ਮੋਗਾ : ਮਨੀਪੁਰ ‘ਚ ਹਿੰਸਾ ਖਿਲਾਫ ਪੰਜਾਬ ਬੰਦ ਦੌਰਾਨ ਮੋਗਾ ‘ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗੋਲੀ ਲੱਗਣ ਨਾਲ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇੱਕ ਦੁਕਾਨ ਨੂੰ ਕੁੱਝ ਪ੍ਰਦਰਸ਼ਨਕਾਰੀ ਧੱਕੇ ਨਾਲ ਬੰਦ ਕਰਵਾਉਣ ਗਏ ਸਨ, ਜਿਸ ਦੌਰਾਨ ਦੁਕਾਨ ਮਾਲਕ ਨਾਲ ਝੜਪ ਹੋ ਗਈ। ਦੋਸ਼ ਹੈ ਕਿ ਪ੍ਰਦਰਸ਼ਨਕਾਰੀਆਂ ‘ਤੇ ਦੁਕਾਨ ਮਾਲਕ ਨੇ ਗੋਲੀ ਚਲਾ ਦਿੱਤੀ, ਜੋ ਕਿ ਇੱਕ ਪ੍ਰਦਰਸ਼ਨਕਾਰੀ ਨੂੰ ਲੱਗੀ।
ਪ੍ਰਦਰਸ਼ਨਕਾਰੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਅਤੇ ਉਹਨੂੰ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੰਜਾਬ ’ਚ ਮਨੀਪੁਰ ਵਿੱਚ ਹੋਈ ਹਿੰਸਾ ਦੇ ਵਿਰੋਧ ਵਿੱਚ ਵਾਲਮੀਕੀ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ ’ਤੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ ।
ਇਸੇ ਦੌਰਾਨ ਪ੍ਰਦਰਸ਼ਨਕਾਰੀ ਦੁਕਾਨ ਬੰਦ ਕਰਵਾਉਣ ਲਈ ਕੋਟ ਈਸੇ ਖਾਂ ਗਏ ਹੋਏ ਸਨ। ਇੱਥੇ ਉਨ੍ਹਾਂ ਦੀ ਮੋਬਾਈਲਾਂ ਦੀ ਦੁਕਾਨ ਚਲਾਉਣ ਵਾਲੇ ਦੁਕਾਨਦਾਰ ਨਾਲ ਬਹਿਸ ਹੋ ਗਈ। ਇਸ ਦੌਰਾਨ ਦੁਕਾਨਦਾਰ ਨੇ ਗੋਲੀ ਚਲਾ ਦਿੱਤੀ ਜੋ ਇੱਕ ਪ੍ਰਦਰਸ਼ਨਕਾਰੀ ਨੂੰ ਲੱਗੀ। ਜਿਸ ਕਾਰਨ ਉਹ ਜ਼ਖਮੀ ਹੋ ਗਿਆ।
ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ।ਦੂਜੇ ਪਾਸੇ ਭੜਕੇ ਪ੍ਰਦਰਸ਼ਨਕਾਰੀਆਂ ਨੇ ਕੋਟ ਈਸੇ ਖਾਂ ਚੌਕ ਜਾਮ ਕਰ ਦਿੱਤਾ ਹੈ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।
ਬੰਦ ਦਾ ਸੱਦਾ ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਵੱਲੋਂ ਸਾਂਝੇ ਤੌਰ ’ਤੇ ਦਿੱਤਾ ਗਿਆ ਹੈ। ਬੰਦ ਦੇ ਸੱਦੇ ਦੇ ਮੱਦੇਨਜ਼ਰ ਕਈ ਥਾਵਾਂ ‘ਤੇ ਸਰਕਾਰੀ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਨੂੰ ਵੀ ਬੰਦ ਰੱਖਿਆ ਗਿਆ ਹੈ।
ਜਲੰਧਰ, ਬਰਨਾਲਾ ਅਤੇ ਗੁਰਦਾਸਪੁਰ ਵਿੱਚ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। ਜਲੰਧਰ ਦੇ ਸਾਰੇ ਪ੍ਰਮੁੱਖ ਬਾਜ਼ਾਰ ਬੰਦ ਰਹੇ। ਇਸ ਦੇ ਨਾਲ ਹੀ ਇੱਥੇ ਜਥੇਬੰਦੀਆਂ ਨੇ ਜਲੰਧਰ-ਦਿੱਲੀ ਹਾਈਵੇਅ 10 ਮਿੰਟ ਲਈ ਜਾਮ ਕਰ ਦਿੱਤਾ। ਬੰਦ ਸਮਰਥਕਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਹਨ।