ਚੰਡੀਗੜ੍ਹ ਯੂਨੀਵਰਸਿਟੀ(CU) ਵਿੱਚ ਹੋਏ ਸਨਸਨੀ ਫੈਲਾਉਣ ਵਾਲੇ ਐਮਐਮਐਸ ਮਾਮਲੇ ਵਿੱਚ ਡੀਆਈਜੀ ਜੀਐਸ ਭੁੱਲਰ(DIG GS Bhullar) ਨੇ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ(CU Viral Video Case) ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ CU ਵਾਇਰਲ ਵੀਡੀਓ ਮਾਮਲੇ ‘ਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੱਕ ਐੱਸਆਈਟੀ ਦਾ ਗਠਨ ਕੀਤਾ ਹੈ। ਇਸ ਟੀਮ ਵਿੱਚ ਤਿੰਨ ਮਹਿਲਾ ਪੁਲਿਸ ਅਫ਼ਸਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਸੀਨੀਅਰ ਪੁਲਿਸ ਅਧਿਕਾਰੀ ਗੁਰਪ੍ਰੀਤ ਕੌਰ ਦਿਉ ਸਿੱਟ ਦੀ ਅਗਵਾਈ ਕਰਨਗੇ।
ਉਨ੍ਹਾਂ ਨੇ ਦੱਸਿਆ ਕਿ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਇਲੈੱਕਟ੍ਰੋਨਿਕ ਡਿਵਾਇਸ ਨੂੰ ਜ਼ਬਤ ਕਰ ਲਿਆ ਗਿਆ ਹੈ। 3 ਮੁਲਜ਼ਮਾਂ ਦੇ ਫ਼ੋਨ ਡਾਟਾ ਪ੍ਰਾਪਤੀ ਲਈ ਸਟੇਟ ਸਾਈਬਰ ਸੈੱਲ ਨੂੰ ਭੇਜੇ ਗਏ ਹਨ। ਇਸ ਮਾਮਲੇ ਵਿੱਚ ਤਿੰਨ ਮਹਿਲਾ ਅਫ਼ਸਰਾਂ ਦੀ ਐੱਸਆਈਟੀ ਦਾ ਗਠਨ ਕਰ ਦਿੱਤਾ ਗਿਆ ਹੈ। ਅਸੀਂ ਇਸ ਮਾਮਲੇ ਦੀ ਗਹਿਰਾਈ ਤੱਕ ਜਾਵਾਂਗੇ।
ਡੀਆਜੀ ਜੀਐਸ ਭੁੱਲਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਦੀਆਂ ਕੁੜੀਆਂ ਦੀਆਂ ਕਥਿਤ ਲੀਕ ਹੋਈਆਂ ਵੀਡੀਓਜ਼ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਇੱਕ 23 ਸਾਲਾ ਮੁਲਜ਼ਮ ਨੂੰ ਸ਼ਿਮਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ ਨੇ ਦੂਜੀ ਵਾਰ ਮੁਲਜ਼ਮ ਲੜਕੀ ਦੇ ਹੋਸਟਲ ਦੇ ਕਮਰੇ ਦੀ ਤਲਾਸ਼ੀ ਲਈ ਹੈ ਤੇ ਕਮਰੇ ‘ਚੋਂ ਲੜਕੀ ਦਾ ਲੈਪਟਾਪ ਬਰਾਮਦ ਕਰ ਕੇ ਉਸ ਨੂੰ ਜਾਂਚ ਲਈ ਫੋਰੈਂਸਿਕ ਲੈਬ ਵਿੱਚ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਪੁਲਿਸ ਡਿਲੀਟ ਕੀਤੇ ਗਏ ਸਾਰੇ ਡਾਟਾ ਨੂੰ ਰਿਕਵਰ ਕਰ ਰਹੀ ਹੈ ਤਾਂ ਜੋ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾ ਸਕੇ।
ਦਰੱਅਸਲ ਸ਼ਨਿਚਰਵਾਰ ਰਾਤ ਨੂੰ ਚੰਡੀਗੜ੍ਹ ਯੂਨੀਵਰਸਿਟੀ ਦੇ ਕੈਂਪਸ ਵਿੱਚ ਸਥਿਤ ਕੁੜੀਆਂ ਦੇ ਇਕ ਹੋਸਟਲ ਵਿੱਚ ਇਕ ਸਾਥੀ ਵਿਦਿਆਰਥਣ ਵੱਲੋਂ ਹੀ ਕੁਝ ਲੜਕੀਆਂ ਦੀ ਇਤਰਾਜ਼ਯੋਗ ਕਥਿਤ ਵੀਡੀਓਜ਼ ਰਿਕਾਰਡ ਕੀਤੇ ਜਾਣ ਤੇ ਵਾਇਰਲ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸੀ ਤੇ ਜਿਸ ਤੋਂ ਬਾਅਦ ਯੂਨੀਵਰਸਿਟੀ ਕੈਂਪਸ ਵਿੱਚ ਵੱਡੀ ਪੱਧਰ ’ਤੇ ਰੋਹ ਭੜਕ ਗਿਆ ਸੀ ਤੇ ਸਥਿਤੀ ਉਸ ਵੇਲੇ ਕੰਟਰੋਲ ਤੋਂ ਬਾਹਰ ਹੋ ਗਈ ਜਦੋਂ ਹੋਸਟਲ ਵਿੱਚ ਰਹਿਣ ਵਾਲੀ ਇਕ ਲੜਕੀ ਨੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਯੂਨੀਵਰਸਿਟੀ ਪ੍ਰਬੰਧਨ ਨੇ ਦਾਅਵਾ ਕੀਤਾ ਕਿ ਕਿਸੇ ਲੜਕੀ ਨੇ ਖੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ ਪਰ ਰੋਸ ਮੁਜ਼ਾਹਰੇ ਦੌਰਾਨ ਕੁਝ ਕੁੜੀਆਂ ਬੋਹੋਸ਼ ਜ਼ਰੂਰ ਹੋ ਗਈਆਂ ਸਨ।
ਯੂਨੀਵਰਸਿਟੀ ਦੇ ਕੁੜੀਆਂ ਦੇ ਇਕ ਹੋਸਟਲ ਵਿੱਚ ਰਹਿਣ ਵਾਲੀਆਂ ਤਿੰਨ ਲੜਕੀਆਂ ਨੇ ਵਾਰਡਨ ਕੋਲ ਪਹੁੰਚ ਕੀਤੀ ਅਤੇ ਦਾਅਵਾ ਕੀਤਾ ਕਿ ਹੋਸਟਲ ਵਿੱਚ ਰਹਿਣ ਵਾਲੇ ਕਿਸੇ ਲੜਕੀ ਵੱਲੋਂ ਇਤਰਾਜ਼ਯੋਗ ਵੀਡੀਓਜ਼ ਬਣਾਈਆਂ ਗਈਆਂ ਹਨ।