‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੋਣ ਕਮਿਸ਼ਨ ਨੇ ਕੇਂਦਰੀ ਸੁਰੱਖਿਆ ਬਲਾਂ ਖ਼ਿਲਾਫ਼ ਟਿੱਪਣੀ ਕਰਨ ’ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇੱਕ ਨੋਟਿਸ ਜਾਰੀ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਸੂਬੇ ਵਿੱਚ ਚੋਣ ਡਿਊਟੀ ’ਤੇ ਤਾਇਨਾਤ ਕੇਂਦਰੀ ਹਥਿਆਰਬੰਦ ਪੁਲਿਸ ਫੋਰਸ ਖ਼ਿਲਾਫ਼ ਕਥਿਤ ਟਿੱਪਣੀ ਕਰਨ ਨੂੰ ਗਲਤ ਕਰਾਰ ਦਿੱਤਾ ਹੈ। ਚੋਣ ਕਮਿਸ਼ਨ ਵੱਲੋਂ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਮਮਤਾ ਬੈਨਰਜੀ ਨੇ ਕੇਂਦਰੀ ਬਲਾਂ ਖ਼ਿਲਾਫ਼ ਟਿੱਪਣੀਆਂ ਕਰਦਿਆਂ ਭਾਰਤੀ ਦੰਡਾਵਲੀ ਦੀਆਂ ਕਈ ਧਾਰਾਵਾਂ ਦੀ ਉਲੰਘਣਾ ਕੀਤੀ ਹੈ। ਬੈਨਰਜੀ ਨੂੰ ਕੱਲ੍ਹ ਸਵੇਰੇ 11 ਵਜੇ ਤੱਕ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਗਿਆ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੋਟਰਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੰਦਿਆਂ ਕਿਹਾ ਸੀ ਕਿ ਕੇਂਦਰੀ ਨੀਮ ਫੌਜੀ ਦਸਤਿਆਂ ਦੇ ਜਵਾਨ ਪਿੰਡਾਂ ਦੇ ਲੋਕਾਂ ਨੂੰ ਡਰਾਉਣ-ਧਮਕਾਉਣ ਲਈ ਪਹੁੰਚ ਸਕਦੇ ਹਨ।