‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਨਖਾਹੀਆ ਐਲਾਨ ਦਿੱਤਾ ਹੈ। ਸਰਬੱਤ ਖਾਲਸਾ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ, ਜਿਸ ਤੋਂ ਬਾਅਦ ਇਹ ਫੈਸਲਾ ਸੁਣਾਇਆ ਗਿਆ। ਬਰਗਾੜੀ ਮੋਰਚੇ ਨੂੰ ਪੰਜਾਬ ਸਰਕਾਰ ਵੱਲੋਂ ਝੂਠਾ ਭਰੋਸਾ ਦੇ ਕੇ ਚੁਕਵਾਉਣ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਤਨਖਾਹੀਆ ਐਲਾਨਿਆ ਗਿਆ ਹੈ।
ਮੋਰਚੇ ਨੂੰ ਤਾਰੋਪੀਡੋ ਕਰਨ ਦੇ ਦੋਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਪੂਰਨ ਰੂਪ ਵਿਚ ਜਿੰਮੇਵਾਰ ਅਤੇ ਦੋਸ਼ੀ ਮੰਨਿਆ ਗਿਆ ਹੈ। ਜਥੇਦਾਰ ਮੰਡ ਕਿਹਾ ਕਿ ਜਦੋਂ ਤੱਕ ਕੈਪਟਨ ਅਮਰਿੰਦਰ ਸਿੰਘ ਅਕਾਲ ਤਖਤ ਸਾਹਿਬ ਉਤੇ ਆ ਕੇ ਮੁਆਫ਼ੀ ਨਹੀਂ ਮੰਗਦੇ, ਉਨ੍ਹਾਂ ਸਮੇਂ ਤੱਕ ਕਿਸੇ ਵੀ ਗੁਰਦੁਆਰਾ ਸਾਹਿਬ ਜਾਂ ਸੰਗਤੀ ਇਕੱਠ ਵਿੱਚ ਨਾ ਬੋਲਣ ਦਿੱਤਾ ਜਾਵੇ। ਮੰਡ ਨੇ ਕਿਹਾ ਕਿ ਕੈਪਟਨ ਨੇ ਝੂਠਾ ਭਰੋਸਾ ਦੇ ਕੇ ਬਰਗਾੜੀ ਮੋਰਚਾ ਚੁਕਵਾਇਆ ਹੈ। ਉਨ੍ਹਾਂ ਨੇ ਕੈਪਟਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਮੁਆਫੀ ਮੰਗਣ ਦੀ ਮੰਗ ਕੀਤੀ ਹੈ।
ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਵਾਰ ਪਲਾਜ਼ਾ ਵਿਖੇ ਪੰਜ ਸਿੰਘਾਂ ਦੀ ਮੌਜੂਦਗੀ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਧੋਖੇ ਨਾਲ ਬਰਗਾੜੀ ਮੋਰਚਾ ਉਠਵਾਉਣ ਅਤੇ ਵਾਰ-ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਉਨ੍ਹਾਂ ਵਲੋਂ ਸੱਦੇ ਜਾਣ ’ਤੇ ਹਾਜ਼ਰ ਨਾ ਹੋਣ ਤੇ ਅੱਜ ਤੋਂ ਤਨਖ਼ਾਹੀਆ ਐਲਾਨਿਆ ਗਿਆ ਹੈ।