ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਆਰਐਸਐਸ ਅਤੇ ਭਾਰਤੀ ਜਨਤਾ ਪਾਰਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੋਣ ਦੇ ਕੋਝੇ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਆਗੂ ਅਤੇ ਕੌਮੀ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਭਾਜਪਾ ਦੀ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੋਣ ਦੀ ਨੀਤੀ ਤਹਿਤ ਮੈਂਬਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਿਰੁੱਧ ਭੁਗਤਣ ਲਈ ਆਖ ਰਹੇ ਹਨ।
ਇਸ ਦੇ ਨਾਲ ਹੀ ਵੱਖ-ਵੱਖ ਪਾਰਟੀਆਂ ਤੋਂ ਭਾਜਪਾ ਵਿਚ ਗਏ ਆਗੂਆਂ ਵੱਲੋਂ ਵੀ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਖਰੀਦਣ ਲਈ ਵੱਡੇ ਲਾਲਚ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰਾਂ ਨੇ ਉਨ੍ਹਾਂ ਨੂੰ ਖੁਦ ਦੱਸਿਆ ਹੈ।
ਧਾਮੀ ਨੇ ਕਿਹਾ ਕਿ ਪਹਿਲਾਂ ਕਾਂਗਰਸ ਜਮਾਤ ਲੰਮੇ ਸਮੇਂ ਤੋਂ ਦਖ਼ਲਅੰਦਾਜ਼ੀ ਕਰਕੇ ਸਿੱਖ ਮਸਲੇ ਉਲਝਾਉਂਦੀ ਆ ਰਹੀ ਹੈ ਅਤੇ ਹੁਣ ਭਾਜਪਾ ਵੀ ਉਸੇ ਰਾਹ ’ਤੇ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੇ ਆਰਐਸਐਸ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਨੂੰ ਆਪਣੇ ਅਨੁਸਾਰ ਚਲਾਉਣ ਮਗਰੋਂ ਹਰਿਆਣਾ ਕਮੇਟੀ ਰਾਹੀਂ ਸ਼੍ਰੋਮਣੀ ਕਮੇਟੀ ਨੂੰ ਖੰਡਤ ਕਰਨ ਦੇ ਕੋਝੇ ਯਤਨ ਕੀਤੇ ਗਏ ਅਤੇ ਹੁਣ ਇਸ ਤੋਂ ਵੀ ਅੱਗੇ ਜਾਂਦਿਆਂ ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ਵਿਚ ਮੈਂਬਰਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦੇ ਆਗੂ ਇਕਬਾਲ ਸਿੰਘ ਲਾਲਪੁਰਾ ਜੋ ਕੌਮੀ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਹਨ, ਆਪਣੇ ਸੰਵਿਧਾਨਕ ਅਹੁਦੇ ਦੀ ਮਾਣ ਮਰਯਾਦਾ ਨੂੰ ਭੁੱਲ ਕੇ ਸਿੱਖ ਸੰਸਥਾ ਦਾ ਨੁਕਸਾਨ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਦੇਸ਼ ਅੰਦਰ ਵੱਸਦੀਆਂ ਘਟਗਿਣਤੀਆਂ ਦੀਆਂ ਸੁਰੱਖਿਆ ਅਤੇ ਉਨ੍ਹਾਂ ਦੇ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਜ਼ੁੰਮੇਵਾਰ ਹੁੰਦਾ ਹੈ, ਪਰ ਇਸ ਦੇ ਚੇਅਰਮੈਨ ਆਪਣੀ ਪਾਰਟੀ ਦੀ ਨੀਤੀ ਅਨੁਸਾਰ ਘੱਟ ਗਿਣਤੀਆਂ ਦੇ ਵਿਰੁੱਧ ਭੁਗਤ ਰਹੇ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਸੰਗਤ ਵੱਲੋਂ ਚੁਣੇ ਗਏ ਮੈਂਬਰਾਂ ਦਾ ਮਸਲਾ ਹੈ, ਜਿਸ ਵਿਚ ਕਿਸੇ ਦੀ ਬਾਹਰੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਲਾਲਪੁਰਾ ਨੂੰ ਨਸੀਹਤ ਦਿੱਤੀ ਕਿ ਉਹ ਆਪਣੇ ਦਾਇਰੇ ਅੰਦਰ ਰਹਿਣ ਅਤੇ ਸਿੱਖ ਸੰਸਥਾ ਦੀ ਚੋਣ ਵਿਚ ਭਾਜਪਾਈ ਦਖ਼ਲ ਨਾ ਦੇਣ।