‘ਦ ਖ਼ਾਲਸ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau) ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਬਚਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਬਿਊਰੋ ਨੇ ਦੇਰ ਰਾਤ ਕਾਬੂ ਕੀਤਾ ਹੈ।
ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ Chief Director ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਮਨਮੋਹਨ ਕੁਮਾਰ ਦੇ ਬਿਆਨਾਂ ‘ਤੇ ਸਾਬਕਾ ਮੰਤਰੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਅਧੀਨ ਐਫ.ਆਈ.ਆਰ ਨੰਬਰ 19, ਮਿਤੀ 15-10-2022 ਨੂੰ ਦਰਜ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਏਆਈਜੀ ਮਨਮੋਹਨ ਕੁਮਾਰ ਨੇ ਸ਼ਿਕਾਇਤ ਕੀਤੀ ਹੈ ਕਿ ਅਰੋੜਾ 14 ਅਕਤੂਬਰ, 2022 ਨੂੰ ਉਸ ਨੂੰ ਮਿਲਿਆ ਸੀ ਉਸ ਨੂੰ (ਏਆਈਜੀ) ਇੱਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ।
ਉਨ੍ਹਾਂ ਨੇ ਕਿਹਾ ਕਿ ਸਾਬਕਾ ਮੰਤਰੀ ਨੇ ਅਗਲੇ ਦਿਨ ਭਾਵ 15 ਅਕਤੂਬਰ, 2022 ਨੂੰ 50 ਲੱਖ ਰੁਪਏ ਅਤੇ ਬਾਕੀ ਰਕਮ ਬਾਅਦ ਵਿੱਚ ਦੇਣ ਦੀ ਪੇਸ਼ਕਸ਼ ਕੀਤੀ। ਇਸ ਮਾਮਲੇ ਵਿੱਚ ਅਰੋੜਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 50 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਅਰੋੜਾ ਖ਼ਿਲਾਫ਼ ਭ੍ਰਿਸ਼ਟਾਚਾਰ ਨੂੰ ਲੈ ਕੇ ਜਾਂਚ ਚੱਲ ਰਹੀ ਸੀ। ਸੁੰਦਰ ਸ਼ਾਮ ਅਰੋੜਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮੰਤਰੀ ਸਨ। ਛੇ ਮਹੀਨਿਆਂ ਵਿੱਚ ਤੀਜੇ ਸਾਬਕਾ ਕਾਂਗਰਸੀ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕੈਪਟਨ ਸਰਕਾਰ ਵਿੱਚ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ ਸੂਬਾ ਵਿਜੀਲੈਂਸ ਬਿਊਰੋ ਨੇ ਅਰੋੜਾ ਨੂੰ ਨੋਟਿਸ ਦਿੱਤਾ ਸੀ। ਨੋਟਿਸ ਤੋਂ ਬਾਅਦ ਸਾਬਕਾ ਉਦਯੋਗ ਮੰਤਰੀ ਅਤੇ ਭਾਜਪਾ ਨੇਤਾ ਸੁੰਦਰ ਸ਼ਾਮ ਅਰੋੜਾ ਬੁੱਧਵਾਰ ਨੂੰ ਵਿਜੀਲੈਂਸ ਦਫਤਰ ਪਹੁੰਚੇ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। ਅਧਿਕਾਰੀਆਂ ਨੇ ਉਸ ਤੋਂ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਬਾਰੇ ਸਵਾਲ ਪੁੱਛੇ। ਅਰੋੜਾ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਗਈ।