‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਅੱਜ ਕਿਸਾਨ ਲੀਡਰਾਂ ਦੀ ਵੱਖ-ਵੱਖ ਵਰਗਾਂ ਦੇ ਲੀਡਰਾਂ ਨਾਲ ਮੀਟਿੰਗ ਹੋਈ ਹੈ। ਕਿਸਾਨ ਲੀਡਰਾਂ ਨੇ ਵਪਾਰੀਆਂ ਅਤੇ ਟਰੇਡ ਯੂਨੀਅਨਾਂ ਨੂੰ ਅੰਦੋਲਨ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਕੱਲ੍ਹ ਲੁਧਿਆਣਾ ਵਿੱਚ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਦੇ ਫੈਸਲੇ ਦੇ ਖਿਲਾਫ ਟਰੇਡ ਯੂਨੀਅਨਾਂ ਪ੍ਰਦਰਸ਼ਨ ਕਰਨਗੀਆਂ ਅਤੇ 5 ਅਪ੍ਰੈਲ ਨੂੰ ਆੜ੍ਹਤੀਆਂ ਵੱਲੋਂ ਸਿੱਧੀ ਅਦਾਇਗੀ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ। ਆੜ੍ਹਤੀਆਂ ਦੇ ਪ੍ਰਦਰਸ਼ਨ ਵਿੱਚ ਕਿਸਾਨ ਵੀ ਸ਼ਾਮਿਲ ਹੋਣਗੇ। ਆੜ੍ਹਤੀਆਂ ਨੇ 10 ਅਪ੍ਰੈਲ ਨੂੰ ਸਿੱਧੀ ਅਦਾਇਗੀ ਦੇ ਫੈਸਲੇ ਦੇ ਵਿਰੋਧ ਵਜੋਂ ਮੰਡੀਆਂ ਬੰਦ ਕਰਨ ਦਾ ਐਲਾਨ ਕੀਤਾ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਪੰਜਾਬ ਦੀਆਂ ਕਿਸਾਨ, ਮਜ਼ਦੂਰ, ਔਰਤ, ਮੁਲਾਜ਼ਮ, ਵਿਦਿਆਰਥੀ, ਨੌਜਵਾਨ, ਆੜ੍ਹਤੀ, ਟਰਾਂਸਪੋਰਟ, ਅਧਿਆਪਕ, ਯੂਨੀਵਰਸਿਟੀ ਮੁਲਾਜ਼ਮ ਅਤੇ ਹੋਰ ਸਮਾਜਿਕ ਜਥੇਬੰਦੀਆਂ ਦੀ ਸਾਂਝੀ ਬੈਠਕ ਹੋਈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਟੀਚਰਜ਼ ਐਸ਼ੋਸੀਏਸ਼ਨ, ਪੀਏਯੂ ਐਂਪਲਾਇਜ਼ ਐਸ਼ੋਸੀਏਸ਼ਨ ਅਤੇ ਪੀਏਯੂ ਸਟੂਡੈਂਟਸ ਐਸ਼ੋਸੀਏਸ਼ਨ ਦੀ ਅਗਵਾਈ ਹੇਠ ਹੋਈ ਇਸ ਵਿਚਾਰ-ਚਰਚਾ ‘ਚ 100 ਤੋਂ ਵੱਧ ਜਥੇਬੰਦੀਆਂ ਨੇ ਹਿੱਸਾ ਲਿਆ।