ਲੁਧਿਆਣਾ – ਸ਼੍ਰੋਮਣੀ ਅਕਾਲੀ ਦਲ (SAD) ਨੂੰ ਪੰਜਾਬ ਬਚਾਓ ਰੈਲੀ ਦੌਰਾਨ ਬੱਚਿਆਂ ਕੋਲੋਂ ਨਾਅਰੇ ਲਗਵਾਉਣ ਮਹਿੰਗੇ ਪੈ ਰਹੇ ਹਨ। ਜਿਸ ਸਬੰਧੀ ਆਮ ਆਦਮੀ ਪਾਰਟੀ (AAP) ਦੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਅਕਾਲੀ ਦਲ ਨੂੰ ਨੋਟਿਸ ਭੇਜਿਆ ਗਿਆ ਹੈ। ਜਿਸ ਵਿੱਚ ਬੱਚਿਆਂ ਕੋਲੋਂ ਨਾਅਰੇ ਲਗਵਾਉਣ ਦੇ ਮਾਮਲੇ ਵਿੱਚ ਜਵਾਬ ਮੰਗਿਆ ਗਿਆ ਹੈ।
ਟਰੈਕਟਰ ਤੇ ਚੜਾ ਕੇ ਲਗਵਾਏ ਸੀ ਨਾਅਰੇ
ਰਾਏਕੋਟ ਵਿੱਚ ਬੱਚਿਆਂ ਵੱਲੋਂ ਟਰੈਕਟਰ ਤੇ ਚੜ੍ਹ ਕੇ ਸ਼੍ਰੋਮਣੀ ਅਕਾਲੀ ਦਲ ਜਿੰਦਾਬਾਦ, ਅਕਾਲੀ ਦਲ ਨੂੰ ਵੋਟ ਦਿਓ ਅਤੇ ਪੰਜਾਬ ਬਚਾਓ ਜਿਹੇ ਨਾਅਰੇ ਲਗਵਾਉਣ ਦੀ ਵੀਡੀਓ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸੋਸ਼ਲ ਮੀਡੀਆ ਤੇ ਪੋਸਟ ਕੀਤੀ ਸੀ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਸੁਖਬੀਰ ਬਾਦਲ ਦੇ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਸੂਬੇ ਦੇ ਰਿਟਰਨਿੰਗ ਅਧਿਕਾਰੀ ਨੇ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਨੂੰ ਜਾਂਚ ਦੇ ਆਦੇਸ਼ ਦਿੱਤੇ ਸਨ।
ਸੂਤਰਾਂ ਮੁਤਾਬਕ ਅਕਾਲੀ ਦਲ ਨੇ ਨੋਟਿਸ ਦਾ ਜਵਾਬ ਚੋਣ ਕਮਿਸ਼ਨ ਨੂੰ ਭੇਜ ਦਿੱਤਾ ਹੈ, ਪਰ ਚੋਣ ਕਮਿਸ਼ਨ ਇਸ ਜਵਾਬ ਤੋਂ ਸੁਤੰਸ਼ਟ ਨਹੀਂ ਹੈ।
ਚੋਣ ਪ੍ਰਚਾਰ ਲਈ ਬੱਚਿਆਂ ਦੀ ਵਰਤੋਂ ਕਰਨਾ ਗਲਤ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਅਕਾਲੀ ਦਲ ਵੱਲੋਂ ਜਗਰਾਉਂ-ਰਾਏਕੋਟ ਇਲਾਕੇ ਵਿੱਚ ਕੱਢੀ ਗਈ ਪੰਜਾਬ ਬਚਾਓ ਯਾਤਰਾ ਵਿੱਚ ਬੱਚਿਆਂ ਨੂੰ ਸਿਆਸਤ ਨਾਲ ਜੋੜ ਕੇ ਸਿੱਧੇ ਤੌਰ ’ਤੇ ਪ੍ਰਚਾਰ ਕੀਤਾ ਗਿਆ ਹੈ। ਜਦ ਕਿ ਬੱਚਿਆਂ ਤੋਂ ਇਸ ਤਰ੍ਹਾਂ ਪ੍ਰਚਾਰ ਕਰਵਾਉਣਾ ਚੋਣ ਕਮਿਸ਼ਨ ਦੀਆਂ ਨੀਤੀਆਂ ਦੇ ਉਲਟ ਹੈ। ਚੀਮਾ ਦੀ ਸ਼ਿਕਾਇਤ ਤੋਂ ਬਾਅਦ ਅਧਿਕਾਰੀਆਂ ਨੇ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ।