ਦਿੱਲੀ ਤੋਂ ਮਾਂ-ਪੁੱਤ ਦੇ ਰਿਸ਼ਤੇ ਨੂੰ ਤਾਰ ਤਾਰ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਜਿੱਥੇ ਇੱਕ ਨੌਜਵਾਨ ਨੇ ਆਪਣੀ ਹੀ ਮਾਂ ਦਾ ਕਤਲ ਕਰ ਦਿੱਤਾ। ਉੱਤਰ-ਪੂਰਬੀ ਦਿੱਲੀ ਦੇ ਦਿਆਲਪੁਰ ਇਲਾਕੇ ਵਿੱਚ ਪੈਸਿਆਂ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਇੱਕ ਨਸ਼ੇੜੀ ਨੇ ਆਪਣੀ ਮਾਂ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੋਨੂੰ (40) ਨੂੰ ਆਪਣੀ 65 ਸਾਲਾ ਮਾਂ ਦੀ ਹੱਤਿਆ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਰਾਤ ਨੂੰ ਕਰੀਬ 9 ਵਜੇ ਦਿਆਲਪੁਰ ਥਾਣੇ ਨੂੰ ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ, ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਉੱਥੇ ਬਜ਼ੁਰਗ ਔਰਤ ਨੂੰ ਮ੍ਰਿਤਕ ਪਾਇਆ।
ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸੋਨੂੰ, ਜੋ ਕਿ ਪੇਸ਼ੇ ਤੋਂ ਡਰਾਈਵਰ ਸੀ, ਇਸ ਸਮੇਂ ਬੇਰੁਜ਼ਗਾਰ ਸੀ ਅਤੇ ਨਸ਼ੇ ਦਾ ਆਦੀ ਸੀ ਅਤੇ ਅਕਸਰ ਆਪਣੀ ਮਾਂ ਨਾਲ ਪੈਸਿਆਂ ਨੂੰ ਲੈ ਕੇ ਝਗੜਾ ਕਰਦਾ ਰਹਿੰਦਾ ਸੀ।
ਪੁਲਿਸ ਅਨੁਸਾਰ ਸ਼ੁੱਕਰਵਾਰ ਰਾਤ ਨੂੰ ਵੀ ਉਨ੍ਹਾਂ ਵਿਚਕਾਰ ਝਗੜਾ ਹੋਇਆ ਅਤੇ ਇਸ ਦੌਰਾਨ ਸੋਨੂੰ ਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ। ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਜੀਟੀਬੀ ਹਸਪਤਾਲ ਲਿਜਾਇਆ ਗਿਆ ਹੈ।