ਸ੍ਰੀਨਗਰ ਵਿਖੇ ਹਾਲ ਹੀ ਵਿੱਚ ਹੋਏ ਇੱਕ ਸਮਾਗਮ, ਜੋ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੀ, ਵਿੱਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਪੁੱਜਣ ਤੋਂ ਬਾਅਦ, ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣਾ ਪੱਖ ਰੱਖਣ ਲਈ ਸੱਦਿਆ।
ਸ. ਜ਼ਫਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਅਤੇ ਸਿੰਘ ਸਾਹਿਬ ਅੱਗੇ ਆਪਣੀ ਸਫਾਈ ਪੇਸ਼ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ, ਜਸਵੰਤ ਸਿੰਘ ਨੇ ਪੇਸ਼ੀ ਦੌਰਾਨ ਆਪਣੀ ਦਾੜ੍ਹੀ ਬੰਨ੍ਹੀ ਹੋਈ ਸੀ, ਜਿਸ ‘ਤੇ ਜਥੇਦਾਰ ਨੇ ਉਨ੍ਹਾਂ ਨੂੰ ਦਾੜ੍ਹੀ ਖੋਲ੍ਹਣ ਦਾ ਆਦੇਸ਼ ਦਿੱਤਾ।
ਇਸ ਤੋਂ ਬਾਅਦ, ਉਨ੍ਹਾਂ ਨੇ ਦਾੜ੍ਹੀ ਖੋਲ੍ਹ ਕੇ ਜਥੇਦਾਰ ਸਾਹਿਬ ਸਨਮੁੱਖ ਆਪਣਾ ਪੱਖ ਰੱਖਿਆ। ਇਹ ਮਾਮਲਾ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਅਤੇ ਮਰਯਾਦਾ ਨਾਲ ਜੁੜਿਆ ਹੋਣ ਕਾਰਨ ਕਾਫੀ ਸੰਵੇਦਨਸ਼ੀਲ ਮੰਨਿਆ ਜਾ ਰਿਹਾ ਹੈ।