‘ਦ ਖ਼ਾਲਸ ਬਿਊਰੋ : ਦ੍ਰੋਪਦੀ ਮੁਰਮੂ ਨੇ ਦੇਸ਼ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਉਹ ਦੇਸ਼ ਦੀ ਪਹਿਲੀ ਮਹਿਲਾ ਕਬਾਇਲੀ ਰਾਸ਼ਟਰਪਤੀ ਬਣ ਗਈ ਹੈ। ਉਹਨਾਂ ਨੇ ਆਪਣੇ ਵਿਰੋਧੀ ਯਸ਼ਵੰਤ ਸਿਨਹਾ ਨੂੰ ਵੱਡੇ ਫਰਕ ਨਾਲ ਹਰਾ ਕੇ ਇਹ ਜਿੱਤ ਹਾਸਲ ਕੀਤੀ ਹੈ। ਹੁਣ ਇਸ ਜਿੱਤ ਤੋਂ ਬਾਅਦ ਦ੍ਰੋਪਦੀ ਮੁਰਮੂ ਸੋਮਵਾਰ 25 ਜੁਲਾਈ 2022 ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ। ਰਾਸ਼ਟਰਪਤੀ ਚੋਣ ‘ਚ ਉਨ੍ਹਾਂ ਦੀ ਜਿੱਤ ਨਾਲ ਐੱਨਡੀਏ ‘ਚ ਖੁਸ਼ੀ ਦੀ ਲਹਿਰ ਹੈ, ਉਥੇ ਹੀ ਦੇਸ਼ ਦੇ ਸਾਰੇ ਸੂਬਿਆਂ ਦੇ ਨੇਤਾਵਾਂ ਨੇ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਹੈ ਅਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਹੁਣ 25 ਜੁਲਾਈ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣ ਤੋਂ ਬਾਅਦ ਮੁਰਮੂ ਸੰਵਿਧਾਨ ਦੇ ਸਰਵਉੱਚ ਅਹੁਦੇ ਦਾ ਕਾਰਜਕਾਲ ਸੰਭਾਲਣਗੇ ।
ਨਵ-ਨਿਯੁਕਤ ਰਾਸ਼ਟਰਪਤੀ ਦਰੋਪਦੀ ਮੁਰਮੂ ਸੋਮਵਾਰ ਨੂੰ ਦੇਸ਼ ਦੇ ਸਰਵਉੱਚ ਸੰਵਿਧਾਨਕ ਅਹੁਦੇ ਲਈ ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਜਾਵੇਗੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸਮਾਰੋਹ ਸੋਮਵਾਰ ਨੂੰ ਸਵੇਰੇ 10.15 ਵਜੇ ਸੰਸਦ ਦੇ ਸੈਂਟਰਲ ਹਾਲ ਵਿੱਚ ਹੋਵੇਗਾ, ਜਿੱਥੇ ਚੀਫ਼ ਜਸਟਿਸ ਐੱਨਵੀ ਰਾਮੰਨਾ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਇਸ ਤੋਂ ਬਾਅਦ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਰਾਸ਼ਟਰਪਤੀ ਦਾ ਭਾਸ਼ਣ ਹੋਵੇਗਾ।