ਪੰਜਾਬ ਦੇ ਜਲੰਧਰ ‘ਚ 12ਵੀਂ ਜਮਾਤ ਦੇ ਵਿਦਿਆਰਥੀ ਨੇ ਪੇਪਰ ਠੀਕ ਨਾ ਹੋਣ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਘਰ ਦੇ ਬਾਥਰੂਮ ਵਿੱਚੋਂ ਮਿਲੀ। ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਫਿਲਹਾਲ ਪੁਲਿਸ ਨੇ ਵਿਦਿਆਰਥੀ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ‘ਤੇ ਆਈਪੀਸੀ ਦੀ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਜੀਵਨ (17) ਵਾਸੀ ਗਦਾਈਪੁਰ ਵਜੋਂ ਹੋਈ ਹੈ।
ਜੀਵਨ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਦੱਸਿਆ ਹੈ ਕਿ ਹਾਲ ਹੀ ‘ਚ 12ਵੀਂ ਜਮਾਤ ਦੇ ਪੇਪਰ ਹੋਣ ਤੋਂ ਬਾਅਦ ਬੇਟਾ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ। ਬੀਤੀ ਦੇਰ ਸ਼ਾਮ ਉਸ ਨੇ ਬਾਥਰੂਮ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਦੋਂ ਕਾਫੀ ਦੇਰ ਤੱਕ ਜੀਵਨ ਬਾਹਰ ਨਾ ਆਇਆ ਤਾਂ ਉਨ੍ਹਾਂ ਗੇਟ ਖੜਕਾਇਆ।
ਜਦੋਂ ਕੋਈ ਜਵਾਬ ਨਾ ਆਇਆ ਤਾਂ ਉਸ ਨੇ ਬੜੀ ਮੁਸ਼ਕਲ ਨਾਲ ਬਾਥਰੂਮ ਦਾ ਤਾਲਾ ਖੋਲ੍ਹਿਆ। ਜਦੋਂ ਉਨ੍ਹਾਂ ਅੰਦਰ ਜਾ ਕੇ ਦੇਖਿਆ ਤਾਂ ਉਹ ਲਟਕ ਰਿਹਾ ਸੀ। ਇਸ ਤੋਂ ਬਾਅਦ ਉਸ ਦੀ ਲਾਸ਼ ਨੂੰ ਹੇਠਾਂ ਲਿਆਂਦਾ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਪਰਿਵਾਰ ਮੂਲ ਰੂਪ ਤੋਂ ਨੇਪਾਲ ਦਾ ਰਹਿਣ ਵਾਲਾ ਸੀ।
ਥਾਣਾ ਡਿਵੀਜ਼ਨ ਨੰਬਰ 8 ਦੇ ਐਸਐਚਓ ਸੰਜੀਵ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਜੀਵਨ ਦਾ ਪਿਤਾ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ। ਕੱਲ੍ਹ ਜੀਵਨ ਦੇ ਪਿਤਾ ਦਾ ਫੋਨ ਵੀ ਟੁੱਟ ਗਿਆ ਸੀ ਅਤੇ ਪੇਪਰ ਠੀਕ ਨਾ ਹੋਣ ਕਾਰਨ ਉਹ ਪਹਿਲਾਂ ਹੀ ਪ੍ਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਜੀਵਨ ਇੱਕ ਸਰਕਾਰੀ ਸਕੂਲ ਵਿੱਚ ਆਰਟਸ ਸਟਰੀਮ ਵਿੱਚੋਂ 12ਵੀਂ ਦੀ ਪੜ੍ਹਾਈ ਕਰ ਰਿਹਾ ਸੀ।