The Khalas Tv Blog India ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਮੇਜਰ , DSP ਅਤੇ ਪੰਜਾਬ ਦੇ ਕਰਨਲ ਮਨਪ੍ਰੀਤ ਸਿੰਘ ਨੂੰ ਲੈ ਕੇ ਆਈ ਇਹ ਮਾੜੀ ਖਬਰ..
India

ਜੰਮੂ-ਕਸ਼ਮੀਰ ਦੇ ਅਨੰਤਨਾਗ ‘ਚ ਮੇਜਰ , DSP ਅਤੇ ਪੰਜਾਬ ਦੇ ਕਰਨਲ ਮਨਪ੍ਰੀਤ ਸਿੰਘ ਨੂੰ ਲੈ ਕੇ ਆਈ ਇਹ ਮਾੜੀ ਖਬਰ..

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਇਲਾਕੇ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਜੰਮੂ-ਕਸ਼ਮੀਰ ਪੁਲਿਸ ਦੇ ਇਕ ਕਰਨਲ, ਮੇਜਰ ਅਤੇ ਡਿਪਟੀ ਸੁਪਰਡੈਂਟ ਸ਼ਹੀਦ ਹੋ ਗਏ ਹਨ। ਅਧਿਕਾਰੀਆਂ ਨੇ ਬੁੱਧਵਾਰ ਸ਼ਾਮ ਨੂੰ ਇਹ ਜਾਣਕਾਰੀ ਦਿੱਤੀ।ਅਧਿਕਾਰੀ ਨੇ ਦੱਸਿਆ ਕਿ ਗੋਲ਼ੀਬਾਰੀ ‘ਚ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼, ਜੰਮੂ-ਕਸ਼ਮੀਰ ਪੁਲਿਸ ਦੇ ਡਿਪਟੀ ਸੁਪਰਡੈਂਟ ਹੁਮਾਯੂ ਭੱਟ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਫ਼ੌਜ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਪੁਖ਼ਤਾ ਸੂਚਨਾ ਮਿਲਣ ਤੋਂ ਬਾਅਦ ਕਾਰਵਾਈ ਸ਼ੁਰੂ ਕੀਤੀ ਸੀ। ਇਸ ਆਪ੍ਰੇਸ਼ਨ ਦੀ ਨਿਗਰਾਨੀ ਕਰਨ ਲਈ ਕਮਾਂਡਿੰਗ ਅਫ਼ਸਰ ਕਰਨਲ ਮਨਪ੍ਰੀਤ ਸਿੰਘ ਖ਼ੁਦ ਮੌਕੇ ‘ਤੇ ਪਹੁੰਚੇ ਸਨ ਪਰ ਜਿਵੇਂ ਹੀ ਉਹ ਆਪਣੀ ਗੱਡੀ ਤੋਂ ਹੇਠਾਂ ਉੱਤਰੇ ਤਾਂ ਅੱਤਵਾਦੀਆਂ ਨੇ ਤੇਜ਼ੀ ਨਾਲ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ ਅਤੇ ਗੋਲ਼ੀਬਾਰੀ ਦੇ ਪਹਿਲੇ ਹੀ ਧਮਾਕੇ ‘ਚ ਉਨ੍ਹਾਂ ਨੂੰ ਗੋਲੀ ਲੱਗ ਗਈ। ਘਟਨਾ ਸਥਾਨ ‘ਤੇ ਸੰਘਣਾ ਜੰਗਲ ਹੋਣ ਕਾਰਨ ਉਨ੍ਹਾਂ ਨੂੰ ਤੁਰੰਤ ਬਾਹਰ ਨਹੀਂ ਕੱਢਿਆ ਜਾ ਸਕਿਆ। ਦੱਸਿਆ ਜਾ ਰਿਹਾ ਹੈ ਕਿ ਜ਼ਿਆਦਾ ਖ਼ੂਨ ਵਹਿਣ ਕਾਰਨ ਉਸ ਦੀ ਮੌਤ ਹੋ ਗਈ।

ਨਿਊਜ਼ ਏਜੰਸੀ ਪੀਟੀਆਈ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਕਿ ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ ਹੀ ਰਾਜੌਰੀ ਵਿੱਚ ਇੱਕ ਮੁਕਾਬਲੇ ਦੌਰਾਨ ਇੱਕ ਹੋਰ ਅੱਤਵਾਦੀ ਨੂੰ ਮਾਰ ਦਿੱਤਾ ਸੀ। ਇਸ ਨਾਲ ਰਾਜੌਰੀ ਜ਼ਿਲ੍ਹੇ ਦੇ ਦੂਰ-ਦੁਰਾਡੇ ਪਿੰਡ ਨਾਰਲਾ ਵਿੱਚ ਤਿੰਨ ਦਿਨ ਚੱਲੇ ਆਪ੍ਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ ਤਿੰਨ ਹੋ ਗਈ ਹੈ।

ਫ਼ੌਜ ਵੱਲੋਂ ਦੱਸਿਆ ਗਿਆ ਕਿ ਕਰਨਲ ਮਨਪ੍ਰੀਤ ਸਿੰਘ ਸਾਲ 2019 ਤੋਂ 2021 ਤੱਕ ਸੈਕੰਡ ਇਨ ਕਮਾਂਡ (2IC) ਵਜੋਂ ਤਾਇਨਾਤ ਸਨ। ਇਸ ਤੋਂ ਬਾਅਦ ਉਹ ਕਮਾਂਡਿੰਗ ਅਫ਼ਸਰ ਵਜੋਂ 19 ਆਰਆਰ ਦੀ ਵਾਗਡੋਰ ਸੰਭਾਲ ਰਹੇ ਸਨ। ਉਹ ਇੱਕ ਡੈਕੋਰੇਟਿਡ ਫ਼ੌਜੀ ਅਧਿਕਾਰੀ ਸਨ, ਜਿਨ੍ਹਾਂ ਨੂੰ ਸੈਨਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਮੇਜਰ ਇੱਕ ਸਜੇ ਅਧਿਕਾਰੀ ਵੀ ਸਨ, ਜਿਨ੍ਹਾਂ ਨੂੰ 15 ਅਗਸਤ ਨੂੰ ਸੈਨਾ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਅਗਲੇ ਵਿਸ਼ੇਸ਼ ਸਮਾਰੋਹ ਵਿੱਚ ਸੈਨਾ ਮੈਡਲ ਨਾਲ ਸਨਮਾਨਿਤ ਕੀਤਾ ਜਾਣਾ ਸੀ।

ਕੇਂਦਰੀ ਟਰਾਂਸਪੋਰਟ ਰਾਜ ਮੰਤਰੀ ਅਤੇ ਸਾਬਕਾ ਫ਼ੌਜ ਮੁਖੀ ਜਨਰਲ (ਸੇਵਾਮੁਕਤ) ਵੀਕੇ ਸਿੰਘ ਨੇ ਟਵੀਟ ਕਰਕੇ ਕਰਨਲ ਮਨਪ੍ਰੀਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਪੋਸਟ ‘ਚ ਲਿਖਿਆ, ’19 RR 12 ਸਿੱਖਲੀ ਇੰਡੀਅਨ ਆਰਮੀ ਮੈਡਲ ਨਾਲ ਸਨਮਾਨਿਤ ਕਰਨਲ ਮਨਪ੍ਰੀਤ ਸਿੰਘ ਨੇ ਕਸ਼ਮੀਰ ਦੇ ਅਨੰਤਨਾਗ ‘ਚ ਅੱਤਵਾਦੀਆਂ ਨਾਲ ਲੜਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਇਸ ਦੁਖਦਾਈ ਖ਼ਬਰ ਨਾਲ ਦੇਸ਼ ਸਦਮੇ ‘ਚ ਹੈ। ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਪਾਬੰਦੀ ਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਰੇਸਿਸਟੈਂਸ ਫ਼ਰੰਟ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਸੂਤਰਾਂ ਮੁਤਾਬਕ ਇਹ ਉਹੀ ਅੱਤਵਾਦੀ ਸਮੂਹ ਹੈ ਜਿਸ ਨੇ ਰਮਜ਼ਾਨ ਦੇ ਮਹੀਨੇ ਰਾਜੌਰੀ ‘ਚ ਫ਼ੌਜ ਦੇ ਇਕ ਟਰੱਕ ‘ਤੇ ਹਮਲਾ ਕੀਤਾ ਸੀ, ਜਿਸ ‘ਚ 5 ਜਵਾਨ ਸ਼ਹੀਦ ਹੋ ਗਏ ਸਨ।

Exit mobile version