Punjab

ਹੁਣ ਡਰੋਨ ਵੀ ਸੰਭਾਲਣਗੇ ਸੁਰੱਖਿਆ ਦੀ ਕਮਾਨ,ਸ਼ਹੀਦੀ ਦਿਹਾੜਿਆਂ ਨੂੰ ਦੇਖਦੇ ਹੋਏ ਪੁਲਿਸ ਹੋਈ ਮੁਸਤੈਦ

ਸਰਹਿੰਦ :  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲਾ 26 ਤੋਂ 28 ਦਸੰਬਰ, 2022 ਤੱਕ ਸ੍ਰੀ ਫਤਿਹਗੜ ਸਾਹਿਬ ਵਿਖੇ ਹੋਵੇਗਾ। ਸ਼ਹੀਦੀ ਜੋੜ ਮੇਲੇ ਤੋਂ ਪਹਿਲਾਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫਤਹਿਗੜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਜ਼ਿਲ੍ਹੇ ਵਿੱਚ ਹੋਣ ਵਾਲੇ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜਨ ਲਈ ਮੌਕੇ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਸ੍ਰੀ ਫਤਹਿਗੜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਲਈ ਸੁਰੱਖਿਆ ਪ੍ਰਬੰਧਾਂ ਵਾਸਤੇ ਤਾਇਨਾਤ ਕੀਤੇ ਜਾ ਰਹੇ 3000 ਤੋਂ ਵੱਧ ਪੁਲਿਸ ਕਰਮੀਆਂ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਕਿਹਾ ਕਿ ਪਹਿਲੀ ਵਾਰ ਨਿਗਰਾਨੀ ਲਈ ਡਰੋਨ ਦੀ ਵਰਤੋਂ ਕੀਤੀ ਜਾਵੇਗੀ ਅਤੇ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਸੂਬੇ ਵਿੱਚ ਪੈਦਾ ਹੋਏ ਅਮਨ ਕਾਨੂੰਨ ਦੇ ਹਾਲਾਤਾਂ ਨੂੰ ਸੰਭਾਲਣ ਲਈ ਪੱਬਾਂ ਭਾਰ ਹੋਈ ਪਈ ਹੈ ਤੇ ਪਿਛਲੇ ਕਈ ਦਿਨਾਂ ਤੋਂ ਸਾਰੇ ਸੂਬੇ ਵਿੱਚ ਤਲਾਸ਼ੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਸੇ ਦੌਰਾਨ ਹੁਣ ਚੱਲ ਰਹੇ ਸ਼ਹੀਦੀ ਦਿਹਾੜਿਆਂ ਨੂੰ ਮੁੱਖ ਰਖਦੇ ਹੋਏ ਆਉਣ ਵਾਲੀ ਸੰਗਤ ਦੀ ਸੁਰੱਖਿਆ ਲਈ ਕੜੇ ਪ੍ਰਬੰਧ ਕੀਤੇ ਗਏ ਹਨ ਤੇ ਤਕਨੀਕ ਦੇ ਜ਼ਰੀਏ ਵੀ ਸਾਰੇ ਹਾਲਾਤਾਂ ‘ਤੇ ਨਿਗਾ ਰੱਖੀ ਜਾ ਰਹੀ ਹੈ।