The Khalas Tv Blog Punjab ਢੀਂਡਸਾ ਨੇ ਪਲਟ ਦਿੱਤਾ ਸੁਖਬੀਰ ਦਾ ਫੈਸਲਾ! ਬਾਗੀ ਧੜਾ ਬਾਗ਼ੋ-ਬਾਗ਼
Punjab

ਢੀਂਡਸਾ ਨੇ ਪਲਟ ਦਿੱਤਾ ਸੁਖਬੀਰ ਦਾ ਫੈਸਲਾ! ਬਾਗੀ ਧੜਾ ਬਾਗ਼ੋ-ਬਾਗ਼

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢੇ ਗਏ ਬਾਗੀ ਆਗੂਆਂ ਦੀ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਹੋਈ। ਇਹ ਮੀਟਿੰਗ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਢੀਂਡਸਾ ਨੇ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਹੋਣ ਕਰਕੇ ਉਹ 8 ਆਗੂਆਂ ਨੂੰ ਪਾਰਟੀ ’ਚੋਂ ਕੱਢਣ ਦੇ ਫੈਸਲੇ ਨੂੰ ਰੱਦ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਸੰਵਿਧਾਨ ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੈਂ ਇਸ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਪੱਤਰ ਲਿਖਾਂਗਾ। ਉਨ੍ਹਾਂ ਤੋਂ ਇਸ ਮਾਮਲੇ ਵਿੱਚ ਜਵਾਬ ਮੰਗਾਂਗਾ। ਪਾਰਟੀ ਪ੍ਰਧਾਨ ਦੀ ਚੋਣ ਲਈ ਆਮ ਮੀਟਿੰਗ (ਜਨਰਲ ਇਜਲਾਸ) ਬੁਲਾਈ ਜਾਵੇਗੀ। ਜਿਸ ਵਿੱਚ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜਲਦੀ ਹੀ ਡੈਲੀਗੇਟਾਂ ਦਾ ਇਜਲਾਸ ਬੁਲਾ ਕੇ ਪਾਰਟੀ ਦਾ ਨਵਾਂ ਢਾਂਚਾ ਖੜ੍ਹਾ ਕੀਤਾ ਜਾਵੇਗਾ। ਢੀਂਡਸਾ ਨੇ ਕਿਹਾ ਕਿ ਉਹ ਅੱਜ ਤੱਕ ਲੋਕਾਂ ਦੇ ਸਾਹਮਣੇ ਨਹੀਂ ਆਏ ਪਰ ਮਜਬੂਰੀ ’ਚ ਉਨ੍ਹਾਂ ਨੂੰ ਇਹ ਫੈਸਲਾ ਲੈਣਾ ਪਿਆ ਹੈ।

ਇਸ ਦੌਰਾਨ ਕਨਵੀਨਰ ਸਰਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਸਮੁੱਚੀ ਸ੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ, ਲੀਡਰਾਂ ਤੇ ਸ੍ਰੋਮਣੀ ਕਮੇਟੀ ਮੈਂਬਰਾਂ ਨੂੰ ਬੇਨਤੀ ਹੈ ਕੀਤੀ ਹੈ ਕਿ ਸਾਰੇ ਹੀ ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦਾ ਸਾਥ ਦਿਓ।

ਝੂੰਦਾ ਕਮੇਟੀ ਨੇ ਮੁਖੀ ਬਦਲਣ ਦੀ ਕੀਤੀ ਸੀ ਸਿਫ਼ਾਰਸ਼

ਇਸ ਮੌਕੇ ਗੁਰਪ੍ਰਤਾਪ ਵਡਾਲਾ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ 2022 ਵਿੱਚ ਲਗਾਤਾਰ ਚੋਣਾਂ ਹਾਰ ਰਿਹਾ ਸੀ ਤਾਂ ਉਸ ਸਮੇਂ ਝੂੰਦਾਂ ਕਮੇਟੀ ਬਣਾਈ ਗਈ ਸੀ। ਕਮੇਟੀ ਨੇ ਪੰਜਾਬ ਭਰ ਦੇ ਲੋਕਾਂ ਦੀ ਰਾਏ ਲਈ ਸੀ। ਉਸ ਸਮੇਂ ਲੋਕਾਂ ਨੇ ਅਕਾਲੀ ਦਲ ਦੀ ਲੀਡਰਸ਼ਿਪ ਵਿੱਚ ਤਬਦੀਲੀ ਦੀ ਸਿਫ਼ਾਰਸ਼ ਕੀਤੀ ਸੀ। ਸੁਖਬੀਰ ਬਾਦਲ ਨੂੰ ਅਹੁਦਾ ਛੱਡ ਦੇਣਾ ਚਾਹੀਦਾ ਹੈ। ਕਮੇਟੀ ਦੀਆਂ ਸਿਫ਼ਾਰਸ਼ਾਂ ਬਾਰੇ ਵੀ ਗੱਲ ਕਰ ਰਹੇ ਹਾਂ। ਅਸੀਂ ਕਮੇਟੀ ਮੁਤਾਬਕ ਕੰਮ ਕਰਨ ਦੀ ਗੱਲ ਕਰ ਰਹੇ ਹਾਂ।

‘ਸੁਖਬੀਰ ’ਤੇ ਲੱਗੇ ਦੋਸ਼ ਗੰਭੀਰ, ਉਹ ਪ੍ਰਧਾਨ ਦੇ ਅਹੁਦੇ ਦੇ ਲਾਇਕ ਨਹੀਂ’

ਦੋਵਾਂ ਆਗੂਆਂ ਨੇ ਕਿਹਾ ਕਿ ਅਸੀਂ ਦੋ ਮਹੀਨਿਆਂ ਤੋਂ ਅਕਾਲੀ ਦਲ ਸੁਧਾਰ ਲਹਿਰ ਚਲਾ ਰਹੇ ਹਾਂ। ਪਰ ਜਦੋਂ ਬੀਤੇ ਦਿਨ ਪ੍ਰਦੀਪ ਕਲੇਰ ਨੇ ਸੁਖਬੀਰ ਬਾਦਲ ’ਤੇ ਸਵਾਲ ਉਠਾਏ ਤਾਂ ਲੋਕਾਂ ਦਾ ਧਿਆਨ ਭਟਕਾਉਣ ਲਈ ਉਨ੍ਹਾਂ ਨੂੰ ਪਾਰਟੀ ’ਚੋਂ ਕੱਢਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ’ਤੇ ਜਿਸ ਤਰ੍ਹਾਂ ਦੇ ਦੋਸ਼ ਲੱਗੇ ਹਨ, ਉਸ ਨੂੰ ਦੇਖਦੇ ਹੋਏ ਉਹ ਪ੍ਰਧਾਨ ਦੇ ਅਹੁਦੇ ਦੇ ਲਾਇਕ ਨਹੀਂ ਹਨ। ਉਸ ਨੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਵੀ ਨਹੀਂ ਮੰਨਿਆ। ਹੁਣ ਸਾਰਾ ਮਾਮਲਾ ਸਾਹਮਣੇ ਆ ਗਿਆ ਹੈ।

‘ਸਰਪ੍ਰਸਤ ਨੂੰ ਫੈਸਲੇ ਲੈਣ ਦਾ ਕੋਈ ਅਧਿਕਾਰ ਨਹੀਂ’

ਇਸ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸਰਪ੍ਰਸਤ ਨੂੰ ਕੋਈ ਵੀ ਫੈਸਲਾ ਲੈਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੱਢੇ ਗਏ ਲੋਕਾਂ ਨਾਲ ਸਾਡਾ ਕੋਈ ਸਬੰਧ ਨਹੀਂ ਹੈ। ਇੱਕ ਵਿਅਕਤੀ ਜਾਂ ਚਾਰ ਵਿਅਕਤੀਆਂ ਦੇ ਕਹਿਣ ’ਤੇ ਕੋਈ ਫ਼ਰਕ ਨਹੀਂ ਹੈ। ਉਹ ਪਾਰਟੀ ਚੋਂ ਕੱਢੇ ਜਾ ਚੁੱਕੇ ਹਨ। ਉਹ ਆਪਣਾ ਪ੍ਰਧਾਨ ਚੁਣ ਲੈਂਦੇ ਹਨ।

ਇਨ੍ਹਾਂ ਅੱਠ ਆਗੂਆਂ ਨੂੰ ਪਾਰਟੀ ਵਿੱਚੋਂ ਕੱਢਿਆ

ਅਕਾਲੀ ਦਲ ਵੱਲੋਂ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਇਲਜ਼ਾਮ ਹੈ ਕਿ ਉਹ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਸਨ। ਹਾਲਾਂਕਿ, ਕੱਢੇ ਗਏ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਵੀ ਨਹੀਂ ਦਿੱਤਾ ਗਿਆ।

Exit mobile version