ਮੁਹਾਲੀ : ਦਿਲਪ੍ਰੀਤ ਦੀ ਲਾਸ਼ ਨੂੰ ਸਖ਼ਤ ਸੁਰੱਖਿਆ ਹੇਠ ਮੋਹਾਲੀ ਦੇ ਕੁੰਭੜਾ ਸਥਿਤ ਉਸ ਦੇ ਘਰ ਲਿਆਂਦਾ ਗਿਆ ਹੈ। ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਇਹਤਿਆਤ ਵਜੋਂ ਪੁਲਿਸ ਨੇ ਕੱਲ੍ਹ ਸ਼ਾਮ ਤੋਂ ਹੀ ਕੁੰਭੜਾ ਅਤੇ ਏਅਰਪੋਰਟ ਰੋਡ ’ਤੇ 250 ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ। ਮ੍ਰਿਤਕ ਦੇ ਅੰਤਿਮ ਸੰਸਕਾਰ ‘ਚ ਕੁਝ ਸਮਾਂ ਲੱਗੇਗਾ। ਮ੍ਰਿਤਕ ਅਤੇ ਉਸ ਦਾ ਭਰਾ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦੇ ਸਨ। ਪ੍ਰਸ਼ਾਸਨ ਨੇ ਦੋਹਾਂ ਪ੍ਰਵਾਰਾਂ ਦੀ ਵਿੱਤੀ ਸਹਾਇਤਾ ਕੀਤੀ ਹੈ। ਦੋਹਾਂ ਪ੍ਰਵਾਰਾਂ ਨੂੰ 2-2 ਲੱਖ ਦੇ ਚੈੱਕ ਸੌਂਪੇ ਗਏ।
ਪ੍ਰਸ਼ਾਸਨਿਕ ਅਧਿਕਾਰੀਆਂ ਦਾ ਸਪੱਸ਼ਟ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਯਾਦ ਰਹੇ ਕਿ 13 ਨਵੰਬਰ ਨੂੰ ਹੋਏ ਹਮਲੇ ਵਿੱਚ ਦਿਲਪ੍ਰੀਤ ਜ਼ਖ਼ਮੀ ਹੋ ਗਿਆ ਸੀ। ਇਸ ਤੋਂ ਬਾਅਦ ਉਸ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਸੀ। ਜਿੱਥੇ ਵੀਰਵਾਰ ਨੂੰ ਉਸ ਦੀ ਮੌਤ ਹੋ ਗਈ। ਜਦਕਿ ਉਸ ਦੇ ਸਾਥੀ ਦਮਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਸਰਕਾਰ ਪਰਿਵਾਰ ਦੀ ਆਰਥਿਕ ਮਦਦ ਕਰੇ
ਪੰਚਾਇਤ ਯੂਨੀਅਨ ਦੇ ਸੀਨੀਅਰ ਮੈਂਬਰ ਬਲਵਿੰਦਰ ਸਿੰਘ ਕੁੰਭੜਾ ਨੇ ਦੱਸਿਆ ਕਿ ਮ੍ਰਿਤਕ ਚਾਰ ਭੈਣ-ਭਰਾ ਹਨ। ਮ੍ਰਿਤਕ ਅਤੇ ਉਸ ਦਾ ਭਰਾ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦੇ ਸਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਤੋਂ ਇੱਕ ਹੀ ਮੰਗ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ। ਇਸ ਮਾਮਲੇ ‘ਚ ਦੋ ਦੋਸ਼ੀ ਅਜੇ ਫਰਾਰ ਹਨ। ਪੁਲਿਸ ਨੂੰ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।
ਜਦੋਂ ਦਮਨ ਦੀ ਮੌਤ ਹੋ ਗਈ ਤਾਂ ਮਾਹੌਲ ਗਰਮ ਹੋ ਗਿਆ। ਇਸ ਦੌਰਾਨ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਕਰੀਬ ਦੋ ਦਿਨ ਲਾਸ਼ ਨੂੰ ਏਅਰਪੋਰਟ ਰੋਡ ’ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ। ਧਰਨੇ ਵਾਲੀ ਥਾਂ ’ਤੇ ਕਈ ਸਮਾਜ ਸੇਵੀ ਸੰਸਥਾਵਾਂ ਅਤੇ ਸਿਆਸੀ ਪਾਰਟੀਆਂ ਦੇ ਆਗੂ ਪੁੱਜੇ ਹੋਏ ਸਨ।
ਇਸ ਦੌਰਾਨ ਇਲਾਕਾ ਵਿਧਾਇਕ ਕੁਲਵੰਤ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਮੁਲਜ਼ਮਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ। ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਤੋਂ ਬਾਅਦ ਪੰਜ ਮੁਲਜ਼ਮ ਫੜੇ ਗਏ। ਫਿਰ ਪਰਿਵਾਰ ਨੇ ਮ੍ਰਿਤਕ ਦਾ ਅੰਤਿਮ ਸੰਸਕਾਰ ਕੀਤਾ ਸੀ।