Punjab

ਡਾ ਦਲਜੀਤ ਚੀਮਾ ਨੇ ਮਾਨ ਸਰਕਾਰ ਨੂੰ ਘੇਰਿਆ

‘ਦ ਖ਼ਾਲਸ ਬਿਊਰੋ : ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਨੈਸ਼ਨਲ ਅਚੀਵਮੈਂਟ ਸਰਵੇ (ਐਨਏਐਸ) 2021 ਦੀ ਰਿਪੋਰਟ ਵਿੱਚ ਪੰਜਾਬ ਬਾਕੀ ਰਾਜਾਂ ਵਿੱਚੋਂ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਰਾਜ ਬਣਿਆ ਹੈ। NAS ਇੱਕ ਰਾਸ਼ਟਰੀ ਪੱਧਰ ਦਾ ਮੁਲਾਂਕਣ ਸਰਵੇਖਣ ਹੈ ਜੋ ਨਵੀਆਂ ਵਿਦਿਅਕ ਨੀਤੀਆਂ ਨੂੰ ਤਿਆਰ ਕਰਨ ਲਈ ਲਾਭਦਾਇਕ ਹੈ। 2021 ਦੀ ਜਾਰੀ ਰਿਪੋਰਟ ਮੁਤਾਬਕ ਤੀਜੀ, ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤ ਸਬੰਧੀ ਕਰਵਾਏ ਸਰਵੇਖਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਅੱਗੇ ਰਿਹਾ ਹੈ।

 ਇਸ ਰਿਪੋਰਟ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਪੰਜਾਬ ਸਰਕਾਰ ‘ਤੇ ਸਵਾਲ ਉਠਾਏ ਹਨ ਕਿ ਜੇਕਰ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਹੈ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਮਾਡਲ ਕਿਉਂ ਥੋਪਣਾ ਚਾਹੁੰਦੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ‘ਤੇ ਵਰ੍ਹਦਿਆਂ ਮੁੱਖ ਮੰਤਰੀ ਮਾਨ ਨੂੰ ਆਖਿਆ ਕਿ ਉਹ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੁੰ ਪ੍ਰਾਪਤੀਆਂ ਲਈ ਵਧਾਈ ਦੇਣ ਅਤੇ ਉਹਨਾਂ ਦੀ ਬਦਨਾਮੀ ਕਰਨ ਲਈ ਉਹਨਾਂ ਤੋਂ ਮੁਆਫੀ ਮੰਗਣ।

ਉਨ੍ਹਾਂ ਨੇ ਕਿਹਾ ਕਿ ਸਰਵੇਖਣ ਵਿਚ ਪੰਜਾਬ ਦੇ ਵਿਦਿਆਰਥੀਆਂ ਨੇ ਦਿੱਲੀ ਦੇ ਆਪਣੇ ਹਮਰੁਤਬਾ ਨਾਲੋਂ ਤੇ ਦੇਸ਼ ਦੀ ਸਿੱਖਿਆ ਪ੍ਰਣਾਲੀ ਦੀ ਸਿਹਤ ਨਾਲੋਂ ਚੰਗਾ ਪ੍ਰਦਰਸ਼ਨ ਕੀਤਾ ਹੈ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਦਿੱਲੀ ਮਾਡਲ ਦਾ ਝੂਠ ਬੋਲ ਕੇ ਗੁੰਮਰਾਹ ਕੀਤਾ ਗਿਆ ਅਤੇ ਆਮ ਆਦਮੀ ਪਾਰਟੀ ਵੱਲੋਂ ਝੂਠ ਬੋਲ ਕੇ ਪੰਜਾਬ ਦੇ ਸਕੂਲਾਂ ਨੂੰ ਅਪਮਾਨਿਤ ਕੀਤਾ ਜਾ ਰਿਹਾ ਸੀ।

 ਚੀਮਾ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਨੁੰ ਇਹ ਮੰਨਣਾ ਚਾਹੀਦਾ ਹੈ ਤੇ ਪੰਜਾਬੀਆਂ ਸਿਰ ਦਿੱਲੀ ਮਾਡਲ ਮੜ੍ਹਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਤੇ ਇਸ ਤੋਂ ਇਲਾਵਾ ਮੌਜੂਦਾ ਪੰਜਾਬ ਮਾਡਲ ਜਿਸਨੇ ਕੌਮੀ ਸਰਵੇਖਣ ਵਿਚ ਪੰਜਾਬ ਨੂੰ ਚੌਖਾ ਲਾਭ ਦਿੱਤਾ ਹੈ, ਨੁੰ ਮਜ਼ਬੂਤ ਕਰਨ ਵਾਸਤੇ ਕੰਮ ਕਰਨਾ ਚਾਹੀਦਾ ਹੈ।