‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਏ ਦਿਨ ਹੀ ਨਵੇਂ ਮਾਪਦੰਡ ਆਪਣਾਏ ਜਾ ਰਹੇ ਹਨ। ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ, 2020 ਨਵੇਂ ਪਾਰਲੀਮੈਂਟ ਸੈਸ਼ਨ ਵਿੱਚ ਲਿਆਂਦਾ ਜਾ ਰਿਹਾ ਹੈ। ਪੰਜਾਬ ਸਰਕਾਰ ਨੂੰ ਇਸ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ, ਇਸ ਬਾਰੇ ਮੁਲਾਜ਼ਮਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ। ਕੇਂਦਰ ਸਰਕਾਰ ਵੱਲੋਂ ਨਿੱਜੀਕਰਨ ਦੀਆਂ ਨੀਤੀਆਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਤੁਹਾਡੀ ਇਹ ਮੰਗ ਮੰਨ ਲਈ ਗਈ ਹੈ। ਕਿਸਾਨਾਂ ‘ਤੇ ਐੱਫਸੀਆਈ ਦੇ ਨਾਮ ‘ਤੇ ਪਾਬੰਦੀਆਂ ਮੜੀਆਂ ਗਈਆਂ ਸਨ। ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਖਰਾਬ ਕਰਨ ਲਈ ਬਹੁਤ ਯਤਨ ਕਰ ਰਹੀ ਹੈ।
ਕਿਸਾਨ ਲੀਡਰ ਸਰਵਣ ਸਿੰਘ ਪੰਧੇਰ ਨੇ ਕੱਲ੍ਹ ਰਾਜਸਥਾਨ ਵਿੱਚ ਰਾਕੇਸ਼ ਟਿਕੈਤ ‘ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਪੰਧੇਰ ਨੇ 5 ਮਈ ਨੂੰ ਆਪਣੀ ਜਥੇਬੰਦੀ ਦਾ ਦਸਵਾਂ ਜਥਾ ਕਪੂਰਥਲਾ, ਜਲੰਧਰ, ਮੋਗਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਤੋਂ ਦਿੱਲੀ ਮੋਰਚੇ ਨੂੰ ਕੂਚ ਕਰਨ ਦਾ ਐਲਾਨ ਕੀਤਾ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬੇਘੇਵਾਲ, ਜ਼ੋਨ ਮਜੀਠਾ ਵਿੱਚ ਮੋਦੀ ਸਰਕਾਰ ਦੀ ਅਰਥੀ ਵੀ ਫੂਕੀ ਗਈ। ਪੰਧੇਰ ਨੇ ਕਿਹਾ ਕਿ ਕੱਲ੍ਹ ਰਾਜਸਥਾਨ ਵਿੱਚ ਕਿਸਾਨ ਲੀਡਰ ਰਾਕੇਸ਼ ਟਿਕੈਤ ‘ਤੇ ਹੋਏ ਹਮਲੇ, ਬਿਜਲੀ ਸੋਧ ਬਿੱਲ 2020 ਨੂੰ ਮੁੜ ਤੋਂ ਪਾਰਲੀਮੈਂਟ ਵਿੱਚ ਲਿਆਉਣ ਅਤੇ ਕੱਲ੍ਹ ਗ੍ਰਹਿ ਮੰਤਰਾਲੇ ਵੱਲੋਂ ਪੰਜਾਬੀਆਂ ਦੇ ਖਿਲਾਫ ਜਾਰੀ ਕੀਤੀ ਗਈ ਚਿੱਠੀ ਦੇ ਖਿਲਾਫ ਇਹ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਹੈ। ਇਸ ਮੌਕੇ ਔਰਤਾਂ ਵੀ ਸ਼ਾਮਿਲ ਹੋਈਆਂ।