤੇ 3,000 ਵੱਡੇ ਨਸ਼ਾ ਤਸਕਰ ਕਾਬੂ ਕੀਤੇ ਗਏ ਹਨ। ਪੰਜਾਬ ਪੁਲਿਸ ਦਾ ਪੱਕਾ ਇਰਾਦਾ ਹੈ ਕਿ ਸੂਬੇ ਵਿੱਚ ਅਪਰਾਧ ਅਤੇ ਨਸ਼ਿਆਂ ਦਾ ਖਾਤਮਾ ਕੀਤਾ ਜਾਵੇ।

