Khaas Lekh Religion

ਸਤਿਗੁਰੁ ਬੰਦੀਛੋੜੁ ਹੈ ਜੀਵਣ ਮੁਕਤਿ ਕਰੈ ਓਡੀਣਾ।

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੀਵਾਲੀ ਦਾ ਤਿਉਹਾਰ ਭਾਵੇਂ ਪੁਰਾਣੇ ਸਮਿਆਂ ਤੋਂ ਸਮੁੱਚੇ ਭਾਰਤ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ, ਪਰ ਸਿੱਖ ਧਰਮ ‘ਚ ਇਸ ਦਾ ਇਤਿਹਾਸਕ ਅਤੇ ਵਿਲੱਖਣ ਪਿਛੋਕੜ ਹੈ। ਸਿੱਖ ਇਤਿਹਾਸ ਨਾਲ ਦਿਵਾਲੀ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ ਹੋਇਆ ਹੈ, ਜਦੋਂ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚੇ ਸੀ।

ਬਾਣੀ ਦੇ ਬੋਹਿਥ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਿਰਜਣਹਾਰ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਬੇਮਿਸਾਲ ਅਤੇ ਸ਼ਾਂਤਮਈ ਸ਼ਹਾਦਤ ਨੇ ਸਿੱਖ ਇਤਿਹਾਸ ਵਿੱਚ ਇੱਕ ਕ੍ਰਾਂਤੀਕਾਰੀ ਮੋੜ ਲੈ ਆਂਦਾ। ਸਤਿਗੁਰਾਂ ਦੀ ਅਦੁੱਤੀ ਸ਼ਹਾਦਤ ਤੋਂ ਬਾਅਦ ਇਹ ਗੱਲ ਸਪੱਸ਼ਟ ਹੋ ਗਈ ਸੀ ਕਿ ਜ਼ਾਲਮਾਂ ਦੇ ਜ਼ੁਲਮ ਨੂੰ ਠੱਲ ਪਾਉਣ ਲਈ ਹਥਿਆਰ ਚੁੱਕਣੇ ਹੀ ਪੈਣਗੇ।

ਇਸ ਲਈ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗੁਰ-ਗੱਦੀ ਦੀ ਪਰੰਪਰਾਗਤ ਰਸਮ ਨੂੰ ਸਮੇਂ ਦੀ ਲੋੜ ਅਨੁਸਾਰ ਬਦਲਦਿਆਂ ਗੁਰਿਆਈ ਧਾਰਨ ਕਰਦੇ ਸਮੇਂ ਮੀਰੀ ਅਤੇ ਪੀਰੀ ਦੀਆਂ ਦੋ ਤਲਵਾਰਾਂ ਪਹਿਨੀਆਂ। ਗੁਰੂ ਸਾਹਿਬ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕੀਤੀ, ਜਿੱਥੇ ਦੀਵਾਨ ਸਜਦੇ ਹਨ ਅਤੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਬੀਰ-ਰਸੀ ਵਾਰਾਂ ਵੀ ਗਾਈਆਂ ਜਾਂਦੀਆਂ ਹਨ।

ਗੁਰੂ ਸਾਹਿਬ ਨੇ ਸਿੱਖ ਸੰਗਤਾਂ ਨੂੰ ਦਰਸ਼ਨਾਂ ਲਈ ਆਉਂਦੇ ਸਮੇਂ ਚੰਗੀ ਨਸਲ ਦੇ ਘੋੜੇ ਅਤੇ ਸ਼ਸਤਰ ਲਿਆਉਣ ਦੇ ਆਦੇਸ਼ ਜਾਰੀ ਕੀਤੇ ਅਤੇ ਅਣਖੀਲੇ ਗੱਭਰੂਆਂ ਦੀ ਫੌਜ ਤਿਆਰ ਕਰਕੇ ਉਨ੍ਹਾਂ ਨੂੰ ਜੰਗੀ ਟ੍ਰੇਨਿੰਗ ਦਿੱਤੀ ਜਾਣ ਲੱਗੀ। ਗੁਰੂ-ਘਰ ਦੇ ਵਿਰੋਧੀਆਂ ਨੇ ਗੁਰੂ ਸਾਹਿਬ ਵਿਰੁੱਧ ਬਾਦਸ਼ਾਹ ਜਹਾਂਗੀਰ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ, ਜਿਸ ਦੇ ਫ਼ਲਸਰੂਪ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਬਗਾਵਤ ਦੇ ਝੂਠੇ ਦੋਸ਼ ਵਿੱਚ ਗਵਾਲੀਅਰ ਦੇ ਕਿਲ੍ਹੇ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ।

ਗੁਰੂ ਸਾਹਿਬ ਦੀ ਨਜ਼ਰਬੰਦੀ ਕੋਈ ਸਾਧਾਰਨ ਗੱਲ ਨਹੀਂ ਸੀ। ਸਿੱਖ ਸੰਗਤਾਂ ਲਈ ਇਹ ਖਬਰ ਬੜੀ ਹਿਰਦੇ ਵੇਦਕ ਸੀ। ਪਰ ਗੁਰੂ ਸਾਹਿਬ ਦੇ ਪਹੁੰਚਣ ਨਾਲ ਗਵਾਲੀਅਰ ਦੇ ਕਿਲ੍ਹੇ ਦਾ ਮਾਹੌਲ ਹੀ ਬਦਲ ਗਿਆ।  ਇੱਥੇ ਦੋਵੇਂ ਵੇਲੇ ਕੀਰਤਨ ਅਤੇ ਸਤਿਸੰਗ ਹੋਣ ਲੱਗਾ ਅਤੇ ਕਾਲ-ਕੋਠੜੀਆਂ ਵਿੱਚੋਂ ਪ੍ਰਭੂ-ਸਿਮਰਨ ਦੀਆਂ ਮਿੱਠੀਆਂ ਧੁਨਾਂ ਉੱਠਣ ਲੱਗੀਆਂ। ਗੁਰੂ ਸਾਹਿਬ ਦੀ ਸੰਗਤ ਅਤੇ ਉਪਦੇਸ਼ਾਂ ਨੇ ਸਭ ਬੰਦੀਆਂ ਨੂੰ ਚੜ੍ਹਦੀ ਕਲਾ ਵਿੱਚ ਲੈ ਆਂਦਾ। ਗੁਰੂ ਸਾਹਿਬ ਦੀ ਨਜ਼ਰਬੰਦੀ ਲੰਬੀ ਹੋ ਜਾਣ ਕਾਰਨ ਸਿੱਖਾਂ ਵਿੱਚ ਬੇਚੈਨੀ ਵਧਣ ਲੱਗੀ।

ਬਾਬਾ ਬੁੱਢਾ ਜੀ ਦੀ ਅਗਵਾਈ ‘ਚ ਸਿੱਖ ਸੰਗਤਾਂ ਦਾ ਇੱਕ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਗਵਾਲੀਅਰ ਲਈ ਰਵਾਨਾ ਹੋਇਆ। ਜਿੱਥੋਂ-ਜਿੱਥੋਂ ਇਹ ਜਥਾ ਕੀਰਤਨ ਕਰਦਾ ਹੋਇਆ ਗੁਜ਼ਰਦਾ, ਸਿੱਖ ਸੰਗਤਾਂ ਇਸ ਦਾ ਭਾਰੀ ਸਵਾਗਤ ਕਰਦੀਆਂ। ਜਦੋਂ ਇਹ ਜਥਾ ਗਵਾਲੀਅਰ ਦੇ ਕਿਲ੍ਹੇ ਪਹੁੰਚਿਆ ਤਾਂ ਸੰਗਤਾਂ ਨੂੰ ਗੁਰੂ ਸਾਹਿਬ ਨਾਲ ਮੁਲਾਕਾਤ ਜਾਂ ਦਰਸ਼ਨ ਕਰਨ ਦੀ ਇਜ਼ਾਜ਼ਤ ਨਾ ਮਿਲ ਸਕੀ।

ਪਰ ਇਹ ਜਥਾ ਕੀਰਤਨ ਕਰਦਿਆਂ, ਗਵਾਲੀਅਰ ਦੇ ਕਿਲ੍ਹੇ ਦੀਆਂ ਪਰਿਕਰਮਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਂਟ ਕਰ ਵਾਪਸ ਮੁੜ ਆਇਆ। ਮੁਸਲਿਮ ਸੂਫੀ ਸੰਤ ਸਾਈਂ ਮੀਆਂ ਮੀਰ ਜੀ ਵੱਲੋਂ ਬਾਦਸ਼ਾਹ ਜਹਾਂਗੀਰ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਸਬੰਧੀ ਜਾਣਕਾਰੀ ਦਿੱਤੇ ਜਾਣ ‘ਤੇ ਉਸ ਨੇ ਗੁਰੂ ਸਾਹਿਬ ਨੂੰ ਰਿਹਾਅ ਕਰਨ ਦਾ
ਆਦੇਸ਼ ਜਾਰੀ ਕਰ ਦਿੱਤਾ।

ਪਰ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਇਕੱਲਿਆਂ ਕਿਲ੍ਹੇ ਵਿੱਚੋਂ ਰਿਹਾਅ ਹੋਣਾ ਸਵੀਕਾਰ ਨਾ ਕੀਤਾ। ਗੁਰੂ ਸਾਹਿਬ ਦੀ ਰਹਿਮਤ ਸਦਕਾ ਕਿਲ੍ਹੇ ਵਿੱਚ ਨਜ਼ਰਬੰਦ 52 ਰਾਜਪੂਤ ਰਾਜਿਆਂ ਨੂੰ ਵੀ ਬੰਦੀਖਾਨੇ ਤੋਂ ਮੁਕਤੀ ਮਿਲੀ। ਇਸ ਦਿਨ ਤੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ‘ਬੰਦੀ-ਛੋੜ’ ਦਾਤਾ ਦੇ ਨਾਮ ਨਾਲ ਵੀ ਜਾਣਿਆ ਜਾਣ ਲੱਗਾ।

“ਸਤਿਗੁਰੁ ਬੰਦੀਛੋੜੁ ਹੈ  ਜੀਵਣ ਮੁਕਤਿ ਕਰੈ ਓਡੀਣਾ। ”

ਰਿਹਾਈ ਤੋਂ ਬਾਅਦ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਜਿਸ ਦਿਨ ਭਾਰੀ ਗਿਣਤੀ ਵਿੱਚ ਸਿੱਖ ਸੰਗਤਾਂ ਨਾਲ ਸ੍ਰੀ ਅੰਮ੍ਰਿਤਸਰ ਵਿਖੇ ਪੁੱਜੇ ਤਾਂ ਸਿੱਖ ਸੰਗਤਾਂ ਨੇ ਗੁਰੂ ਸਾਹਿਬ ਦੇ ਪੁੱਜਣ ‘ਤੇ ਘਰਾਂ ਵਿੱਚ ਘਿਓ ਦੇ ਦੀਵੇ ਜਗਾਏ ਅਤੇ ਅਥਾਹ ਖੁਸ਼ੀਆਂ ਮਨਾਈਆਂ। ਸ੍ਰੀ ਦਰਬਾਰ ਸਾਹਿਬ ਵਿਖੇ ਵੀ ਖੁਸ਼ੀ ਵਿੱਚ ਦੀਪਮਾਲਾ ਕੀਤੀ ਗਈ। ਇਸ ਦਿਨ ਤੋਂ ਸਿੱਖਾਂ ਵਾਸਤੇ ਦੀਵਾਲੀ ਇੱਕ ਪਵਿੱਤਰ ਦਿਹਾੜਾ ਬਣ ਗਿਆ ਅਤੇ ਸਿੱਖ ਜਗਤ ਹਰ ਸਾਲ ਸ੍ਰੀ ਅੰਮ੍ਰਿਤਸਰ ਵਿਖੇ ਇਕੱਤਰ ਹੋ ਕੇ ਬੰਦੀ-ਛੋੜ ਦਿਹਾੜਾ ਮਨਾਉਣ ਲੱਗਾ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤਿ ਸਮਾਉਣ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹੀਦੀ ਉਪਰੰਤ ਬੰਦੀਛੋੜ ਦਿਵਸ (ਦੀਵਾਲੀ) ਅਤੇ ਵਿਸਾਖੀ ਦੇ ਦਿਨ ‘ਸਰਬੱਤ ਖ਼ਾਲਸਾ’ ਅੰਮ੍ਰਿਤਸਰ ਵਿਖੇ ਇਕੱਤਰ ਹੁੰਦਾ ਅਤੇ ਇਸ ਸਮੇਂ ਦਰਪੇਸ਼ ਮਸਲਿਆਂ ਸਬੰਧੀ ਪੰਥਕ ਫ਼ੈਸਲੇ ਅਤੇ ਗੁਰਮਤੇ ਕੀਤੇ ਜਾਂਦੇ।

1733 ਈਸਵੀ ਦੀ ਦੀਵਾਲੀ ਦੇ ਅਵਸਰ ‘ਤੇ ਵੀ ਭਾਈ ਮਨੀ ਸਿੰਘ ਜੀ ਨੇ ਇੰਜ ਹੀ ਇਕੱਤਰ ਹੋਣ ਲਈ ਸੰਗਤਾਂ ਨੂੰ ਸ੍ਰੀ ਅੰਮ੍ਰਿਤਸਰ ਪੁੱਜਣ ਦੇ ਸੱਦੇ ਭੇਜੇ ਸੀ ਕਿਉਂਕਿ ਉਸ ਸਮੇਂ ਹਕੂਮਤ ਵੱਲੋਂ ਅਜਿਹੀ ਇਕੱਤਰਤਾ ਕਰਨ ਦੀ ਮਨਾਹੀ ਸੀ। ਇਸ ਲਈ ਭਾਈ ਮਨੀ ਸਿੰਘ ਨੇ ਵਿਸ਼ੇਸ਼ ਟੈਕਸ ਦੇਣਾ ਮੰਨ ਕੇ ਇਕੱਤਰਤਾ ਕਰਨ ਦੀ ਇਜ਼ਾਜ਼ਤ ਲੈ ਲਈ। ਨਵਾਬ ਜ਼ਕਰੀਆ ਖਾਨ ਨੇ ਇਸ ਇਕੱਠ ਉੱਤੇ ਹਮਲਾ ਕਰਕੇ ਇਕੱਤਰ ਹੋਏ ਸਿੰਘਾਂ ਨੂੰ ਮਾਰ ਮੁਕਾਣ ਦੀ ਯੋਜਨਾ ਬਣਾ ਲਈ, ਜਿਸ ਦੀ ਸੂਹ ਭਾਈ ਸਾਹਿਬ ਨੂੰ ਵੀ ਮਿਲ ਗਈ ਅਤੇ ਉਨ੍ਹਾਂ ਨੇ ਸਿੱਖਾਂ ਨੂੰ ਅੰਮ੍ਰਿਤਸਰ ਆਉਣ ਤੋਂ ਰੋਕ ਦਿੱਤਾ।

ਟੈਕਸ ਨਾ ਭਰਨ ਦਾ ਬਹਾਨਾ ਲਗਾ ਕੇ ਹਕੂਮਤ ਨੇ ਭਾਈ ਮਨੀ ਸਿੰਘ ਨੂੰ ਲਾਹੌਰ ਸੱਦਾ ਭੇਜਿਆ ਅਤੇ ਟੈਕਸ ਨਾ ਅਦਾ ਕਰਨ ਦੀ ਸੂਰਤ ‘ਚ ਸਿੱਖ ਧਰਮ ਛੱਡ ਕੇ ਇਸਲਾਮ ਧਾਰਨ ਕਰਨ ਜਾਂ ਫਿਰ ਮੌਤ ਲਈ ਤਿਆਰ ਹੋਣ ਦਾ ਫ਼ੁਰਮਾਨ ਸੁਣਾ ਦਿੱਤਾ। ਭਾਈ ਸਾਹਿਬ ਨੇ ਹਕੂਮਤ ਨੂੰ ਆਪਣੇ ਇਕਰਾਰ ਤੋਂ ਫਿਰ ਜਾਣ ਕਾਰਨ ਟੈਕਸ ਭਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ‘ਸਿੱਖ ਲਈ ਧਰਮ ਪਿਆਰਾ ਹੈ, ਜਾਨ ਪਿਆਰੀ ਨਹੀਂ’, ਆਖ ਕੇ ਸ਼ਹਾਦਤ ਦਾ ਜਾਮ ਪੀਣਾ ਮਨਜ਼ੂਰ ਕੀਤਾ। ਕਾਜ਼ੀ ਵੱਲੋਂ ਦਿੱਤੇ ਫ਼ਤਵੇ ਅਨੁਸਾਰ ਭਾਈ ਮਨੀ ਸਿੰਘ ਜੀ ਨੂੰ ਬੰਦ-ਬੰਦ ਕੱਟ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਤਰ੍ਹਾਂ ਸਿੱਖ ਇਤਿਹਾਸ ਦੀਆਂ ਕਈ ਘਟਨਾਵਾਂ ਦੀਵਾਲੀ ਨਾਲ ਜੁੜੀਆਂ ਹੋਈਆਂ ਹਨ, ਜਿਨ੍ਹਾਂ ਕਰਕੇ ਇਹ ਦਿਨ ਸਿੱਖ ਕੌਮ ਲਈ ਖ਼ਾਸ ਅਹਿਮੀਅਤ ਰੱਖਦਾ ਹੈ।

ਦਿਵਾਲੀ ਦੇ ਇਸ ਪਵਿੱਤਰ ਤਿਉਹਾਰ ‘ਤੇ ਮੈਂ ਅਪੀਲ ਕਰਨਾ ਚਾਹੁੰਦੀ ਹਾਂ ਕਿ ਅਸੀਂ ਇਸ ਵਾਰ ਹਰੀ ਦਿਵਾਲੀ ਮਨਾਈਏ ਅਤੇ ਪਟਾਖਿਆਂ ਤੇਂ ਪਰਹੇਜ਼ ਕਰੀਏ ਕਿਉੰਕਿ ਪਟਾਖਿਆਂ ਵਿੱਚੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਸਾਡੀ ਕੁਦਰਤ ਦੀ ਉਮਰ ਨੂੰ ਘਟਾ ਰਿਹਾ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ। ਪੰਛੀਆਂ ਦੇ ਲਈ ਅਸੀਂ ਹਰ ਦਿਵਾਲੀ ਕਈ ਮੁਸ਼ਕਿਲਾਂ ਖੜੀਆਂ ਕਰਦੇ ਹਾਂ, ਪਟਾਖਿਆਂ ਦੇ ਸ਼ੋਰ ਨਾਲ ਪੰਛੀ ਡਰ ਜਾਂਦੇ ਹਨ ਅਤੇ ਪ੍ਰਦੂਸ਼ਿਤ ਹਵਾ ਉਨ੍ਹਾਂ ਦੀ ਮੌਤ ਦਾ ਕਾਰਨ ਬਣ ਸਕਦੀ ਹੈ। ਸੋ, ਦਿਵਾਲੀ ਦੇ ਇਸ ਪਵਿੱਤਰ ਤਿਉਹਾਰ ਨੂੰ ਪਵਿੱਤਰਤਾ ਦੇ ਨਾਲ ਮਨਾਈਏ ਅਤੇ ਵਾਤਾਵਰਣ ਨੂੰ ਸਾਫ ਰੱਖਣ ਵਿੱਚ ਆਪਣਾ ਯੋਗਦਾਨ ਪਾਈਏ।