ਬਿਊਰੋ ਰਿਪੋਰਟ (2 ਮਾਰਚ, 2026): ਡਾ. ਨਵਜੋਤ ਕੌਰ ਸਿੱਧੂ ਨੇ ਰਾਜਨੀਤੀ ਤੋਂ ਕਿਨਾਰਾ ਕਰਕੇ ਸੰਤਾਂ ਦੀ ਸੇਵਾ ਕਰਨ ਦੀ ਇੱਛਾ ਜ਼ਾਹਿਰ ਕੀਤੀ ਹੈ। ਫ਼ਤਹਿਗੜ੍ਹ ਸਾਹਿਬ ਸਥਿਤ ਸਤਲੋਕ ਆਸ਼ਰਮ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਦੇ ਸਿਆਸੀ ਲੋਕ ਆਪਣੀ ਪਛਾਣ ਭੁੱਲ ਚੁੱਕੇ ਹਨ ਅਤੇ ਜੇਕਰ ਇਹ ਸਿਆਸਤਦਾਨ ਦੂਰ ਹੋ ਜਾਣ ਤਾਂ ਸੰਤ ਰਾਮਪਾਲ ਵਰਗੇ ਲੋਕ ਹੀ ਇਸ ਧਰਤੀ ਦਾ ਭਲਾ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਸੰਤ ਰਾਮਪਾਲ ਇਸ ਵੇਲੇ ਜੇਲ੍ਹ ਵਿੱਚ ਬੰਦ ਹਨ।
ਆਪਣੀ ਸਿਹਤ ਬਾਰੇ ਗੱਲ ਕਰਦਿਆਂ ਨਵਜੋਤ ਕੌਰ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਬ੍ਰੈਸਟ ਕੈਂਸਰ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਭਗਵਾਨ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੀ ਦੇਹ ਦਾਨ ਕਰ ਰੱਖੀ ਹੈ ਅਤੇ ਕੈਂਸਰ ਸਿਰਫ਼ ਬ੍ਰੈਸਟ ਤੱਕ ਸੀਮਤ ਸੀ, ਜਿਸ ਦੀ ਕਿਸੇ ਨੂੰ ਲੋੜ ਨਹੀਂ ਹੁੰਦੀ। ਸ਼ਰੀਰ ਦੇ ਬਾਕੀ ਅੰਗ ਠੀਕ ਹੋਣ ਕਾਰਨ ਉਹ ਕਿਸੇ ਹੋਰ ਦੇ ਕੰਮ ਆ ਸਕਣਗੇ।
ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਪਹਿਲਾਂ ਹੀ ਬਾਹਰ ਦਾ ਰਸਤਾ ਦਿਖਾ ਚੁੱਕੀ ਹੈ। ਹਾਲਾਂਕਿ ਉਨ੍ਹਾਂ ਦੀਆਂ ਭਾਜਪਾ ਨਾਲ ਨਜ਼ਦੀਕੀਆਂ ਦੀ ਚਰਚਾ ਸੀ, ਪਰ ਹੁਣ ਉਨ੍ਹਾਂ ਦੇ ਇਸ ਬਿਆਨ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਪੂਰੇ ਮਾਮਲੇ ’ਤੇ ਨਵਜੋਤ ਸਿੰਘ ਸਿੱਧੂ ਨੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਹੈ।

