ਪੰਜਾਬ ਵਿੱਚ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ ਤੇ ਇਸ ਦੌਰਾਨ ਸਰਕਾਰ ਵੱਲੋਂ ਸਕੂਲਾਂ ਨੂੰ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ ਹਨ। 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ ਤੇ ਇਸ ਦੌਰਾਨ ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅਧਿਆਪਕ ਤੇ ਵਿਦਿਆਰਥੀ ਆਪੋ-ਆਪਣੇ ਘਰਾਂ ਤੋਂ ਯੋਗ ਦਿਵਸ ‘ਚ ਹਿੱਸਾ ਲੈਣਗੇ।
ਦਰਅਸਲ ਭਾਰਤ ਸਰਕਾਰ ਵੱਲੋਂ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ। ਇਸ ਵਿੱਚ ਪੰਜਾਬ ਸਮੇਤ ਦੇਸ਼ ਭਰ ਦੇ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਹਿੱਸਾ ਲੈਂਦੇ ਹਨ ਪਰ ਇਸ ਸਮੇਂ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਸੋ ਸਿੱਖਿਆ ਵਿਭਾਗ ਨੇ ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਕੂਲਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਧਿਆਪਕ ਅਤੇ ਵਿਦਿਆਰਥੀ ਆਪਣੇ-ਆਪਣੇ ਘਰਾਂ ਤੋਂ ਯੋਗ ਦਿਵਸ ‘ਚ ਹਿੱਸਾ ਲੈਣ।
ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ’ਤੇ ਵੱਖ-ਵੱਖ ਗਤੀਵਿਧੀਆਂ ਤੇ ਪ੍ਰੋਗਰਾਮ ਆਯੋਜਿਤ ਕਰਵਾਏ ਜਾਣ ਅਤੇ ਯੋਗ ਦੇ ਲਾਭਾਂ ਬਾਰੇ ਜਾਗਰੂਕਤਾ ਫੈਲਾਈ ਜਾਵੇ।
ਵਿਭਾਗ ਮੁਤਾਬਕ ਯੋਗ ਦਿਵਸ ਵਿੱਚ ਹਿੱਸਾ ਲੈਣ ਵਾਲੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸੂਚਨਾ ਵਿਭਾਗ ਵੱਲੋਂ ਭੇਜੇ ਜਾ ਰਹੇ Google Spreadsheet Link ਵਿੱਚ 21 ਤਾਰੀਖ਼ ਸ਼ਾਮ ਨੂੰ 5 ਵਜੇ ਤੱਕ ਭਰਨੀ ਲਾਜ਼ਮੀ ਹੈ।