Mohali : ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਹੀ ਢੰਗ ਨਾਲ ਨਾ ਹੋਣ ਦਾ ਮੁੱਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਇਕੱਠੇ ਹੋਏ ਕਿਸਾਨਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਆਪਣਾ ਸੰਘਰਸ਼ ਮੁਲਤਵੀ ਕਰ ਦਿੱਤਾ ਹੈ।
ਪਰ ਕਿਸਾਨ ਅਜੇ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬੈਨਰ ਹੇਠ ਸੰਘਰਸ਼ ‘ਤੇ ਅੜੇ ਹੋਏ ਹਨ। ਉਨ੍ਹਾਂ ਨੇ 14 ਜ਼ਿਲ੍ਹਿਆਂ ਵਿੱਚ 25 ਟੋਲ ਪਲਾਜ਼ਿਆਂ ਨੂੰ ਫਰੀ ਕਰ ਦਿੱਤਾ ਹੈ, ਜਦੋਂ ਕਿ 25 ਆਗੂਆਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ ਚੱਲ ਰਿਹਾ ਹੈ।
ਕਿਸਾਨ ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਚਾਰ ਦਿਨਾਂ ਤੋਂ ਉਨ੍ਹਾਂ ਦਾ ਸੰਘਰਸ਼ ਚੱਲ ਰਿਹਾ ਹੈ। ਜਦੋਂ ਤੱਕ ਮੁੱਖ ਮੰਤਰੀ ਦੇ ਭਰੋਸੇ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂ ਅਤੇ ਬੀਕੇਯੂ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਢਾਈ ਸਾਲਾਂ ਦਾ ਤਜਰਬਾ ਦੱਸਦਾ ਹੈ ਕਿ ਸਰਕਾਰ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਮੋਰਚਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਝੋਨੇ ਦੀ ਖਰੀਦ ਸਹੀ ਢੰਗ ਨਾਲ ਹੋ ਸਕੇ। ਇਸ ਦੇ ਨਾਲ ਹੀ ਅੱਜ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਇਨ੍ਹਾਂ ਮੰਤਰੀਆਂ ਦੇ ਘਰਾਂ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ
ਕਿਸਾਨ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ‘ਆਪ’ ਦੇ ਕਾਰਜਕਾਰੀ ਪ੍ਰਧਾਨ ਅਤੇ ਬੁਢਲਾਡਾ ਦੇ ਵਿਧਾਇਕ ਪ੍ਰੋ. ਬੁੱਧ ਰਾਮ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਬਾਘਾਪੁਰਾਣਾ ਦੇ ਵਿਧਾਇਕ ਸੁਖਾਨੰਦ ਅੰਮ੍ਰਿਤਪਾਲ, ਆਪ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਭਾਜਪਾ ਦੇ ਮੀਤ ਪ੍ਰਧਾਨ ਅਰਵਿੰਦ ਖੰਨਾ ਅਤੇ ਮਹਾਰਾਣੀ ਪ੍ਰਨੀਤ ਕੌਰ ਸਮੇਤ ਕਈ ਹੋਰ ਆਗੂਆਂ ਦੇ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਹਨ।