ਪੰਜਾਬ ਦੇ ਜਲੰਧਰ ‘ਚ ਦਾਨਿਸ਼ਮੰਦਾਂ ਬਸਤੀ ਨੇੜੇ ਹੋਲੀ ਵਾਲੇ ਦਿਨ ਲੋਕਾਂ ਨੇ ਦੋ ਨਸ਼ੇੜੀ ਨੌਜਵਾਨਾਂ ਨੂੰ ਫੜ ਲਿਆ ਜੋ ਫੋਨ ਖੋਹ ਕੇ ਭੱਜ ਰਹੇ ਸਨ। ਦੋਵੇਂ ਨੌਜਵਾਨ ਇੰਨੇ ਸ਼ਰਾਬੀ ਸਨ ਕਿ ਉਨ੍ਹਾਂ ਨੂੰ ਕੁਝ ਵੀ ਸਮਝ ਨਹੀਂ ਆ ਰਿਹਾ ਸੀ ਕਿ ਕੋਈ ਕੀ ਕਹਿ ਰਿਹਾ ਹੈ। ਲੋਕਾਂ ਨੇ ਦੋਵਾਂ ਮੁਲਜ਼ਮਾਂ ਕੋਲੋਂ ਨਸ਼ੀਲੇ ਟੀਕੇ ਵੀ ਬਰਾਮਦ ਕੀਤੇ ਹਨ।
ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਕੋਲੋਂ ਚਾਰ ਫੋਨ ਬਰਾਮਦ ਹੋਏ ਹਨ। ਫੜੇ ਜਾਣ ਤੋਂ ਬਾਅਦ ਦੋਵਾਂ ਦੋਸ਼ੀਆਂ ਨੇ ਮੌਕੇ ‘ਤੇ ਹੀ ਹਾਈ ਵੋਲਟੇਜ ਡਰਾਮਾ ਰਚ ਦਿੱਤਾ। ਇਨ੍ਹਾਂ ‘ਚੋਂ ਇਕ ਦੋਸ਼ੀ ਇੰਨਾ ਸ਼ਰਾਬੀ ਸੀ ਕਿ ਉਹ ਜ਼ਮੀਨ ‘ਤੇ ਡਿੱਗ ਗਿਆ ਅਤੇ ਫਿਰ ਪੁਲਿਸ ਨੇ ਉਸ ਨੂੰ ਉਥੋਂ ਚੁੱਕ ਕੇ ਕਾਰ ‘ਚ ਬਿਠਾਇਆ।
ਜਾਣਕਾਰੀ ਅਨੁਸਾਰ ਉਕਤ ਦੋਸ਼ੀ ਬਸਤੀ ਦਾਨਿਸ਼ਮੰਦਾਂ ਦੇ ਰਹਿਣ ਵਾਲੇ ਇਕ ਬਜ਼ੁਰਗ ਵਿਅਕਤੀ ਦਾ ਫੋਨ ਖੋਹ ਕੇ ਫਰਾਰ ਹੋ ਗਏ ਸੀ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਮੁਲਜ਼ਮਾਂ ਦਾ ਪਿੱਛਾ ਕੀਤਾ ਅਤੇ ਦਾਨਿਸ਼ਮੰਦਾਂ ਬਾਜ਼ਾਰ ਨੇੜੇ ਦੋਵਾਂ ਨੂੰ ਘੇਰ ਲਿਆ। ਲੋਕਾਂ ਨੇ ਪਹਿਲਾਂ ਦੋਹਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਫਿਰ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਇਕ ਦੋਸ਼ੀ ਸੜਕ ‘ਤੇ ਲੇਟਣ ਲੱਗਾ।
ਪੁਲਿਸ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਦੋਵਾਂ ਦੀਆਂ ਜੇਬਾਂ ਵਿੱਚੋਂ ਨਸ਼ੀਲੇ ਟੀਕੇ ਬਰਾਮਦ ਹੋਏ। ਪੁਲਿਸ ਨੇ ਮੁਲਜ਼ਮਾਂ ਕੋਲੋਂ 4 ਫ਼ੋਨ ਵੀ ਬਰਾਮਦ ਕੀਤੇ ਹਨ। ਥਾਣਾ-5 ਦੀ ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੇ ਨਾਲ ਹੀ ਮੁਲਜ਼ਮ ਕੋਲੋਂ ਇੱਕ ਬਜ਼ੁਰਗ ਵਿਅਕਤੀ ਤੋਂ ਲੁੱਟਿਆ ਗਿਆ ਫ਼ੋਨ ਵੀ ਬਰਾਮਦ ਕਰ ਲਿਆ ਗਿਆ ਹੈ। ਸਬ-ਇੰਸਪੈਕਟਰ ਭੂਸ਼ਣ ਕੁਮਾਰ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਮੁਲਜ਼ਮ ਦਾ ਮੋਟਰਸਾਈਕਲ ਵੀ ਕਬਜ਼ੇ ਵਿੱਚ ਲੈ ਲਿਆ ਹੈ।