ਪੰਜਾਬ ਅਤੇ ਚੰਡੀਗੜ੍ਹ ਵਿੱਚ 25 ਦਸੰਬਰ 2025 ਨੂੰ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਮੌਸਮ ਵਿਭਾਗ (IMD) ਨੇ ਧੁੰਦ ਅਤੇ ਸੀਤ ਲਹਿਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ, ਜਦਕਿ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਘੱਟੋ-ਘੱਟ ਤਾਪਮਾਨ ਵਿੱਚ 1.5 ਡਿਗਰੀ ਸੈਲਸੀਅਸ ਦੀ ਗਿਰਾਵਟ ਨਾਲ ਠੰਢ ਦੀ ਦੋਹਰੀ ਮਾਰ ਪੈ ਰਹੀ ਹੈ।
ਗੁਰਦਾਸਪੁਰ ਸੂਬੇ ਦਾ ਸਭ ਤੋਂ ਠੰਢਾ ਇਲਾਕਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਦਮਪੁਰ ਅਤੇ ਬਠਿੰਡਾ ਵਿੱਚ ਸੰਘਣੀ ਧੁੰਦ ਕਾਰਨ ਦ੍ਰਿਸ਼ਟੀ ਬਹੁਤ ਘੱਟ ਰਹੀ, ਜਿੱਥੇ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਤੱਕ ਪਹੁੰਚਿਆ। ਪਠਾਨਕੋਟ, ਆਦਮਪੁਰ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਦ੍ਰਿਸ਼ਟੀ 100 ਮੀਟਰ ਤੱਕ ਸੀਮਤ ਰਹੀ।
ਸੂਬੇ ਵਿੱਚ ਘੱਟੋ-ਘੱਟ ਤਾਪਮਾਨ 5 ਤੋਂ 10 ਡਿਗਰੀ ਸੈਲਸੀਅਸ ਵਿਚਕਾਰ ਰਿਹਾ।ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਛਾਈ ਰਹੀ। ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਰੂਪਨਗਰ ਅਤੇ ਮੋਹਾਲੀ ਵਿੱਚ ਵੀ ਧੁੰਦ ਨੇ ਆਵਾਜਾਈ ਨੂੰ ਪ੍ਰਭਾਵਿਤ ਕੀਤਾ। ਮੌਸਮ ਵਿਭਾਗ ਅਨੁਸਾਰ ਅਗਲੇ ਸੱਤ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ, ਪਰ ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਹੋਰ ਘਟ ਸਕਦਾ ਹੈ। ਇਸ ਤੋਂ ਬਾਅਦ ਕੋਈ ਵੱਡਾ ਬਦਲਾਅ ਨਹੀਂ ਆਵੇਗਾ। 27 ਦਸੰਬਰ ਨੂੰ ਪੱਛਮੀ ਗੜਬੜੀ ਸਰਗਰਮ ਹੋਣ ਨਾਲ ਤਾਪਮਾਨ ਥੋੜ੍ਹਾ ਵਧ ਸਕਦਾ ਹੈ।
26 ਦਸੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਰੂਪਨਗਰ, ਸੰਗਰੂਰ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੁਕਤਸਰ ਲਈ ਸੀਤ ਲਹਿਰ ਦੀ ਚੇਤਾਵਨੀ ਵੀ ਜਾਰੀ ਹੈ। ਧੁੰਦ ਕਾਰਨ ਆਵਾਜਾਈ ਅਤੇ ਸਿਹਤ ਨੂੰ ਖਤਰਾ ਵਧਿਆ ਹੈ, ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

