India Punjab Religion

‘ਡਿਬਰੂਗੜ੍ਹ ਜੇਲ੍ਹ ‘ਚ ਭੁੱਖ ਹੜ੍ਹਤਾਲ ‘ਤੇ ਬੈਠੇ 2 ਸਿੱਖ ਕੈਦੀਆਂ ਦੀ ਹਾਲਤ ਵਿਗੜੀ’ ! ‘ਹਸਪਤਾਲ ਸ਼ਿਫਟ ਕੀਤਾ ਗਿਆ’ !

ਬਿਉਰੋ ਰਿਪੋਰਟ : ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭੁੱਖ ਹੜਤਾਲ ‘ਤੇ ਬੈਠੇ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਹਾਲਤ ਵਿਗੜ ਗਈ ਹੈ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਵਕੀਲ ਈਮਾਨ ਸਿੰਘ ਖਾਰਾ ਵੱਲੋਂ ਸਾਂਝੀ ਕੀਤੀ ਗਈ ਹੈ । ਉਨ੍ਹਾਂ ਦੱਸਿਆ ਹੈ ਕਿ ਕੁਲਵੰਤ ਸਿੰਘ ਰਾਉਂਕੇ ਨੂੰ ਦੌਰੇ ਵੀ ਪਏ ਹਨ ਜਦਕਿ ਗੁਰਮੀਤ ਸਿੰਘ ਬੁਕਨਵਾਲਾ ਦੀ ਤਬੀਅਤ ਵੀ ਖਰਾਬ ਹੋਣ ਦੀ ਵਜ੍ਹਾ ਕਰਕੇ ਹਸਪਤਪਾਲ ਵਿੱਚ ਭਰਤੀ ਕਰਵਾਇਆ ਗਿਆ ਹੈ ।

ਵਕੀਲ ਈਮਾਨ ਸਿੰਘ ਖਾਰਾ ਦਾ ਕਹਿਣਾ ਹੈ ਕਿ 18 ਦਿਨਾਂ ਤੋਂ ਸਿੰਘ ਭੁੱਖ ਹੜਤਾਲ ‘ਤੇ ਹਨ ਉਨ੍ਹਾਂ ਦੀ ਇੱਕ ਹੀ ਮੰਗ ਹੈ ਕਿ ਉਹ ਪੰਜਾਬ ਦੀ ਧਰਤੀ ‘ਤੇ ਹੀ ਜਾਕੇ ਪ੍ਰਸ਼ਾਦਾ ਛੱਕਨਗੇ । ਪਰ ਪੰਜਾਬ ਸਰਕਾਰ ਨੂੰ ਇਸ ਦਾ ਕੋਈ ਫਰਕ ਨਹੀਂ ਪੈ ਰਿਹਾ ਹੈ ਕਿ ਉਹ ਜ਼ਿੰਦਾ ਰਹਿਣ ਜਾ ਫਿਰ ਕੁਝ ਵੀ ਹੋ ਜਾਵੇ । ਵਕੀਲ ਨੇ ਸਿੱਖ ਸੰਗਤ ਅਤੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਬੇਨਤੀ ਕੀਤੀ ਹੈ ਕਿ ਜੇਕਰ ਸਰਕਾਰ ਸਾਡੀ ਸੁਣਵਾਈ ਨਹੀਂ ਕਰ ਰਹੀ ਹੈ ਤਾਂ ਤੁਸੀਂ ਤਾਂ ਸੁਣੋ ।

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੰਘਾਂ ਦੀ ਭੁੱਖ ਹੜ੍ਹਤਾਲ ਦੇ ਨਾਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ‘ਤੇ ਪਰਿਵਾਰ ਵੀ ਪਿਛਲੇ 15 ਦਿਨਾਂ ਤੋਂ ਭੁੱਖ ਹੜ੍ਹਤਾਲ ‘ਤੇ ਬੈਠੇ ਹਨ । ਪਰਿਵਾਰ ਨੇ ਡੀਸੀ ਤੋਂ ਵੀ ਮੰਗ ਕੀਤੀ ਹੈ ਕਿ ਉਹ ਸਰਕਾਰ ਨੂੰ ਅਪੀਲ ਕਰਕੇ ਅੰਮ੍ਰਿਤਪਾਲ ਅਤੇ ਉਨ੍ਹਾਂ ਦੇ 9 ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਸ਼ਿਫਟ ਕਰਵਾਉਣ । ਪਰ ਹੁਣ ਤੱਕ ਇਸ ‘ਤੇ ਕੋਈ ਫੈਸਲਾ ਨਹੀਂ ਹੋਇਆ ਹੈ । SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਸੀ ਕਿ ਉਹ ਸਿੱਖ ਕੈਦੀਆਂ ਨੂੰ ਪੰਜਾਬ ਵਿੱਚ ਸ਼ਿਫਟ ਕਰੇ। ਜਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਸੀ ਜੇਕਰ ਸਰਕਾਰ ਦੀ ਲਾਪਰਵਾਹੀ ਨਾਲ ਕਿਸੇ ਵੀ ਸਿੱਖ ਨੂੰ ਕੁਝ ਹੋ ਗਿਆ ਤਾਂ ਉਸ ਦੇ ਲਈ ਪੰਜਾਬ ਸਰਕਾਰ ਜ਼ਿੰਮੇਵਾਰੀ ਹੋਵੇਗੀ ।

ਪਿਛਲੇ ਮਹੀਨੇ ਅਸਾਮ ਦੇ ਡੀਜੀਪੀ ਨੇ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਸਿੰਘ ਦੀ ਬੈਰਕ ਤੋਂ ਮੋਬਾਈਲ ਫੋਨ ਅਤੇ ਹੋਰ ਸਮਾਨ ਜ਼ਬਤ ਹੋਏ ਹਨ । ਜਦਕਿ ਵਾਰਿਸ ਪੰਜਾਬ ਦੇ ਮੁੱਖੀ ਦਾ ਇਲਜ਼ਾਮ ਸੀ ਕਿ ਉਨ੍ਹਾਂ ਦੀ ਬੈਰਕ ਅਤੇ ਬਾਥਰੂਮ ਵਿੱਚ ਕੈਮਰੇ ਫਿਟ ਕੀਤੇ ਸਨ। ਜੋ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ । ਜੇਲ੍ਹ ਵਿੱਚ ਬੰਦ ਸਿੱਖ ਕੈਦੀਆਂ ਦੇ ਨਾਲ ਪਰਿਵਾਰਾਂ ਨੇ ਇਲਜ਼ਾਮ ਲਗਾਇਆ ਸੀ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਉਨ੍ਹਾਂ ਦੀ ਜਾਨ ਨੂੰ ਖਤਰਾਂ ਹੈ ਇਸ ਲਈ ਉਨ੍ਹਾਂ ਨੂੰ ਪੰਜਾਬ ਸ਼ਿਫਟ ਕੀਤਾ ਜਾਵੇ,ਉਸੇ ਦਿਨ ਤੋਂ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਭੁੱਖ ਹੜਤਾਲ ‘ਤੇ ਬੈਠੇ ਹਨ ।