ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਜੋਧਪੁਰ ਵਿਖੇ ਜੁਡੀਸ਼ੀਅਲ ਪ੍ਰੀਖਿਆ ਵਿਚ ਵੱਡੀ ਗਿਣਤੀ ’ਚ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਖੰਡਤ ਕਰਨ ਵਾਲਿਆਂ ਖਿਲਾਫ ਸਰਕਾਰ ਵਲੋਂ ਅਜੇ ਤੱਕ ਕੋਈ ਕਾਰਵਾਈ ਨਾ ਕਰਨ ਨੂੰ ਬੇਹੱਦ ਦੁਖਦਾਈ ਅਤੇ ਅਨਿਆਂਪੂਰਨ ਆਖਿਆ ਹੈ।
ਉਨ੍ਹਾਂ ਨੇ ਕਿਹਾ ਕਿ ਪਹਿਲਾਂ ਜਲੰਧਰ ਨਿਵਾਸੀ ਗੁਰਸਿੱਖ ਲੜਕੀ ਅਰਮਨਜੋਤ ਕੌਰ ਦੇ ਮਾਮਲੇ ਤੋਂ ਬਾਅਦ ਹੁਣ ਅੰਬਾਲਾ ਛਾਉਣੀ ਦੀ ਇਕ ਗੁਰਸਿੱਖ ਲੜਕੀ ਲਖਵਿੰਦਰ ਕੌਰ ਵਲੋਂ ਜੋਧਪੁਰ ਜੁਡੀਸ਼ੀਅਲ ਪ੍ਰੀਖਿਆ ਦੇ ਇਕ ਕੇਂਦਰ ਉਤੇ ਉਸ ਦੇ ਕਕਾਰ ਲੁਹਾਉਣ ਦੇ ਸਾਹਮਣੇ ਆਏ ਮਾਮਲੇ ਨੇ ਰਾਜਸਥਾਨ ਅੰਦਰ ਸਿੱਖਾਂ ਨਾਲ ਕੀਤੇ ਜਾ ਰਹੇ ਵਿਤਕਰੇ ਨੂੰ ਇਕ ਵਾਰ ਫਿਰ ਉਜਾਗਰ ਕੀਤਾ ਹੈ।
ਰਾਜਸਥਾਨ ਦੇ ਜੋਧਪੁਰ ਵਿਖੇ ਜੁਡੀਸ਼ੀਅਲ ਪ੍ਰੀਖਿਆ ਵਿੱਚ ਵੱਡੀ ਗਿਣਤੀ ‘ਚ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਖੰਡਤ ਕਰਨ ਵਾਲਿਆਂ ਖਿਲਾਫ ਸਰਕਾਰ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਾ ਕਰਨੀ ਬੇਹੱਦ ਦੁੱਖਦਾਈ ਅਤੇ ਅਨਿਆਂਪੂਰਨ ਹੈ। ਪਹਿਲਾਂ ਗੁਰਸਿੱਖ ਲੜਕੀ ਅਰਮਨਜੋਤ ਕੌਰ ਦੇ ਮਾਮਲੇ ਤੋਂ ਬਾਅਦ ਹੁਣ ਅੰਬਾਲਾ ਛਾਉਣੀ ਦੀ ਇੱਕ ਗੁਰਸਿੱਖ ਲੜਕੀ… pic.twitter.com/tyuA3KXnA3
— Harjinder Singh Dhami (@SGPCPresident) June 30, 2024
ਧਾਮੀ ਨੇ ਕਿਹਾ ਕਿ ਇਹ ਵਰਤਾਰਾ ਸਿੱਖ ਸੰਵੇਦਨਾ ਨੂੰ ਸੱਟ ਮਾਰਨ ਵਾਲਾ ਹੈ, ਜਿਸ ਪ੍ਰਤੀ ਰਾਜਸਥਾਨ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੋਸ਼ੀ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕਰੇ ਪਰ ਦੁੱਖ ਦੀ ਗੱਲ ਹੈ ਕਿ ਸਿੱਖ ਕੌਮ ਵਲੋਂ ਲਗਾਤਾਰ ਪ੍ਰਗਟਾਏ ਜਾ ਰਹੇ ਇਤਰਾਜ਼ ਮਗਰੋਂ ਵੀ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਮੂੰਹ ਮੋੜੀ ਬੈਠੀ ਹੈ। ਜਾਣਕਾਰੀ ਅਨੁਸਾਰ ਰਾਜਸਥਾਨ ਦੇ ਜੋਧਪੁਰ ਵਿਖੇ ਪਿਛਲੇ ਹਫ਼ਤੇ ਹੋਈ ਸਿਵਲ ਜੱਜ ਦੀ ਜੁਡੀਸ਼ੀਅਲ ਪ੍ਰੀਖਿਆ ਵਿਚ ਕਈ ਕੇਂਦਰਾਂ ਉੱਤੇ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਤੰਗ ਪਰੇਸ਼ਾਨ ਕੀਤਾ ਗਿਆ ਅਤੇ ਅਧਿਕਾਰੀਆਂ ਦਾ ਕਕਾਰ ਲੁਹਾਉਣ ਲਈ ਬਜਿੱਦ ਰਹਿਣ ਕਾਰਨ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ, ਜਿਸ ਕਰਕੇ ਕਈ ਸਿੱਖ ਉਮੀਦਵਾਰ ਇਸ ਪ੍ਰੀਖਿਆ ਤੋਂ ਵਾਂਝੇ ਰਹੇ।
ਹਾਲਾਂਕਿ ਪ੍ਰੀਖਿਆ ਲਈ ਜਾਰੀ ਹਦਾਇਤਾਂ ਵਿਚ ਅਜਿਹਾ ਕੁਝ ਵੀ ਸ਼ਾਮਿਲ ਨਹੀਂ ਸੀ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਲਖਵਿੰਦਰ ਕੌਰ ਅਤੇ ਹੋਰਨਾਂ ਪੀੜਤ ਅੰਮ੍ਰਿਤਧਾਰੀ ਉਮੀਦਵਾਰਾਂ ਨਾਲ ਹੈ ਅਤੇ ਇਸ ਮਾਮਲੇ ਵਿਚ ਹਰ ਪੱਧਰ ਉੱਤੇ ਆਪਣਾ ਰੋਸ ਪ੍ਰਗਟ ਕਰਦਿਆਂ ਦੋਸ਼ੀ ਅਧਿਕਾਰੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕਾਰਜਸ਼ੀਲ ਰਹੇਗੀ।
ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਅਰਮਨਜੋਤ ਕੌਰ ਤੇ ਹੋਰ ਸਿੱਖ ਉਮੀਦਵਾਰਾਂ ਦੇ ਮਾਮਲੇ ਵਿੱਚ ਰਾਜਸਥਾਨ ਹਾਈ ਕੋਰਟ ਦੇ ਚੀਫ ਜਸਟਿਸ ਤੇ ਰਜਿਸਟਰਾਰ (ਇਮਤਿਹਾਨ), ਕੇਂਦਰੀ ਕਨੂੰਨ ਤੇ ਨਿਆਂ ਮੰਤਰੀ, ਰਾਜਸਥਾਨ ਦੇ ਮੁੱਖ ਮੰਤਰੀ, ਕੌਮੀ ਤੇ ਸੂਬਾ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਚੁੱਕੀ ਹੈ ਅਤੇ ਹੁਣ ਲਖਵਿੰਦਰ ਕੌਰ ਦਾ ਮਾਮਲਾ ਵੀ ਉਠਾਇਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਅਪੀਲ ਹੈ ਕਿ ਉਹ ਸਮੇਂ-ਸਮੇਂ ਸਾਹਮਣੇ ਆਉਂਦੀਆਂ ਅਜਿਹੀਆਂ ਸਿੱਖ-ਵਿਰੋਧੀ ਘਟਨਾਵਾਂ ਉੱਤੇ ਦੀਰਘ ਵਿਚਾਰ ਵਟਾਂਦਰਾ ਕਰਨ ਲਈ ਸਮੁੱਚੀਆਂ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ ਸੱਦਣ ਤਾਂ ਜੋ ਸਰਕਾਰਾਂ ਨੂੰ ਠੋਸ ਸਨੇਹਾ ਦਿੱਤਾ ਜਾ ਸਕੇ।